ਹਰਦੀਪ ਸਿੰਘ ਸੋਢੀ
ਧੂਰੀ 21 ਮਈ
ਕੇਂਦਰ ਸਰਕਾਰ ਵੱਲੋਂ ਲਿਆਂਦੇ ਖੇਤੀ ਕਾਨੂੰਨਾਂ ਤੇ ਹੋਰ ਮੰਗਾਂ ਨੂੰ ਮਨਾਉਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਲੱਡਾ ਟੌਲ ਪਲਾਜ਼ਾ ਕੋਲ ਲੱਗਿਆ ਧਰਨਾ ਹਰਬੰਸ ਸਿੰਘ ਲੱਡਾ ਦੀ ਅਗਵਾਈ ਵਿੱਚ 232ਵੇਂ ਦਿਨ ਵੀ ਜਾਰੀ ਰਿਹਾ। ਇਸ ਮੌਕੇ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੇ ਅੰਦੋਲਨ ਨੂੰ ਕੁਚਲਣ ਲਈ ਕਈ ਤਰੀਕੇ ਦੇ ਹੱਥ ਕੰਢੇ ਵਰਤ ਰਹੀ ਹੈ ਪਰ ਕਿਸਾਨ ਇਨ੍ਹਾਂ ਚਾਲਾ ਨੂੰ ਬੂਰ ਨਹੀਂ ਪੈਣ ਦੇਣਗੇ। ਇਸ ਮੌਕੇ ਗੁਰਜੀਤ ਸਿੰਘ ਲੱਡਾ,ਦਰਸ਼ਨ ਸਿੰਘ ਕਿਲ੍ਹਾ ਹਕੀਮਾਂ, ਜਸਪਾਲ ਸਿੰਘ ਪੇਧਨੀ, ਗੁਰਜੰਟ ਸਿੰਘ, ਰਾਮ ਸਿੰਘ ਕੱਕੜਵਾਲ, ਹਮੀਰ ਸਿੰਘ ਬੇਨੜਾ ਹਾਜ਼ਰ ਸਨ।
ਭਵਾਨੀਗੜ੍ਹ (ਮੇਜਰ ਸਿੰਘ ਮੱਟਰਾਂ): ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਬਲਾਕ ਪ੍ਰਧਾਨ ਅਜੈਬ ਸਿੰਘ ਲੱਖੇਵਾਲ ਦੀ ਅਗਵਾਈ ਹੇਠ ਟੌਲ ਪਲਾਜ਼ਾ ਕਾਲਾਝਾੜ ਵਿਖੇ 232ਵੇਂ ਦਿਨ ਧਰਨੇ ਦੌਰਾਨ ਬਲਾਕ ਪੱਧਰੀ ਮੀਟਿੰਗ ਕੀਤੀ ਗਈ। ਇਸ ਮੌਕੇ ਯੂਨੀਅਨ ਦੇ ਸੂਬਾ ਪ੍ਰਚਾਰ ਸਕੱਤਰ ਜਗਤਾਰ ਸਿੰਘ ਕਾਲਾਝਾੜ ,ਜਨਰਲ ਸਕੱਤਰ ਜਸਵੀਰ ਸਿੰਘ ਗੱਗੜਪੁਰ ਅਤੇ ਮੀਤ ਪ੍ਰਧਾਨ ਜਗਤਾਰ ਸਿੰਘ ਲੱਡੀ ਨੇ ਦੱਸਿਆ ਕਿ 26 ਮਈ ਨੂੰ ਦੇਸ਼ ਭਰ ਅੰਦਰ ਘਰਾਂ, ਵਹੀਕਲਾਂ ਤੇ ਹੋਰ ਵੱਖ ਵੱਖ ਥਾਵਾਂ ’ਤੇ ਕਾਲੇ ਝੰਡੇ ਲਹਿਰਾਉਣ ਦਾ ਸੱਦਾ ਦਿੱਤਾ ਗਿਆ ਹੈ। ਨਾਲ ਹੀ ਉਸ ਦਿਨ ਮੁਲਕ ਭਰ ਦੇ ਪਿੰਡਾਂ ‘ਚ ਮੋਦੀ ਸਰਕਾਰ ਦੀਆਂ ਅਰਥੀਆਂ ਸਾੜਨ ਦਾ ਸੱਦਾ ਵੀ ਹੈ।
ਕਿਸਾਨ ਮੋਰਚਿਆਂ ਵਿੱਚ ਹਾਜ਼ਰੀ ਭਰਨ ਦੀ ਅਪੀਲ
ਅਮਰਗੜ੍ਹ (ਰਾਜਿੰਦਰ ਜੈਦਕਾ): ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਮੀਟਿੰਗ ਨਿਰਮਲ ਸਿੰਘ ਅਲੀਪੁਰ ਤੇ ਕੁਲਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਪਿੰਡਾਂ ਵਿੱਚ ਪੰਜਾਬ ਤੇ ਕੇਂਦਰ ਸਰਕਾਰ ਦੇ ਪੁਤਲੇ ਫੂਕਣ ਅਤੇ ਰੋਸ ਪ੍ਰਦਰਸ਼ਨ ਕਰਨ ਦੇ ਪ੍ਰੋਗਰਾਮ ਉਲੀਕੇ ਗਏ। ਉਨ੍ਹਾਂ ਕਿਹਾ ਕਿ ਕਿਸਾਨ, ਮਜ਼ਦੂਰ ਅਤੇ ਔਰਤਾਂ ਦੇ ਨਾਲ ਨਾਲ ਨੌਜਵਾਨਾਂ ਨੂੰ ਵੱਧ ਤੋਂ ਵੱਧ ਕਿਸਾਨ ਮੋਰਚਿਆਂ ਵਿੱਚ ਜਾਣਾ ਚਾਹੀਦਾ ਹੈ ਤਾਂ ਜੋ ਕਿਸਾਨੀ ਸੰਘਰਸ਼ ਦੀ ਜਿੱਤ ਹੋ ਸਕੇ। ਇਸ ਮੌਕੇ ਦਰਸ਼ਨ ਸਿੰਘ ਰਟੋਲਾਂ, ਇੰਦਰਜੀਤ ਸਿੰਘ ਗੁਆਰਾ, ਲਖਵੀਰ ਸਿੰਘ ਖਾਨਪੁਰ, ਸਤਨਾਮ ਸਿੰਘ ਮਾਣਕਮਾਜਰਾ, ਚਰਨਜੀਤ ਸਿੰਘ ਹਥਨ ਹਾਜ਼ਰ ਸਨ।