ਨਿਜੀ ਪੱਤਰ ਪ੍ਰੇਰਕ
ਸੰਗਰੂਰ, 9 ਫਰਵਰੀ
ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਚੱਲ ਰਹੇ ਰੋਸ ਧਰਨਿਆਂ ਦੌਰਾਨ ਕਿਸਾਨ ਆਗੂਆਂ ਨੇ ਕੇਂਦਰ ਦੀ ਮੋਦੀ ਸਰਕਾਰ ਨੂੰ ਤਾਨਾਸ਼ਾਹ ਕਰਾਰ ਦਿੰਦਿਆਂ ਕਿਸਾਨ, ਮਜ਼ਦੂਰ ਤੇ ਹੋਰ ਸਾਰੇ ਵਰਗਾਂ ਦੇ ਲੋਕਾਂ ਨੂੰ ਕਿਸਾਨ ਅੰਦੋਲਨ ਨੂੰ ਹੋਰ ਤੇਜ਼ ਕਰਨ ਦਾ ਸੱਦਾ ਦਿੱਤਾ ਹੈ ਕਿਉਂਕਿ ਕੇਂਦਰ ਸਰਕਾਰ ਦੇਸ਼ ਦੇ ਅੰਨਦਾਤੇ ਦੀਆਂ ਮੰਗਾਂ ਮੰਨਣ ਦੀ ਬਜਾਏ ਕਿਸਾਨਾਂ ਨੂੰ ਬਦਨਾਮ ਕਰ ਰਹੀ ਹੈ ਅਤੇ ਕਿਸਾਨ ਅੰਦੋਲਨ ਨੂੰ ਢਾਹ ਲਾਉਣ ਲਈ ਹਰ ਹਥਕੰਡਾ ਵਰਤ ਰਹੀ ਹੈ। ਇਥੇ ਰੇਲਵੇ ਸਟੇਸ਼ਨ ਨੇੜੇ ਕਿਸਾਨ ਜਥੇਬੰਦੀਆਂ ਵਲੋਂ ਤੇ ਭਾਜਪਾ ਆਗੂ ਦੇ ਘਰ ਅਤੇ ਰਿਲਾਇੰਸ ਪੰਪ ਖੇੜੀ ਅੱਗੇ ਚੱਲ ਰਹੇ ਪੱਕੇ ਰੋਸ ਧਰਨਿਆਂ ਦੌਰਾਨ ਕਿਸਾਨ ਆਗੂਆਂ ਨੇ ਕੇਂਦਰ ਸਰਕਾਰ ਨੂੰ ਤਾਨਾਸ਼ਾਹ ਕਰਾਰ ਦਿੰਦਿਆਂ ਲੋਕਾਂ ਨੂੰ ਸੰਘਰਸ਼ਾਂ ਵਿਚ ਸ਼ਮੂਲੀਅਤ ਦਾ ਸੱਦਾ ਦਿੱਤਾ ਹੈ। ਇਥੇ ਰੇਲਵੇ ਸਟੇਸ਼ਨ ਨੇੜੇ ਰੋਸ ਧਰਨੇ ਨੂੰ ਕਿਸਾਨ ਜਥੇਬੰਦੀਆਂ ਦੇ ਆਗੂਆਂ ਹਰਮੇਲ ਸਿੰਘ ਮਹਿਰੋਕ, ਊਧਮ ਸਿੰਘ ਸੰਤੋਖਪੁਰਾ, ਇੰਦਰਪਾਲ ਸਿੰਘ ਪੁੰਨਾਂਵਾਲ, ਨਿਰਮਲ ਸਿੰਘ ਬਟੜਿਆਣਾ, ਰੋਹੀ ਸਿੰਘ ਮੰਗਵਾਲ, ਗੁਰਬਖਸ਼ੀਸ਼ ਸਿੰਘ ਮਾਸਟਰ ਪਰਮ ਵੇਦ, ਲੱਖਮੀ ਚੰਦ, ਡਾ. ਹਰਪ੍ਰੀਤ ਕੌਰ ਖਾਲਸਾ, ਸੁਰਜੀਤ ਸਿੰਘ ਭੱਠਲ ਆਦਿ ਨੇ ਸੰਬੋਧਨ ਕਰਦਿਆਂ ਕੇਂਦਰ ਸਰਕਾਰ ਦੇ ਜ਼ਿੱਦੀ ਰਵੱਈਏ ਦੀ ਸਖਤ ਅਲੋਚਨਾ ਕੀਤੀ।
ਉਧਰ, ਭਾਕਿਯੂ ਏਕਤਾ ਉਗਰਾਹਾਂ ਦੇ ਰੋਸ ਧਰਨਿਆਂ ਨੂੰ ਸੰਬੋਧਨ ਕਰਦਿਆਂ ਗੋਬਿੰਦਰ ਸਿੰਘ ਮੰਗਵਾਲ, ਸਰੂਪ ਚੰਦ ਕਿਲਾਭਰੀਆਂ, ਗੋਬਿੰਦਰ ਸਿੰਘ ਬਡਰੁੱਖਾਂ, ਗੁਰਦੀਪ ਸਿੰਘ ਕੰਮੋਜਾਰਾ, ਕਰਮਜੀਤ ਸਿੰਘ ਮੰਗਵਾਲ ਨੇ ਕਿਹਾ ਕਿ ਦੇਸ਼ ਦੇ ਅੰਨਦਾਤਾ ਨੂੰ ਖ਼ਿਲਾਫ਼ ਕੇਂਦਰ ਸਰਕਾਰ ਦੇ ਜਬਰ ਦੀ ਕੌਮਾਂਤਰੀ ਪੱਧਰ ’ਤੇ ਅਲੋਚਨਾ ਹੋ ਰਹੀ ਹੈ। ਦੇਸ਼ ਦੇ ਵੱਖ-ਵੱਖ ਰਾਜਾਂ ਤੋਂ ਇਲਾਵਾ ਦੁਨੀਆਂ ਭਰ ’ਚ ਕਿਸਾਨ ਅੰਦੋਲਨ ਦੀ ਹਮਾਇਤ ’ਚ ਲੋਕ ਖੜ੍ਹੇ ਹੋ ਰਹੇ ਹਨ ਪਰ ਸੱਤਾ ਦੇ ਨਸ਼ੇ ’ਚ ਚੂਰ ਭਾਜਪਾ ਸਰਕਾਰ ਵੱਲੋਂ ਅੜੀਅਲ ਰਵੱਈਆ ਅਪਣਾ ਰੱਖਿਆ ਹੈ ਤੇ ਕਿਸਾਨ ਅੰਦੋਲਨ ਨੂੰ ਢਾਹ ਲਾਉਣ ਦੀਆਂ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ ਤੇ ਕਿਸਾਨ ਆਗੂਆਂ ਖ਼ਿਲਾਫ਼ ਸੰਗੀਨ ਧਰਾਵਾਂ ਤਹਿਤ ਕੇਸ ਦਰਜ ਕਰਕੇ ਕਿਸਾਨਾਂ ਦੀ ਆਵਾਜ਼ ਨੂੰ ਦਬਾਉਣ ਲਈ ਹਰ ਹੀਲਾ ਵਰਤਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਨੂੰ ਢਾਹ ਲਾਉਣ ਤੇ ਕਿਸਾਨ ਆਗੂਆਂ ਦੀ ਆਵਾਜ਼ ਦਬਾਉਣ ਲਈ ਕੇਂਦਰ ਸਰਕਾਰ ਜਿੰਨਾ ਵੀ ਜਬਰ ਕਰੇਗੀ, ਇਹ ਸੰਘਰਸ਼ ਉਨਾ ਹੀ ਮਜ਼ਬੂਤ ਹੋਵੇਗਾ।