ਰਮੇਸ਼ ਭਾਰਦਵਾਜ
ਲਹਿਰਾਗਾਗਾ, 29 ਮਈ
ਪਿੰਡ ਗੁਰਨੇ ਖੁਰਦ ਵਿੱਚ ਲੋਕ ਸਭਾ ਹਲਕਾ ਸੰਗਰੂਰ ਤੋਂ ਕਾਂਗਰਸ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਅਤੇ ਕਾਂਗਰਸ ਦੇ ਕਿਸਾਨ ਸੈੱਲ ਦੇ ਕੌਮੀ ਕਨਵੀਨਰ ਤੇ ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਦੇ
ਪੁੱਤਰ ਰਾਹੁਲਇੰਦਰ ਸਿੰਘ ਸਿੱਧੂ ਨੇ ਪਿੰਡਾਂ ’ਚ ਚੋਣ ਪ੍ਰਚਾਰ ਕੀਤਾ। ਉਨ੍ਹਾਂ ਕੇਂਦਰ ਤੇ ਪੰਜਾਬ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਅੱਜ ਕਾਂਗਰਸ ਪਾਰਟੀ ਦੋ ਤਾਨਾਸ਼ਾਹ ਸਰਕਾਰਾਂ ਨਾਲ ਲੜਾਈ ਲੜ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਆਪਣਾ ਹੱਕ ਮੰਗਦੇ ਕਿਸਾਨਾਂ-ਮਜ਼ਦੂਰਾਂ ਨੂੰ ਗੋਲੀਆਂ ਨਾਲ ਭੁੰਨਿਆ ਅਤੇ ਟਰੈਕਟਰ ਤੁੜਵਾਏ। ਉਨ੍ਹਾਂ ਕਿਹਾ ਕਿ ਦੇਸ਼ ਦੇ ਲੋਕ ਮੋਦੀ ਨੂੰ ਪੂਰੀ ਤਰ੍ਹਾਂ ਨਾਕਾਰ ਚੁੱਕੇ ਹਨ ਜਿਸ ਕਰ ਕੇ ਕਾਂਗਰਸ ਤੇ ਸਹਿਯੋਗੀ ਇੰਡੀਆ ਗੱਠਜੋੜ ਦੀ ਸਰਕਾਰ ਬਣਨ ਦੇ ਆਸਾਰ ਬਣ ਗਏ ਹਨ। ਸੁਖਪਾਲ ਖਹਿਰਾ ਨੇ ਕਿਹਾ ਕਿ ਭਾਜਪਾ ਧਰਮ ਦੇ ਨਾਮ ਉੱਪਰ ਵੰਡੀਆਂ ਪਾ ਰਹੀ ਹੈ।
ਰਾਹੁਲ ਸਿਧੂ ਤੇ ਗੁਰਨੇ ਖੁਰਦ ਦੇ ਸਰਪੰਚ ਤੇ ਪੰਚਾਇਤ ਯੂਨੀਅਨ ਦੇ ਸੂਬਾ ਪ੍ਰਧਾਨ ਰਵਿੰਦਰ ਰਿੰਕੂ ਨੇ ਕਿਹਾ ਕਿ ਕਾਂਗਰਸ ਨੇ ਹਲਕੇ ਨੂੰ ਅਜਿਹਾ ਨਿਧੱੜਕ, ਨਿਡਰ ਜਰਨੈਲ ਸੁਖਪਾਲ ਸਿੰਘ ਖਹਿਰਾ ਉਮੀਦਵਾਰ ਦੇ ਰੂਪ ਵਿੱਚ ਦਿੱਤਾ ਹੈ ਜਿਹੜਾ ਬੇਬਾਕੀ ਨਾਲ ਪੰਜਾਬ ਦੇ ਹਿੱਤਾਂ ਦੀ ਗੱਲ ਕਰ ਸਕਦਾ ਹੈ।
ਭਵਾਨੀਗੜ੍ਹ (ਮੇਜਰ ਸਿੰਘ ਮੱਟਰਾਂ): ਇੱਥੋਂ ਨੇੜਲੇ ਪਿੰਡ ਪੰਨਵਾਂ ਵਿੱਚ ਸਾਬਕਾ ਚੇਅਰਮੈਨ ਵਰਿੰਦਰ ਕੁਮਾਰ ਪੰਨਵਾਂ ਦੀ ਅਗਵਾਈ ਹੇਠ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਕਾਂਗਰਸ ਦੇ ਲੋਕ ਸਭਾ ਹਲਕਾ ਸੰਗਰੂਰ ਤੋਂ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਦੀ ਤਾਨਾਸ਼ਾਹੀ ਨੀਤੀਆਂ ਅਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਦੀ ਵਾਅਦਾਖਿਲਾਫੀ ਤੋਂ ਦੇਸ਼ ਅਤੇ ਪੰਜਾਬ ਦੇ ਲੋਕ ਵਿੱਚ ਰੋਹ ਪਾਇਆ ਜਾ ਰਿਹਾ ਹੈ, ਜੋ ਮੌਜੂਦਾ ਲੋਕ ਸਭਾ ਚੋਣਾਂ ਨਤੀਜਿਆਂ ਵਿੱਚ ਸਾਹਮਣੇ ਆਵੇਗਾ।