ਨਿੱਜੀ ਪੱਤਰ ਪ੍ਰੇਰਕ
ਧੂਰੀ, 17 ਨਵੰਬਰ
ਧੂਰੀ ਹਲਕੇ ਦੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਜਸਵੀਰ ਸਿੰਘ ਜੱਸੀ ਸੇਖੋਂ ਨੇ ਅੱਜ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਹੈ ਅਤੇ ਪੂਰੀ ਤਰ੍ਹਾਂ ਸੂਬੇ ਨਾਲ ਸਬੰਧਤ ਹੈ। ਇਸ ਲਈ ‘ਆਪ’ ਸਰਕਾਰ ਹਰਿਆਣਾ ਵਿਧਾਨ ਸਭਾ ਦੀ ਉਸਾਰੀ ਲਈ ਸ਼ਹਿਰ ਵਿੱਚ ਜ਼ਮੀਨ ਅਲਾਟ ਕਰਨ ਦੀ ਕਿਸੇ ਵੀ ਕੋਸ਼ਿਸ਼ ਦੀ ਸਖ਼ਤ ਵਿਰੋਧ ਕਰਦੀ ਹੈ।
ਉਨ੍ਹਾਂ ਕਿਹਾ ਕਿ ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਹੈ ਅਤੇ ਕਿਸੇ ਹੋਰ ਸੂਬੇ ਨੂੰ ਇੱਥੇ ਵਿਧਾਨ ਸਭਾ ਬਣਾਉਣ ਦਾ ਅਧਿਕਾਰ ਨਹੀਂ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਨੇ ਪੰਚਕੂਲਾ ਵਿੱਚ 12 ਏਕੜ ਜ਼ਮੀਨ ਦੇ ਬਦਲੇ ਚੰਡੀਗੜ੍ਹ ਵਿੱਚ 10 ਏਕੜ ਜ਼ਮੀਨ ਮੰਗੀ ਹੈ।
ਇਹ ਤਜਵੀਜ਼ ਚੰਡੀਗੜ੍ਹ ਵਿੱਚ ਆਪਣਾ ਵਿਧਾਨ ਸਭਾ ਕੰਪਲੈਕਸ ਸਥਾਪਤ ਕਰਨ ਦੇ ਉਨ੍ਹਾਂ ਦੇ ਸਪੱਸ਼ਟ ਏਜੰਡੇ ਦਾ ਹਿੱਸਾ ਹੈ। ‘ਆਪ’ ਇਸ ਕਦਮ ਦਾ ਸਖ਼ਤ ਵਿਰੋਧ ਕਰਦੀ ਹੈ ਅਤੇ ਚੰਡੀਗੜ੍ਹ ਦਾ ਇਕ ਇੰਚ ਵੀ ਹਰਿਆਣਾ ਨੂੰ ਨਹੀਂ ਜਾਣ ਦੇਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਇੱਕ ਅਜਿਹਾ ਸੂਬਾ ਹੈ ਜੋ ਦੇਸ਼ ਲਈ ਆਪਣੀਆਂ ਕੁਰਬਾਨੀਆਂ ਲਈ ਜਾਣਿਆ ਜਾਂਦਾ ਹੈ, ਅਤੇ ਅਸੀਂ ਅੱਜ ਵੀ ਉਸ ਹੱਕ ਲਈ ਲੜਦੇ ਰਹਾਂਗੇ ਜੋ ਅਸਲੀਅਤ ਵਿੱਚ ਸਾਡਾ ਹੈ।