ਮੁਕੰਦ ਸਿੰਘ ਚੀਮਾ
ਸੰਦੌੜ, 12 ਮਾਰਚ
ਮੁੱਢਲਾ ਸਿਹਤ ਕੇਂਦਰ ਫਤਹਿਗੜ੍ਹ ਪੰਜਗਰਾਈਆਂ ਦੀ ਟੀਮ ਨੇ ਸੀਨੀਅਰ ਮੈਡੀਕਲ ਅਫ਼ਸਰ ਡਾ. ਜੀਐੱਸ ਭਿੰਡਰ ਦੀ ਅਗਵਾਈ ਹੇਠ ਤੰਬਾਕੂ ਰੋਕੂ ਐਕਟ ਕੋਟਪਾ ਅਧੀਨ ਪਿੰਡ ਕੁਠਾਲਾ ਤੇ ਚੀਮਾ ਵਿੱਚ ਵੱਖ ਵੱਖ ਦੁਕਾਨਾਂ ਦਾ ਨਿਰੀਖਣ ਕੀਤਾ। ਇਸ ਮੌਕੇ ਦੁਕਾਨਦਾਰਾਂ ਨੂੰ ਕੋਟਪਾ ਐਕਟ ਦੀ ਪਾਲਣਾ ਕਰਨ ਲਈ ਜਾਗਰੂਕ ਕੀਤਾ ਅਤੇ ਐਕਟ ਦੀ ਉਲੰਘਣਾ ਕਰਨ ਵਾਲੇ ਲੋਕਾਂ ਨੂੰ ਜੁਰਮਾਨੇ ਵੀ ਕੀਤੇ।
ਜ਼ਿਲ੍ਹਾ ਸਿਹਤ ਅਫ਼ਸਰ ਡਾ. ਪੁਨੀਤ ਸਿੱਧੂ ਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਜੀਐੱਸ ਭਿੰਡਰ ਨੇ ਕਿਹਾ ਕਿ ਕੋਟਪਾ ਐਕਟ ਤੰਬਾਕੂ ਨੂੰ ਕੰਟਰੋਲ ਕਰਨ ਲਈ ਬਣਾਇਆ ਗਿਆ ਹੈ ਜਿਸ ਤਹਿਤ ਜਨਤਕ ਥਾਵਾਂ ’ਤੇ ਤੰਬਾਕੂ ਦੀ ਵਰਤੋਂ ਕਰਨਾ, ਤੰਬਾਕੂ ਪਦਾਰਥਾਂ ਨੂੰ ਖੋਲ੍ਹ ਕੇ ਵੇਚਣਾ, ਤੰਬਾਕੂ ਪਦਾਰਥਾਂ ਦੀ ਨੁਮਾਇਸ਼ ਕਰਨਾ, 18 ਸਾਲ ਦੀ ਉਮਰ ਤੋਂ ਘੱਟ ਦੇ ਵਿਅਕਤੀ ਨੂੰ ਤੰਬਾਕੂ ਵੇਚਣਾ, ਸਿੱਖਿਆ ਅਤੇ ਧਾਰਮਿਕ ਅਦਾਰਿਆਂ ਦੇ 100 ਗਜ਼ ਦੇ ਘੇਰੇ ਅੰਦਰ ਤੰਬਾਕੂ ਵੇਚਣ ਦੀ ਮਨਾਹੀ ਸਮੇਤ ਕਈ ਨਿਯਮ ਹਨ। ਇਨ੍ਹਾਂ ਨਿਯਮਾਂ ਦੀ ਪਾਲਣਾ ਨਾ ਕਰਨ ਵਾਲਿਆਂ ਨੂੰ ਐਕਟ ਤਹਿਤ ਜੁਰਮਾਨਾ ਵੀ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਲੋਕ ਕੋਟਪਾ ਐਕਟ ਦੀ ਗੰਭੀਰਤਾ ਨਾਲ ਪਾਲਣਾ ਕਰਨ ਤਾਂ ਜੋ ਤੰਬਾਕੂ ਨਾਲ ਹੋਣ ਵਾਲੇ ਮਾੜੇ ਪ੍ਰਭਾਵਾਂ ਤੋਂ ਲੋਕਾਂ ਨੂੰ ਬਚਾਇਆ ਜਾ ਸਕੇ। ਇਸ ਮੌਕੇ ਸਿਹਤ ਸੁਪਰਵਾਈਜਰ ਹਰਭਜਨ ਸਿੰਘ, ਸਤਿੰਦਰ ਸਿੰਘ, ਰਾਜੇਸ਼ ਰਿਖੀ, ਨਿਰਭੈ ਸਿੰਘ ਤੇ ਬਬਲੂ ਟਿੱਬਾ ਆਦਿ ਕਰਮਚਾਰੀ ਹਾਜ਼ਰ ਸਨ।