ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 2 ਜੁਲਾਈ
‘ਆਪ’ ਆਗੂ ਹਰਪਾਲ ਸਿੰਘ ਚੀਮਾ ਨੇ ਦੋਸ਼ ਲਾਇਆ ਕਿ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੇ ਵਿਧਾਇਕ ਵਿਜੈ ਇੰਦਰ ਸਿੰਗਲਾ ਦੀ ਪੁਸ਼ਤ ਪਨਾਹੀ ਹੇਠ ਪਿੰਡ ਘਰਾਚੋਂ ਦੇ ਸਰਪੰਚ ਦੀਆਂ ਤਾਕਤਾਂ ਖੋਹ ਕੇ ਪੰਚਾਇਤੀ ਕੰਮਾਂ ਲਈ ਪ੍ਰਬੰਧਕ ਲਗਾ ਦਿੱਤਾ ਹੈ। ਪ੍ਰੈੱਸ ਕਾਨਫਰੰਸ ਦੌਰਾਨ ਸ੍ਰੀ ਚੀਮਾ ਨੇ ਕਿਹਾ ਕਿ ਸਰਪੰਚ ਗੁਰਮੇਲ ਸਿੰਘ ਨੂੰ ਪਹਿਲਾਂ ਵੀ ਮੁਅੱਤਲ ਕਰ ਦਿੱਤਾ ਗਿਆ ਸੀ, ਪਰ ਹਾਈਕੋਰਟ ਨੇ ਸਰਪੰਚ ਨੂੰ ਬਹਾਲ ਕਰ ਦਿੱਤਾ। ਉਨ੍ਹਾਂ ਕਿਹਾ ਕਿ ਹੁਣ ਫ਼ਿਰ ਪੰਚਾਇਤੀ ਕੰਮਾਂ ਲਈ ਪ੍ਰਬੰਧਕ ਨਿਯੁਕਤ ਕੀਤਾ ਗਿਆ ਹੈ ਤੇ ਪੰਚਾਇਤੀ ਫੰਡਾਂ ਨੂੰ ਲੋਕ ਨਿਰਮਾਣ ਵਿਭਾਗ ਵਿੱਚ ਤਬਦੀਲ ਕਰਵਾਇਆ ਜਾ ਰਿਹਾ ਹੈ। ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਇਨ੍ਹਾਂ ਦੋਸ਼ਾਂ ਨੂੰ ਝੂਠੇ ਤੇ ਬੇਬੁਨਿਆਦ ਦੱਸਦਿਆਂ ਕਿਹਾ ਕਿ ਸਰਪੰਚ ਨੂੰ ਬਹੁਮਤ ਹਾਸਲ ਨਹੀਂ ਹੈ ਤੇ ਵਿਰੋਧ ਵਿਚ ਸੱਤ ਮੈਂਬਰ ਖੜ੍ਹੇ ਹਨ। ਇਸੇ ਕਾਰਨ ਵਿਭਾਗ ਵੱਲੋਂ ਪ੍ਰਬੰਧਕ ਨਿਯੁਕਤ ਕੀਤਾ ਗਿਆ ਹੈ।