ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 16 ਅਪਰੈਲ
ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਅੱਜ ਨੇੜਲੇ ਪਿੰਡ ਗਹਿਲਾਂ ਵਿੱਚ ਪਾਣੀ ਵਾਲੀ ਟੈਂਕੀ ਦੀ ਮੋਟਰ ’ਤੇ ਲੱਗਿਆ ਹੋਇਆ ਚਿੱਪ ਵਾਲਾ ਬਿਜਲੀ ਮੀਟਰ ਲਾਹ ਕੇ ਪਾਵਰਕੌਮ ਦੇ ਦਫਤਰ ਭੇਜਿਆ ਗਿਆ।
ਇਸ ਮੌਕੇ ਯੂਨੀਅਨ ਦੇ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਘਰਾਚੋਂ, ਜਨਰਲ ਸਕੱਤਰ ਜਸਵੀਰ ਸਿੰਘ ਗੱਗੜਪੁਰ, ਮੀਤ ਪ੍ਰਧਾਨ ਹਰਜੀਤ ਸਿੰਘ ਮਹਿਲਾਂ, ਖਜ਼ਾਨਚੀ ਬਲਵਿੰਦਰ ਸਿੰਘ ਅਤੇ ਪ੍ਰਚਾਰ ਸਕੱਤਰ ਕਰਮ ਚੰਦ ਪੰਨਵਾਂ ਨੇ ਦੱਸਿਆ ਕਿ ਸਰਕਾਰ ਦੀ ਸ਼ਹਿ ’ਤੇ ਪਾਵਰਕੌਮ ਪਿੰਡਾਂ ਵਿੱਚ ਚਿੱਪ ਵਾਲੇ ਬਿਜਲੀ ਮੀਟਰ ਲਗਾਉਣ ਤੋਂ ਪਹਿਲਾਂ ਸਰਕਾਰੀ ਸੰਸਥਾਵਾਂ ਵਿੱਚ ਚਿੱਪ ਵਾਲੇ ਮੀਟਰ ਲਗਾ ਰਿਹਾ ਹੈ।
ਕਿਸਾਨ ਆਗੂਆਂ ਨੇ ਤਾੜਨਾ ਕੀਤੀ ਕਿ ਸਰਕਾਰ ਦੀ ਇਸ ਲੋਕ ਵਿਰੋਧੀ ਸਕੀਮ ਨੂੰ ਕਿਸੇ ਵੀ ਕੀਮਤ ’ਤੇ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ। ਕਿਸਾਨਾਂ ਨੇ ਚਿੱਪ ਵਾਲਾ ਮੀਟਰ ਲਾਹ ਕੇ ਮਹਿਕਮੇ ਦੇ ਦਫਤਰ ਜਮ੍ਹਾਂ ਕਰਵਾ ਦਿੱਤਾ। ਇਸ ਮੌਕੇ ਔਰਤਾਂ ਵੀ ਸ਼ਾਮਲ ਸਨ।