ਨਿੱਜੀ ਪੱਤਰ ਪ੍ਰੇਰਕ
ਮਾਲੇਰਕੋਟਲਾ, 20 ਨਵੰਬਰ
ਵਿਧਾਇਕ ਅਮਰਗੜ੍ਹ ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਰਾ ਨੇ ਸਵੱਛ ਭਾਰਤ ਮਿਸ਼ਨ ਗ੍ਰਾਮੀਣ ਅਧੀਨ ਪ੍ਰਵਾਨ ਕੀਤੇ ਗਏ ਵਿਅਕਤੀਗਤ ਘਰੇਲੂ ਪਖਾਨਿਆਂ ਦੇ 11 ਲਾਭਪਾਤਰੀਆਂ ਨੂੰ ਇੱਕ ਲੱਖ 65 ਹਜ਼ਾਰ ਰੁਪਏ ਦੇ ਪ੍ਰਵਾਨਗੀ ਪੱਤਰ ਜਾਰੀ ਕੀਤੇ। ਇਸ ਸਕੀਮ ਤਹਿਤ ਲਾਭਪਾਤਰੀਆਂ ਨੂੰ ਵਿਅਕਤੀਗਤ ਘਰੇਲੂ ਪਖਾਨਿਆਂ ਦੀ ਵਰਤੋਂ ਨੂੰ ਉਤਸ਼ਾਹਿਤ ਕਰਨ ਲਈ 15 ਹਜ਼ਾਰ ਰੁਪਏ ਪ੍ਰਤੀ ਲਾਭਪਾਤਰੀ ਵਿੱਤੀ ਰਾਸ਼ੀ ਮੁਹੱਈਆ ਕਰਵਾਈ ਜਾਵੇਗੀ।
ਉਨ੍ਹਾਂ ਵਿਸ਼ਵ ਪਖਾਨਾ ਦਿਵਸ ’ਤੇ ਹਲਕੇ ਦੇ ਪਿੰਡਾਂ ਦੇ ਲੋਕਾਂ ਨੂੰ ਇਹ ਅਪੀਲ ਕੀਤੀ ਕਿ “ਸਾਡਾ ਪਖਾਨਾ, ਸਾਡਾ ਮਾਣ” ਵਿਸ਼ੇ ਰਾਹੀਂ ਆਪਣੇ ਘਰੇਲੂ ਪਖਾਨੇ ਨੂੰ ਆਪਣਾ ਮਾਣ ਸਮਝਦੇ ਹੋਏ ਇਸ ਦੀ ਨਿਰੰਤਰ ਵਰਤੋਂ ਕੀਤੀ ਜਾਵੇ ਅਤੇ ਖੁੱਲ੍ਹੇ ’ਚ ਪਖਾਨੇ ਜਾਣ ਤੋਂ ਬਚਣਾ ਚਾਹੀਦਾ ਹੈ।
ਉਨ੍ਹਾਂ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਾਫ਼-ਸੁਥਰੇ ਅਤੇ ਸਿਹਤਮੰਦ ਵਾਤਾਵਰਨ ਲਈ ਭਾਈਚਾਰਿਆਂ ਵਿੱਚ ਵਿਹਾਰਕ ਤਬਦੀਲੀ ਨੂੰ ਉਤਸ਼ਾਹਿਤ ਕਰਨ ਲਈ ਪ੍ਰੇਰਿਆ ਤੇ ਖੁੱਲ੍ਹੇ ਵਿੱਚ ਜੰਗਲ ਪਾਣੀ ਮੁਕਤ (ਓ.ਡੀ.ਐਫ) ਸਥਿਤੀ ਨੂੰ ਕਾਇਮ ਰੱਖਣ ‘ਤੇ ਜ਼ੋਰ ਦਿੰਦਿਆਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਾਰੇ ਪਿੰਡਾਂ ਨੂੰ ਓ.ਡੀ.ਐੱਫ ਪਲੱਸ ਮਾਡਲ ਪਿੰਡ ਬਣਾਉਣ ਦੇ ਉਪਰਾਲੇ ਕਰਨ ਲਈ ਪ੍ਰੇਰਿਆ।