ਪੱਤਰ ਪ੍ਰੇਰਕ
ਭਵਾਨੀਗੜ, 21 ਜੂਨ
ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਬਲਾਕ ਭਵਾਨੀਗੜ੍ਹ ਨੇ ਮੋਦੀ ਸਰਕਾਰ ਵੱਲੋਂ ਅੰਦੋਲਨ ਕਰਨ ਵਾਲੇ ਨੌਜਵਾਨਾਂ ਨੂੰ ਰੁਜ਼ਗਾਰ ਨਾ ਦੇਣ ਦੇ ਬਿਆਨ ਦੀ ਸਖਤ ਸਬਦਾਂ ਵਿੱਚ ਨਿਖੇਧੀ ਕੀਤੀ। ਯੂਨੀਅਨ ਦੇ ਸੂਬਾ ਪ੍ਰਚਾਰ ਸਕੱਤਰ ਜਗਤਾਰ ਸਿੰਘ ਕਾਲਾਝਾੜ, ਬਲਾਕ ਪ੍ਰਧਾਨ ਅਜੈਬ ਸਿੰਘ ਲੱਖੇਵਾਲ, ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਘਰਾਚੋਂ,ਹਰਜਿੰਦਰ ਸਿੰਘ ਘਰਾਚੋਂ ਅਤੇ ਹਰਜੀਤ ਸਿੰਘ ਮਹਿਲਾਂ ਚੌਕ ਨੇ ਕਿਹਾ ਕਿ ਜੋ ਮੋਦੀ ਸਰਕਾਰ ਨੇ ਨਵੀਂ ਯੋਜਨਾ ਅਗਨੀਪਖ ਬਣਾਈ ਹੈ ਕਿ ਫੌਜ ਵਿੱਚ ਜਵਾਨਾਂ ਨੂੰ ਚਾਰ ਸਾਲ ਵਾਸਤੇ ਠੇਕੇਦਾਰੀ ਸਿਸਟਮ ਤਹਿਤ ਭਰਤੀ ਕੀਤਾ ਜਾਵੇਗਾ। ਇਸ ਤੋਂ ਸਾਫ ਸਿੱਧ ਹੁੰਦਾ ਹੈ ਕਿ ਜਿਵੇਂ ਸਰਕਾਰ ਵੱਲੋਂ ਪਹਿਲਾਂ ਸਾਰੇ ਸਰਕਾਰੀ ਅਦਾਰੇ ਕਾਰਪੋਰੇਟਾਂ ਨੂੰ ਵੇਚ ਦਿੱਤੇ ਹਨ ਹੁਣ ਸਰਕਾਰ ਫੌਜ ਨੂੰ ਵੀ ਕਾਰਪੋਰੇਟ ਘਰਾਣਿਆ ਨੂੰ ਠੇਕੇ ਤੇ ਦੇਣਾ ਚਾਹੁੰਦੀ ਹੈ। ਸੂਬਾ ਪ੍ਰਚਾਰਕ ਸਕੱਤਰ ਜਗਤਾਰ ਸਿੰਘ ਕਾਲਾਝਾੜ ਨੇ ਕਿਹਾ ਕਿ ਮੋਦੀ ਸਰਕਾਰ ਨੇ ਅਗਨੀਪਥ ਸਕੀਮ ਖ਼ਿਲਾਫ਼ ਰੋਸ ਪ੍ਰਗਟ ਕਰ ਰਹੇ ਨੌਜਵਾਨਾਂ ਦੇ ਹੌਸਲਾ ਢਾਹੁਣ ਦੀ ਕੋਸ਼ਿਸ਼ ਕੀਤੀ ਹੈ। ਕਿਸਾਨ ਆਗੂਆਂ ਨੇ ਨੌਜਵਾਨਾਂ ਨੂੰ ਸ਼ਾਂਤਮਈ ਤਰੀਕੇ ਨਾਲ ਵਿਰੋਧ ਕਰਨ ਅਤੇ ਸੰਘਰਸ਼ਸ਼ੀਲ ਲੋਕਾਂ ਨੂੰ ਨੌਜਵਾਨਾਂ ਦਾ ਸਾਥ ਦੇਣ ਦੀ ਅਪੀਲ ਕੀਤੀ।