ਗੁਰਦੀਪ ਸਿੰਘ ਲਾਲੀ
ਸੰਗਰੂਰ, 2 ਜੁਲਾਈ
ਪੈਟਰੌਲ ਅਤੇ ਡੀਜ਼ਲ ਦੀਆਂ ਲਗਾਤਾਰ ਵੱਧ ਰਹੀਆਂ ਕੀਮਤਾਂ ਦੇ ਰੋਸ ਵਜੋਂ ਪੰਜਾਬ ਕਾਂਗਰਸ ਦੇ ਸੱਦੇ ’ਤੇ ਜ਼ਿਲ੍ਹਾ ਯੂਥ ਕਾਂਗਰਸ ਦੀ ਅਗਵਾਈ ਹੇਠ ਯੂਥ ਕਾਂਗਰਸੀ ਵਰਕਰਾਂ ਨੇ ਇਥੇ ਲਾਲ ਬੱਤੀ ਚੌਕ ਵਿਚ ਸਕੂਟਰੀ ਨੂੰ ਅੱਗ ਲਾ ਕੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਗੋਬਿੰਦਰ ਸਿੰਘ ਖੰਗੂੜਾ ਦੀ ਅਗਵਾਈ ਹੇਠ ਯੂਥ ਕਾਂਗਰਸੀ ਵਰਕਰਾਂ ਨੇ ਸ਼ਹਿਰ ਵਿਚ ਮੋਦੀ ਸਰਕਾਰ ਖ਼ਿਲਾਫ਼ ਰੋਸ ਮਾਰਚ ਕੱਢਿਆ ਤੇ ਲਾਲ ਬੱਤੀ ਚੌਕ ਵਿਚ ਤੇਲ ਕੀਮਤਾਂ ਦੇ ਵਿਰੋਧ ਵਿੱਚ ਸਕੂਟਰੀ ਨੂੰ ਅੱਗ ਦੇ ਹਵਾਲੇ ਕਰ ਦਿੱਤਾ। ਇਸ ਮੌਕੇ ਗੋਬਿੰਦਰ ਸਿੰਘ ਖੰਗੂੜਾ ਤੇ ਜ਼ਿਲ੍ਹਾ ਮੀਤ ਪ੍ਰਧਾਨ ਮਿੱਠੂ ਲੱਡਾ ਨੇ ਕਿਹਾ ਕਿ ਭਾਜਪਾ ਸਰਕਾਰ ਦੇ ਕਾਰਜਕਾਲ ਵਿੱਚ ਡੀਜ਼ਲ ਅਤੇ ਪੈਟਰੌਲ ਦੀਆਂ ਕੀਮਤਾਂ ਲਗਾਤਾਰ ਵੱਧ ਰਹੀਆਂ ਹਨ ਤੇ ਮਹਿੰਗਾਈ ਸਭ ਹੱਦਾਂ ਬੰਨੇ ਟੱਪ ਚੁੱਕੀ ਹੈ, ਪਰ ਸਰਕਾਰ ਨੂੰ ਲੋਕਾਂ ਦੀ ਕੋਈ ਪਰਵਾਹ ਨਹੀਂ ਹੈ। ਦੇਸ਼ ਵਿਚ ਮਹਿੰਗਾਈ ਨੇ ਲੋਕਾਂ ਦਾ ਜੀਣਾ ਦੁਭੱਰ ਕਰ ਦਿੱਤਾ ਹੈ। ਮੋਦੀ ਸਰਕਾਰ ਨੂੰ ਸਿਰਫ਼ ਕਾਰਪੋਰੇਟ ਘਰਾਣਿਆਂ ਦੀ ਹੀ ਚਿੰਤਾ ਹੈ। ਇਸ ਮੌਕੇ ਸ਼ੋਸ਼ਲ ਮੀਡੀਆ ਦੇ ਜ਼ਿਲ੍ਹਾ ਕੋਆਰਡੀਨੇਟਰ ਗੁਰਸੇਵਕ ਸਿੰਘ, ਜਨਰਲ ਸਕੱਤਰ ਕੁਲਵਿੰਦਰ ਸਿੰਘ ਕਿੰਦਾ, ਵਿਧਾਨ ਸਭਾ ਯੂਥ ਕਾਂਗਰਸ ਦੇ ਹਲਕਾ ਪ੍ਰਧਾਨ ਸਾਜਨ ਕਾਂਗੜਾ, ਸੁਖਵਿੰਦਰ ਸੁੱਖੀ, ਕੌਂਸਲ ਨਛੱਤਰ ਸਿੰਘ ਹਾਜ਼ਰ ਸਨ। ਇਸ ਤੋਂ ਇਲਾਵਾ ਕਾਂਗਰਸੀ ਵਰਕਰਾਂ ਨੇ ਵੱਖਰੇ ਤੌਰ ’ਤੇ ਵੱਡੇ ਚੌਕ ਵਿੱਚ ਮਹਿੰਗਾਈ ਦੇ ਵਿਰੋਧ ਵਿੱਚ ਰੋਸ ਧਰਨਾ ਦਿੱਤਾ ਤੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਪੰਜਾਬ ਟਰੇਡਜ਼ ਬੋਰਡ ਦੇ ਉਪ ਚੇਅਰਮੈਨ ਅਮਰਜੀਤ ਸਿੰਘ ਟੀਟੂ ਮੌਜੂਦ ਸਨ।
ਧੂਰੀ (ਹਰਦੀਪ ਸਿੰਘ ਸੋਢੀ): ਕਾਂਗਰਸੀ ਹਾਈਕਮਾਂਡ ਦੇ ਸੱਦੇ ’ਤੇ ਧੂਰੀ ਦੇ ਵਿਧਾਇਕ ਦਲਵੀਰ ਸਿੰਘ ਗੋਲਡੀ ਦੀ ਅਗਵਾਈ ਹੇਠ ਯੂਥ ਕਾਂਗਰਸ ਵੱਲੋਂ ਦੇਸ਼ ਅੰਦਰ ਕੇਂਦਰ ਸਰਕਾਰ ਵੱਲੋਂ ਡੀਜ਼ਲ ਤੇ ਪੈਟਰੋਲ ਦੀਆਂ ਵਧੀਆਂ ਕੀਮਤਾਂ ਵਿਰੁੱਧ ਧੂਰੀ ਦੇ ਇਕ ਪੈਟਰੋਲ ਪੰਪ ’ਤੇ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਯੂਥ ਸੀਨੀਅਰ ਆਗੂ ਬਲਵਿੰਦਰ ਸਿੰਘ ਬਿੱਲੂ, ਮੁਨੀਸ਼ ਗਰਗ, ਜਗਜੀਤ ਸਿੰਘ ਰਾਏ, ਰਾਜੀਵ ਚੋਧਰੀ, ਇੰਦਰਜੀਤ ਸਿੰਘ ਮਰਾਹੜ, ਕੁਨਾਲ ਗਰਗ, ਸੰਦੀਪ ਤਾਈਲ, ਇੰਦਰਜੀਤ ਸਿੰਘ ਗੋਲਡੀ, ਮਹਾਂਵੀਰ ਸਿੰਘ ਹੋਰਨਾਂ ਆਗੂਆਂ ਨੇ ਕਿਹਾ ਅਗਰ ਕੇਂਦਰ ਸਰਕਾਰ ਨੇ ਡੀਜ਼ਲ ਤੇ ਪੈਟਰੋਲ ਦੀਆਂ ਕੀਮਤਾਂ ਤੇ ਮਹਿੰਗਾਈ ਉੱਪਰ ਕਾਬੂ ਨਾ ਪਾਇਆ ਤਾਂ ਉਹ ਹੋਰ ਸੰਘਰਸ਼ ਕਰਨਗੇ। ਉਨ੍ਹਾਂ ਕਿਹਾ ਮੋਦੀ ਸਰਕਾਰ ਵੱਲੋਂ ਕਾਰਪੋਰੇਟ ਘਰਾਣਿਆਂ ਨੂੰ ਲਾਭ ਦੇਣ ਲਈ ਗਰੀਬਾਂ ਦਾ ਗਲਾ ਘੁੱਟਿਆ ਜਾ ਰਿਹਾ ਹੈ। ਇੱਕ ਵੱਖਰੇ ਬਿਆਨ ਅਨੁਸਾਰ ਧੂਰੀ ਦੇ ਵਿਧਾਇਕ ਦਲਵੀਰ ਸਿੰਘ ਗੋਲਡੀ ਵੱਲੋਂ ਕੇਂਦਰ ਸਰਕਾਰ ਦੀਆਂ ਨੀਤੀਆਂ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਨੇ ਦੇਸ਼ ਦਾ ਵਿਕਾਸ ਨਹੀਂ ਵਿਨਾਸ ਕੀਤਾ ਹੈ।