ਗੁਰਦੀਪ ਸਿੰਘ ਲਾਲੀ
ਸੰਗਰੂਰ, 27 ਨਵੰਬਰ
ਪੰਜਾਬ ਰੋਡਵੇਜ਼ ਪਨਬੱਸ/ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਸੱਦੇ ’ਤੇ ਕੱਚੇ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਇੱਥੇ ਪੀਆਰਟੀਸੀ ਦੇ ਡਿੱਪੂ ਅੱਗੇ ਗੇਟ ਰੈਲੀ ਕੀਤੀ ਗਈ। ਕੱਚੇ ਮੁਲਾਜ਼ਮਾਂ ਵੱਲੋਂ ਬੋਰਡ ਅਤੇ ਕਾਰਪੋਰੇਸ਼ਨਾਂ ਨੂੰ ਰੈਗੂਲਰ ਕਰਨ ਲਈ ਬਣਾਏ ਕਾਨੂੰਨ ’ਚੋਂ ਬਾਹਰ ਰੱਖਣ ਦੀ ਨਿਖੇਧੀ ਕਰਦਿਆਂ ਪੰਜਾਬ ਸਰਕਾਰ ਖ਼ਿਲਾਫ ਨਾਅਰੇਬਾਜ਼ੀ ਕੀਤੀ ਗਈ।
ਰੈਲੀ ਦੌਰਾਨ ਸੰਬੋਧਨ ਕਰਦਿਆਂ ਸੂਬਾ ਆਗੂ ਜਤਿੰਦਰ ਸਿੰਘ ਦੀਦਾਰਗੜ੍ਹ, ਡਿੱਪੂ ਚੇਅਰਮੈਨ ਲਖਵਿੰਦਰ ਸਿੰਘ ਬਿੱਟੂ, ਸਕੱਤਰ ਸੁਖਜਿੰਦਰ ਸਿੰਘ ਧਾਲੀਵਾਲ ਤੇ ਅਵਤਾਰ ਸਿੰਘ ਚੀਮਾ ਨੇ ਕਿਹਾ ਕਿ ਸੱਤਾ ਹਾਸਲ ਕਰਨ ਤੋਂ ਪਹਿਲਾਂ ਕਾਂਗਰਸ ਪਾਰਟੀ ਵੱਲੋਂ ਸਰਕਾਰ ਬਣਨ ’ਤੇ ਪਹਿਲੀ ਕੈਬਨਿਟ ਮੀਟਿੰਗ ਵਿੱਚ ਠੇਕੇ ’ਤੇ ਕੰਮ ਕਰ ਰਹੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਵਾਅਦਾ ਕੀਤਾ ਗਿਆ ਸੀ ਪਰ ਕਰੀਬ ਪੌਣੇ ਪੰਜ ਸਾਲ ਬੀਤਣ ’ਤੇ ਵੀ ਕਿਸੇ ਕੱਚੇ ਮੁਲਾਜ਼ਮ ਨੂੰ ਪੱਕਾ ਨਹੀਂ ਕੀਤਾ ਗਿਆ। ਉਨ੍ਹਾਂ ਦੋਸ਼ ਲਾਇਆ ਕਿ ਨਵੇਂ ਬਣੇ ਮੁੱਖ ਮੰਤਰੀ ਵੱਲੋਂ ਕੱਚਾ ਪਿੱਲਾ ਕਾਨੂੰਨ ਠੇਕਾ ਮੁਲਾਜ਼ਮਾਂ ਉਪਰ ਥੋਪਿਆ ਗਿਆ ਹੈ।ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਬਣਾਏ ਕਾਨੂੰਨ ਅਨੁਸਾਰ ਪੰਜਾਬ ਦਾ ਕੋਈ ਵੀ ਕੱਚਾ ਮੁਲਾਜ਼ਮ ਪੱਕਾ ਨਹੀਂ ਹੁੰਦਾ ਅਤੇ ਟਰਾਂਸਪੋਰਟ ਵਿਭਾਗ ਦੇ ਇੱਕ ਵੀ ਮੁਲਾਜ਼ਮ ਨੂੰ ਇਸ ਕਾਨੂੰਨ ਦਾ ਕੋਈ ਲਾਭ ਨਹੀਂ ਹੈ। ਉਨ੍ਹਾਂ ਕਿਹਾ ਕਿ 23 ਨਵੰਬਰ ਤੋਂ ਬੇਮਿਆਦੀ ਹੜਤਾਲ ਦਾ ਪ੍ਰੋਗਰਾਮ ਉਲੀਕਿਆ ਸੀ ਪਰ ਟਰਾਂਸਪੋਰਟ ਮੰਤਰੀ ਵੱਲੋਂ ਯੂਨੀਅਨ ਆਗੂਆਂ ਨੂੰ ਪੱਕਾ ਕਰਨ ਦੀ ਪੂਰੀ ਪਾਲਿਸੀ ਬਣਾਉਣ ਅਤੇ 29 ਨਵੰਬਰ ਦੀ ਕੈਬਨਿਟ ਮੀਟਿੰਗ ਵਿੱਚ ਪੱਕਾ ਕਰਨ ਦਾ ਭਰੋਸਾ ਦਿੱਤਾ ਗਿਆ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਕੈਬਨਿਟ ਮੰਤਰੀ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਫੈਸਲਾ ਨਾ ਲਿਆ ਗਿਆ ਤਾਂ 30 ਨਵੰਬਰ ਤੋਂ ਅਣਮਿਥੇ ਸਮੇਂ ਦੀ ਹੜਤਾਲ ਕਰਕੇ ਚੱਕਾ ਜਾਮ ਸਮੇਤ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ। ਇਸ ਮੌਕੇ ਡਿੱਪੂ ਪ੍ਰਧਾਨ ਜਸਵਿੰਦਰ ਜੱਸੀ, ਰਣਦੀਪ ਸਿੰਘ ਬਾਵਾ, ਰਮਨਦੀਪ ਸਿੰਘ, ਹਰਪ੍ਰੀਤ ਸਿੰਘ, ਰਣਜੀਤ ਸਿੰਘ, ਤੇ ਅਮਨਦੀਪ ਸਿੰਘ ਬੜੀ ਆਦਿ ਮੌਜੂਦ ਸਨ।
ਲੌਂਗੋਵਾਲ (ਜਗਤਾਰ ਸਿੰਘ ਨਹਿਲ): ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਸੱਦੇ ’ਤੇ ਵੱਖ-ਵੱਖ ਵਿਭਾਗਾਂ ’ਚ ਕੰਮ ਕਰਦੇ ਠੇਕਾ ਮੁਲਾਜ਼ਮਾਂ ਵੱਲੋਂ ਅੱਜ ਸਥਾਨਕ ਸਬ ਤਹਿਸੀਲ ਦੇ ਸਾਹਮਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਦੀਆਂ ਅਰਥੀਆਂ ਫੂਕੀਆਂ ਗਈਆਂ। ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਦੇ ਸੂਬਾਈ ਆਗੂ ਸ਼ੇਰ ਸਿੰਘ ਖੰਨਾ, ਪਾਵਰਕਾਮ ਐਂਡ ਟਰਾਂਸਕੋ ਤੋਂ ਜਗਦੀਪ ਸਿੰਘ, ਨਗਰ ਕੌਂਸਲ ਯੂਨੀਅਨ ਤੋਂ ਦਰਸ਼ਨ ਸਿੰਘ, ਕਿਰਤੀ ਕਿਸਾਨ ਯੂਨੀਅਨ ਤੋਂ ਸਤਵੰਤ ਸਿੰਘ ਦੁੱਲਟ, ਪੇਂਡੂ ਕ੍ਰਾਂਤੀਕਾਰੀ ਮਜ਼ਦੂਰ ਯੂਨੀਅਨ ਦੇ ਲਖਵੀਰ ਸਿੰਘ ਲੌਂਗੋਵਾਲ, ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਤੋਂ ਪੂਨਮ ਜੋਸ਼ੀ ਅਤੇ ਅਮਨਦੀਪ ਕੌਰ ਨੇ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਸੱਤਾ ਸੰਭਾਲਣ ਤੋਂ ਪਹਿਲਾਂ ਕੀਤੇ ਵਾਅਦੇ ਪੂਰੇ ਹੋਣ ਲਈ ਉਨ੍ਹਾਂ ਪੂਰੇ ਚਾਰ ਸਾਲ ਇੰਤਜ਼ਾਰ ਕੀਤਾ ਅਤੇ ਸਰਕਾਰ ਦੇ ਮੂੰਹ ਵਾਲ ਦੇਖਦੇ ਰਹੇ ਪ੍ਰੰਤੂ ਸਰਕਾਰ ਵਾਰ ਵਾਰ ਵਾਅਦੇ ਕਰ ਕੇ ਮੁੱਕਰਦੀ ਰਹੀ।
ਇਸ ਮੌਕੇ ਲੀਲਾ ਸਿੰਘ, ਬਚਿੱਤਰ ਸਿੰਘ ਮੱਟ, ਜ਼ਿਲ੍ਹਾ ਇਕਾਈ ਪ੍ਰਧਾਨ ਸੁਰਿੰਦਰ ਸਿੰਘ ਛਿੰਦਾ, ਬਲਵੰਤ ਸਿੰਘ, ਦਰਸ਼ਨ ਸਿੰਘ, ਗੁਰਮੇਲ ਸਿੰਘ, ਗੁਲਾਬ ਸਿੰਘ, ਹਰਦੇਵ ਸਿੰਘ ਕਾਲਾ ਇਕਾਈ ਪ੍ਰਧਾਨ, ਹਰਦੀਪ ਸਿੰਘ ,ਰਾਜੀਵ ਕੁਮਾਰ, ਜਸਪ੍ਰੀਤ ਕੌਰ, ਪ੍ਰਕਾਸ਼ ਕੌਰ ਤੇ ਰਾਜਪਾਲ ਕੌਰ ਹਾਜ਼ਰ ਸਨ।
ਦੇਵੀਗੜ੍ਹ ਵਿੱਚ ਰੰਧਾਵਾ ਤੇ ਵੜਿੰਗ ਦੇ ਪੁਤਲੇ ਫੂਕੇ
ਦੇਵੀਗੜ੍ਹ (ਮੁਖਤਿਆਰ ਸਿੰਘ ਨੌਗਾਵਾਂ): ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰ ਯੂਨੀਅਨ ਬ੍ਰਾਂਚ ਭੁਨਰਹੇੜੀ ਦੇ ਸੱਦੇ ’ਤੇ ਅੱਜ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਕੰਮ ਕਰਦੇ ਠੇਕਾ ਮੁਲਾਜ਼ਮਾਂ ਵੱਲੋਂ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਟ੍ਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਤਲਖ ਰਵੱਈਏ ਵਿਰੁੱਧ ਮੁਜ਼ਾਹਰਾ ਕੀਤਾ ਗਿਆ। ਭੁਨਰਹੇੜੀ ਬ੍ਰਾਂਚ ਦੇ ਪ੍ਰਧਾਨ ਗੁਰਚਰਨ ਸਿੰਘ ਖਾਕਟਾਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਕੱਚੇ ਮੁਲਾਜ਼ਮ ਪੱਕੇ ਨਾ ਕੀਤੇ ਤਾਂ ਇਹ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਗੁਰਜੀਤ ਸਿੰਘ, ਨਰਿੰਦਰ ਸਿੰਘ, ਮੱਘਰ ਸਿੰਘ, ਬਲਜਿੰਦਰ ਸਿੰਘ ਤੇ ਬਲਵਿੰਦਰ ਸੁੱਚਾ ਆਦਿ ਵਰਕਰ ਹਾਜ਼ਰ ਸਨ।