ਨਿੱਜੀ ਪੱਤਰ ਪ੍ਰੇਰਕ
ਮਾਲੇਰਕੋਟਲਾ, 13 ਜੂਨ
ਪੰਜਾਬ ਸਰਕਾਰ ਕਿਸਾਨਾਂ ਨੂੰ ਮੱਕੀ ਦੀ ਫ਼ਸਲ ਬੀਜਣ ਵਾਸਤੇ ਉਤਸ਼ਾਹਿਤ ਕਰ ਰਹੀ ਹੈ ਤਾਂ ਜੋ ਕਿਸਾਨਾਂ ਨੂੰ ਉਨ੍ਹਾਂ ਦੀ ਆਮਦਨੀ ਸਥਿਰ ਰੱਖ ਕੇ ਫ਼ਸਲੀ ਵਿਭਿੰਨਤਾ ਵੱਲ ਲਿਜਾਇਆ ਜਾ ਸਕੇ ਅਤੇ ਧਰਤੀ ਹੇਠਲੇ ਡਿੱਗ ਰਹੇ ਪਾਣੀ ਦੇ ਪੱਧਰ ਨੂੰ ਬਚਾਇਆ ਜਾ ਸਕੇ। ਇਸ ਵਾਰ ਸਰਕਾਰ ਵੱਲੋਂ ਮੱਕੀ ਦੇ ਪਲਾਂਟਾਂ ਦੀਆਂ ਪ੍ਰਦਰਸ਼ਨੀਆਂ ਵੀ ਲਗਾਈਆਂ ਜਾਣਗੀਆਂ। ਇਸ ਸਬੰਧੀ ਡਿਪਟੀ ਕਮਿਸ਼ਨਰ ਡਾ. ਪੱਲਵੀ ਨੇ ਦੱਸਿਆ ਕਿ ਜਿਹੜਾ ਕਿਸਾਨ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਪ੍ਰਮਾਣਿਤ ਮੱਕੀ ਦੀਆਂ ਹਾਈਬ੍ਰਿਡ ਕਿਸਮਾਂ ਬੀਜੇਗਾ ਉਸ ਨੂੰ 100 ਰੁਪਏ ਪ੍ਰਤੀ ਕਿੱਲੋ ਦੇ ਹਿਸਾਬ ਨਾਲ ਬੀਜ ਸਬਸਿਡੀ ਉਲਪੱਬਧ ਕਰਵਾਈ ਜਾਵੇਗੀ। ਇਸ ਤੋਂ ਇਲਾਵਾ ਮੱਕੀ ਦਾ ਬੀਜ ਅਤੇ ਹੋਰ ਖਾਦਾਂ, ਦਵਾਈਆਂ ਆਦਿ ਸਹਾਇਤਾ ਦੇ ਤੌਰ ’ਤੇ 2400 ਰੁਪਏ ਪ੍ਰਤੀ ਏਕੜ ਵਿੱਤੀ ਸਹਾਇਤਾ ਵੀ ਦਿੱਤੀ ਜਾਵੇਗੀ। ਇੱਕ ਕਿਸਾਨ ਵੱਧ ਤੋਂ ਵੱਧ 5 ਏਕੜ ਜਾਂ 10 ਪੈਕੇਟ ਮੱਕੀ ਦੇ ਹਾਈਬ੍ਰਿਡ ਬੀਜ ਉੱਪਰ ਸਬਸਿਡੀ ਪ੍ਰਾਪਤ ਕਰ ਸਕਦਾ ਹੈ। ਕਿਸਾਨ ਸਬਸਿਡੀ ਪ੍ਰਾਪਤ ਕਰਨ ਲਈ www.agrimachinerypb.com ਪੋਰਟਲ ’ਤੇ ਅਪਲਾਈ ਕਰ ਸਕਦੇ ਹਨ।