ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 30 ਜੂਨ
ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਜ਼ਿਲ੍ਹੇ ਵਿੱਚ ਵੱਖ-ਵੱਖ ਯੋਜਨਾਵਾਂ ਨੂੰ ਲਾਗੂ ਕਰਨ ਦੀ ਪ੍ਰਗਤੀ ਸਬੰਧੀ ਜਾਇਜ਼ਾ ਲੈਣ ਲਈ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਹੋਈ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਮੂਹ ਉਪ ਮੰਡਲ ਮੈਜਿਸਟਰੇਟ ਨੂੰ ਹਦਾਇਤ ਕੀਤੀ ਕਿ ਸੇਵਾ ਕੇਂਦਰਾਂ ਵਿੱਚ ਪ੍ਰਾਪਤ ਹੋਣ ਵਾਲੀਆਂ ਅਰਜ਼ੀਆਂ ਦਾ ਨਿਰਧਾਰਤ ਸਮੇਂ ਅੰਦਰ ਨਿਪਟਾਰਾ ਕਰਨ ਨੂੰ ਯਕੀਨੀ ਬਣਾਇਆ ਜਾਵੇ ਅਤੇ ਸਬ ਡਿਵੀਜ਼ਨ ਪੱਧਰ ’ਤੇ ਇਸ ਬਾਰੇ ਨਿਰੰਤਰ ਸੇਵਾ ਕੇਂਦਰਾਂ ਦੇ ਸਟਾਫ਼ ਤੋਂ ਜਾਇਜ਼ਾ ਲਿਆ ਜਾਵੇ। ਜਤਿੰਦਰ ਜੋਰਵਾਲ ਨੇ ਸਕੱਤਰ ਆਰਟੀਏ ਤੋਂ ਡਰਾਈਵਿੰਗ ਲਾਇਸੈਂਸ ਅਤੇ ਵਾਹਨਾਂ ਦੀ ਰਜਿਸਟਰੇਸ਼ਨ ਕਾਪੀ ਸਬੰਧੀ ਬਕਾਇਆ ਬਿਨੈ ਪੱਤਰਾਂ ’ਤੇ ਕੀਤੀ ਜਾ ਰਹੀ ਕਾਰਵਾਈ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਸਰਕਾਰੀ ਵਿਭਾਗਾਂ ਵਿੱਚ ਨਾਗਰਿਕਾਂ ਦੇ ਕੰਮ ਤਰਜੀਹੀ ਆਧਾਰ ’ਤੇ ਕਰਨੇ ਯਕੀਨੀ ਬਣਾਏ ਜਾਣ।
ਡਿਪਟੀ ਕਮਿਸ਼ਨਰ ਨੇ ਜਲ ਜੀਵਨ ਮਿਸ਼ਨ, ਸਵੱਛ ਭਾਰਤ ਮਿਸ਼ਨ, ਮਗਨਰੇਗਾ ਤਹਿਤ ਜ਼ਿਲ੍ਹੇ ਵਿੱਚ ਚੱਲ ਰਹੇ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਸ਼ਹਿਰੀ ਵਿਕਾਸ ਲਈ ਨਿਰਧਾਰਤ ਵੱਖ-ਵੱਖ ਯੋਜਨਾਵਾਂ ਤਹਿਤ ਕੀਤੇ ਜਾ ਰਹੇ ਕਾਰਜਾਂ ਦੇ ਨਾਲ-ਨਾਲ ਸੜਕਾਂ ਦੇ ਮੁਰੰਮਤ ਕਾਰਜਾਂ, ਲਾਭਪਾਤਰੀਆਂ ਨੂੰ ਪੈਨਸ਼ਨਾਂ ਦੀ ਵੰਡ ਦੀ ਸਥਿਤੀ, ਸਰਕਾਰੀ ਤੇ ਪ੍ਰਾਈਵੇਟ ਨਸ਼ਾ ਮੁਕਤੀ ਤੇ ਮੁੜ ਵਸੇਬਾ ਕੇਂਦਰਾਂ ਵਿੱਚ ਜ਼ੇਰੇ ਇਲਾਜ ਮਰੀਜ਼ਾਂ, ਓਟ ਕਲੀਨਿਕਾਂ ’ਤੇ ਮੁਹੱਈਆ ਕਰਵਾਈਆਂ ਜਾ ਰਹੀਆਂ ਇਲਾਜ ਸੁਵਿਧਾਵਾਂ ਆਦਿ ਦਾ ਵੀ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਤੋਂ ਜਾਇਜ਼ਾ ਲਿਆ। ਮੀਟਿੰਗ ’ਚ ਏਡੀਸੀ ਅਨਮੋਲ ਸਿੰਘ ਧਾਲੀਵਾਲ, ਸਹਾਇਕ ਕਮਿਸ਼ਨਰ ਨਿਤੇਸ਼ ਜੈਨ, ਐੱਸਡੀਐੱਮ ਨਵਰੀਤ ਕੌਰ ਸੇਖੋਂ, ਸਕੱਤਰ ਆਰਟੀਏ ਵਿਨੀਤ ਕੁਮਾਰ, ਸਿਵਲ ਸਰਜਨ ਡਾ. ਪਰਮਿੰਦਰ ਕੌਰ ਤੋਂ ਇਲਾਵਾ ਵੱਖ-ਵੱਖ ਸਬ ਡਿਵੀਜ਼ਨਾਂ ਦੇ ਐੱਸਡੀਐੱਮਜ ਵੀ ਸ਼ਾਮਲ ਸਨ।