ਗੁਰਦੀਪ ਸਿੰਘ ਲਾਲੀ
ਸੰਗਰੂਰ, 18 ਜੁਲਾਈ
ਕਿਰਤੀ ਕਿਸਾਨ ਯੂਨੀਅਨ ਵੱਲੋਂ ਮੀਟਿੰਗ ਕਰਕੇ ਬਾਬਾ ਅਤਰ ਸਿੰਘ ਦੀ ਪਵਿੱਤਰ ਧਰਤੀ ਗੁਰਸਾਗਰ ਮਸਤੂਆਣਾ ਸਾਹਿਬ ਵਿਖੇ ਬਣਨ ਵਾਲੇ ਮੈਡੀਕਲ ਕਾਲਜ ਦੇ ਮਸਲੇ ’ਤੇ ਲੋਕਾਂ ਨੂੰ ਲਾਮਬੰਦ ਕਰਕੇ ਸੰਘਰਸ਼ ਨੂੰ ਅੱਗੇ ਵਧਾਉਣ ਦਾ ਐਲਾਨ ਕੀਤਾ ਹੈ। ਯੂਨੀਅਨ ਵੱਲੋਂ ਸਰਬਸੰਮਤੀ ਨਾਲ ਮਤਾ ਪਾਸ ਕਰਦਿਆਂ ਦੇਸ਼ ਦੀ ਆਜ਼ਾਦੀ ਲਈ ਫਾਂਸੀ ਦੇ ਰੱਸੇ ਨੂੰ ਚੁੰਮਣ ਵਾਲੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਅਤਿਵਾਦੀ ਕਹਿਣ ’ਤੇ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਦੀ ਨਿਖੇਧੀ ਕੀਤੀ ਗਈ।
ਇੱਥੇ ਗਦਰ ਮੈਮੋਰੀਅਲ ਭਵਨ ਵਿੱਚ ਜ਼ਿਲ੍ਹਾ ਪ੍ਰਧਾਨ ਜਰਨੈਲ ਸਿੰਘ ਜਹਾਂਗੀਰ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ ਯੂਨੀਅਨ ਦੇ ਸੂਬਾ ਆਗੂ ਭੁਪਿੰਦਰ ਲੌਂਗੋਵਾਲ ਅਤੇ ਜ਼ਿਲ੍ਹਾ ਪ੍ਰੈਸ ਸਕੱਤਰ ਭਜਨ ਸਿੰਘ ਢੱਡਰੀਆਂ ਨੇ ਕਿਹਾ ਕਿ ਇਲਾਕੇ ਦੇ ਸਮੁੱਚੇ ਪਿੰਡਾਂ ਦੇ ਲੋਕ ਮਸਤੂਆਣਾ ਸਾਹਿਬ ਵਿੱਚ ਬਣਨ ਵਾਲੇ ਮੈਡੀਕਲ ਕਾਲਜ ਦੇ ਹੱਕ ਵਿੱਚ ਹਨ ਪਰ ਕੁਝ ਲੋਕ ਜਿਨ੍ਹਾਂ ਨੇ ਅਜੇ ਤੱਕ ਇਲਾਕੇ ਦੀ ਤਰੱਕੀ ਲਈ ਕੁਝ ਨਹੀਂ ਕੀਤਾ, ਉਹ ਮੈਡੀਕਲ ਕਾਲਜ ਲਈ ਅੜਿੱਕੇ ਖੜ੍ਹੇ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਮੁੱਚੇ ਇਲਾਕੇ ਦੇ ਪਿੰਡਾਂ ਦੇ ਲੋਕਾਂ ਨੂੰ ਲਾਮਬੰਦ ਕਰਕੇ ਸੰਘਰਸ਼ ਨੂੰ ਅੱਗੇ ਵਧਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਤੇ ਸੱਦੇ ਤਹਿਤ ਲਖੀਮਪੁਰ ਖੀਰੀ ਦੇ ਪੀੜਤਾਂ ਨੂੰ ਇਨਸਾਫ ਦਿਵਾਉਣ ਲਈ, ਦਿੱਲੀ ਮੋਰਚੇ ਦੀਆਂ ਅਧੂਰੀਆਂ ਮੰਗਾਂ ਨੂੰ ਪੂਰਾ ਕਰਵਾਉਣ, ਐੱਮਐੱਸਪੀ ਦੀ ਕਾਨੂੰਨੀ ਗਾਰੰਟੀ, ਸ਼ਹੀਦ ਕਿਸਾਨਾਂ ਨੂੰ ਮੁਆਵਜ਼ਾ ਅਤੇ ਅੰਦੋਲਨ ਦੌਰਾਨ ਦਰਜ ਹੋਏ ਕੇਸ ਖਾਰਜ ਕਰਵਾਉਣ ਸਮੇਤ ਬਾਕੀ ਮੰਗਾਂ ਤੇ ਸੰਗਰੂਰ ਵਿੱਚ 31 ਜੁਲਾਈ ਨੂੰ ਹੋਣ ਵਾਲੀ ਕਨਵੈਨਸ਼ਨ ਵਿੱਚ ਅਤੇ ਦੇਸ਼ ਵਿਆਪੀ ਚਾਰ ਘੰਟਿਆਂ ਲਈ ਰੇਲ ਅਤੇ ਸੜਕੀ ਆਵਾਜਈ ਦੇ ਚੱਕਾ ਜਾਮ ਦੇ ਸੱਦੇ ਤਹਿਤ 31 ਜੁਲਾਈ ਨੂੰ ਵੀ ਵੱਡੀ ਪੱਧਰ ਤੇ ਸ਼ਮੂਲੀਅਤ ਕੀਤੀ ਜਾਵੇਗੀ।