ਪੱਤਰ ਪ੍ਰੇਰਕ
ਸ਼ੇਰਪੁਰ, 20 ਸਤੰਬਰ
ਕਿਰਤੀ ਕਿਸਾਨ ਯੂਨੀਅਨ ਵੱਲੋਂ ਇਲਾਕਾ ਵਾਸੀਆਂ ਤੇ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਨਹਿਰੀ ਪਾਣੀ ਦੀ ਪ੍ਰਾਪਤੀ ਲਈ ਸੰਘਰਸ਼ ਦੇ ਅਗਲੇ ਪੜਾਅ ਵਜੋਂ ਮੁੱਖ ਮੰਤਰੀ ਭਗਵੰਤ ਮਾਨ ਦੇ ਧੂਰੀ ਸਥਿਤ ਦਫ਼ਤਰ ਤੱਕ ਇਲਾਕੇ ਦੇ ਲੋਕਾਂ ਦਾ ਵੱਡਾ ਚੇਤਨਾ ਮਾਰਚ ਕਰਨ ਦੀਆਂ ਤਿਆਰੀਆਂ ਵਜੋਂ 15 ਪਿੰਡਾਂ ਦੇ ਚੋਣਵੇਂ ਕਿਸਾਨ ਆਗੂਆਂ ਦੀ ਪਿੰਡ ਰੂੜਗੜ੍ਹ ਵਿੱਚ ਹੋਈ। ਮੀਟਿੰਗ ਵਿੱਚ ਨਹਿਰੀ ਪਾਣੀ ਦੀ ਮੰਗ ਕਰਦੇ 40 ਪਿੰਡਾਂ ਤੱਕ ਪਹੁੰਚ ਕਰਕੇ ਪਿੰਡਾਂ ਦੀਆਂ ਪੰਚਾਇਤਾਂ, ਮੋਹਤਵਰਾਂ ਅਤੇ ਆਮ ਲੋਕਾਂ ਨੂੰ ਨਾਲ ਲੈ ਕੇ ਕੀਤੇ ਜਾਣ ਵਾਲੇ ਚੇਤਨਾ ਮਾਰਚ ਲਈ ਲਾਮਬੰਦ ਕਰਨ ਦੀਆਂ ਡਿਊਟੀਆਂ ਲਗਾਈਆਂ ਗਈਆਂ। ਕਿਰਤੀ ਕਿਸਾਨ ਯੂਨੀਅਨ ਯੂਥ ਵਿੰਗ ਦੇ ਸੂਬਾ ਕਨਵੀਨਰ ਭੁਪਿੰਦਰ ਸਿੰਘ ਲੌਂਗੋਵਾਲ ਅਤੇ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਜਰਨੈਲ ਸਿੰਘ ਜਹਾਂਗੀਰ ਨੇ ਦੱਸਿਆ ਕਿ ਇਲਾਕੇ ਦੇ ਲੋਕਾਂ ਲਈ ਨਹਿਰੀ ਪਾਣੀ ਦੀ ਪ੍ਰਾਪਤੀ, ਪੰਜਾਬ ਦੇ ਪਾਣੀਆਂ ਦਾ ਮਸਲਾ ਰਿਪੇਰੀਅਨ ਸਿਧਾਂਤ ਅਨੁਸਾਰ ਹੱਲ ਕਰਨ ਅਤੇ ਐੱਸਵਾਈਐੰਲ ਨੂੰ ਬਿਨਾ ਸ਼ਰਤ ਬੰਦ ਕਰਨ ਦੀਆਂ ਮੁੱਖ ਮੰਗਾਂ ਰੱਖੀਆਂ ਗਈਆਂ ਹਨ। ਲਛਮਣ ਸਿੰਘ ਰੂੜਗੜ੍ਹ ਅਤੇ ਗੁਰਜੀਤ ਸਿੰਘ ਫਰਵਾਹੀ ਨੇ ਦੱਸਿਆ ਕਿ ਮਾਲੇਰਕੋਟਲਾ ਧੂਰੀ ਅਤੇ ਸ਼ੇਰਪੁਰ ਇਲਾਕੇ ਦੇ ਕਰੀਬ ਪਿੰਡਾਂ ਦੇ ਲੋਕ ਪਿਛਲੇ ਲਗਪਗ ਸਾਲਾਂ ਤੋਂ ਨਹਿਰੀ ਪਾਣੀ ਤੋਂ ਵਾਂਝੇ ਹਨ।