ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 15 ਮਾਰਚ
ਟੈੱਟ ਪਾਸ ਬੇਰੁਜ਼ਗਾਰ ਬੀ.ਐੱਡ ਅਧਿਆਪਕ ਯੂਨੀਅਨ ਨੇ ਪੰਜਾਬ ਦੀ ਸੱਤਾ ’ਤੇ ਕਾਬਜ਼ ਹੋਈ ‘ਆਪ’ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬ ਦੀਆਂ ਹੋਰਨਾਂ ਮੰਗਾਂ ਦੇ ਨਾਲ ਨਾਲ ਬੇਰੁਜ਼ਗਾਰਾਂ ਨਾਲ ਕੀਤੇ ਵਾਅਦੇ ਪਹਿਲ ਦੇ ਆਧਾਰ ’ਤੇ ਪੂਰੇ ਕਰੇ ਅਤੇ ਬੇਰੁਜ਼ਗਾਰ ਅਧਿਆਪਕਾਂ ਦੀ ਮਾਸਟਰ ਕੇਡਰ ਦੀਆਂ ਅਸਾਮੀਆਂ ਵਿੱਚ ਤੁਰੰਤ ਵਾਧਾ ਕਰਕੇ ਰੈਗੂਲਰ ਭਰਤੀ ਕੀਤੀ ਜਾਵੇ। ਯੂਨੀਅਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਢਿੱਲਵਾਂ ਅਤੇ ਜਨਰਲ ਸਕੱਤਰ ਗਗਨਦੀਪ ਕੌਰ ਗਰੇਵਾਲ ਨੇ ਕਿਹਾ ਕਿ ਪਿਛਲੀ ਕਾਂਗਰਸ ਸਰਕਾਰ ਨੇ ਕੋਈ ਵਾਅਦਾ ਪੂਰਾ ਨਹੀਂ ਕੀਤਾ। ਉਨ੍ਹਾਂ ਦੱਸਿਆ ਕਿ ਆਖ਼ਰ 8 ਜਨਵਰੀ ਨੂੰ ਚੋਣ ਜ਼ਾਬਤਾ ਲੱਗਣ ਵੇਲੇ ਮਹਿਜ਼ 4161 ਅਸਾਮੀਆਂ ਜਾਰੀ ਕੀਤੀਆਂ ਗਈਆਂ ਸਨ ਜਿਹੜੀਆਂ ਕਿ ਅੱਧ ਵਿਚਕਾਰ ਹੀ ਲਟਕ ਰਹੀਆਂ ਹਨ। ਉਨ੍ਹਾਂ ਮੰਗ ਕੀਤੀ ਕਿ ਜਾਰੀ ਇਸ਼ਤਿਹਾਰ ਵਿੱਚ ਅਸਾਮੀਆਂ ਵਾਧਾ ਕਰਕੇ ਜਲਦੀ ਤੋ ਜਲਦੀ ਭਰਤੀ ਮੁਕੰਮਲ ਕੀਤੀ ਜਾਵੇ।