ਨਿੱਜੀ ਪੱਤਰ ਪ੍ਰੇਰਕ
ਮਾਲੇਰਕੋਟਲਾ, 12 ਅਗਸਤ
ਜ਼ਿਲ੍ਹਾ ਮਾਲੇਰਕੋਟਲਾ ਦੇ ਪਟਵਾਰੀਆਂ ਨੇ ਪੰਜਾਬ ਸਰਕਾਰ ਵੱਲੋਂ ਮਾਲ ਪਟਵਾਰੀ ਦੀਆਂ ਅਸਾਮੀਆਂ ਦਾ ਪੁਨਰਗਠਨ ਕਰਦੇ ਹੋਏ ਪਟਵਾਰੀਆਂ ਦੀਆਂ ਕਰੀਬ 1056 ਅਸਾਮੀਆਂ ਖ਼ਤਮ ਕਰਨ ਦੇ ਨੋਟੀਫਿਕੇਸ਼ਨ ਨੂੰ ਰੱਦ ਕਰਵਾਉਣ ਦੀ ਮੰਗ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਂ ਦਿ ਰੈਵੀਨਿਊ ਪਟਵਾਰ ਯੂਨੀਅਨ ਦੇ ਸੂਬਾ ਪ੍ਰਧਾਨ ਹਰਵੀਰ ਸਿੰਘ ਢੀਂਡਸਾ ਤੇ ਜ਼ਿਲ੍ਹਾ ਸੰਗਰੂਰ ਅਤੇ ਮਾਲੇਰਕੋਟਲਾ ਦੇ ਪ੍ਰਧਾਨ ਦੀਦਾਰ ਸਿੰਘ ਛੋਕਰ ਦੀ ਰਹਿਨੁਮਾਈ ਹੇਠ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਨੂੰ ਮੰਗ ਪੱਤਰ ਸੌਂਪਿਆ। ਇਸ ਮੌਕੇ ਸ੍ਰੀ ਢੀਂਡਸਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਮਾਲ ਪਟਵਾਰੀ ਦੀਆਂ ਅਸਾਮੀਆਂ ਦਾ ਪੁਨਰਗਠਨ ਕਰਦੇ ਹੋਏ ਪਟਵਾਰੀਆਂ ਦੀਆਂ ਪੰਜਾਬ ਵਿੱਚ ਅਸਾਮੀਆਂ ਦੀ ਗਿਣਤੀ 4716 ਤੋਂ ਘਟਾ ਕੇ 3660 ਕਰ ਦਿੱਤੀ ਸੀ ਜਿਸ ਨਾਲ ਲਗਭਗ 1056 ਪਟਵਾਰੀ ਦੀਆਂ ਅਸਾਮੀਆਂ ਖ਼ਤਮ ਹੋ ਗਈਆਂ ਹਨ। ਸ੍ਰੀ ਢੀਂਡਸਾ ਨੇ ਕਿਹਾ ਕਿ ਮੰਗ ਪੱਤਰ ਵਿੱਚ ਮੁੱਖ ਮੰਗ 1056 ਪਟਵਾਰੀਆਂ ਦੀਆਂ ਅਸਾਮੀਆਂ ਨੂੰ ਖ਼ਤਮ ਕਰਨ ਵਾਲੇ ਨੋਟੀਫਿਕੇਸ਼ਨ ਨੂੰ ਖਾਰਜ ਕਰਨ ਤੋਂ ਇਲਾਵਾ ਹੋਰ ਮੰਗਾਂ ਜਿਵੇਂ 1227 ਪਟਵਾਰੀਆਂ ਦੇ ਪਰਖ਼ ਕਾਲ ਨੂੰ 3 ਸਾਲ ਤੋਂ 2 ਕਰਨ, 1996 ਤੋਂ ਬਾਅਦ ਦੇ ਸੀਨੀਅਰ ਜੂਨੀਅਰ ਸਕੇਲ ਦੇ ਫ਼ਰਕ ਨੂੰ ਖ਼ਤਮ ਕਰਨ, ਪਟਵਾਰੀਆਂ ਨੂੰ ਬਾਇਓਮੀਟਰਿਕ ਦਾ ਖ਼ਰਚ ਅਤੇ ਪ੍ਰਤੀ ਮਹੀਨਾ ਵਾਈਫਾਈ ਦਾ ਖ਼ਰਚ ਮੁਹੱਈਆ ਕਰਾਉਣ, ਬਸਤਾ ਭੱਤਾ ਤੇ ਸਟੇਸ਼ਨਰੀ ਭੱਤਾ ਵਧਾਉਣ ਆਦਿ ਮੰਗਾਂ ਸ਼ਾਮਲ ਹਨ। ਇਸ ਮੌਕੇ ਤਹਿਸੀਲ ਮਾਲੇਰਕੋਟਲਾ ਦੇ ਪ੍ਰਧਾਨ ਹਰਿੰਦਰਜੀਤ ਸਿੰਘ, ਜਨਰਲ ਸਕੱਤਰ ਹਰਦੀਪ ਸਿੰਘ ਮੰਡੇਰ, ਪਟਵਾਰੀ ਪਰਮਜੀਤ ਸਿੰਘ ਨਾਰੀਕੇ, ਤਹਿਸੀਲ ਅਹਿਮਦਗੜ੍ਹ ਦੇ ਪ੍ਰਧਾਨ ਜਗਦੀਪ ਸਿੰਘ ਹਾਜ਼ਰ ਸਨ।