ਪੱਤਰ ਪ੍ਰੇਰਕ/ਨਿੱਜੀ ਪੱਤਰ ਪ੍ਰੇਰਕ
ਸੰਗਰੂਰ 30 ਜੁਲਾਈ
ਜ਼ਿਲ੍ਹਾ ਯੂਥ ਪ੍ਰਧਾਨ ਸੰਗਰੂਰ ਰਾਜਵੰਤ ਘੁੱਲੀ ਅਤੇ ਹਲਕਾ ਸਹਿ ਪ੍ਰਧਾਨ ਸੰਗਰੂਰ ਨਰਿੰਦਰ ਕੌਰ ਭਰਾਜ ਦੀ ਅਗਵਾਈ ’ਚ ਆਮ ਆਦਮੀ ਪਾਰਟੀ ਜ਼ਿਲ੍ਹਾ ਸੰਗਰੂਰ ਦੀ ਇਕਾਈ ਵੱਲੋਂ ਬਰਸਾਤ ਰਾਹੀਂ ਹੋਏ ਨੁਕਸਾਨ ਦੇ ਮੁਆਵਜ਼ੇ ਦੀ ਮੰਗ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਂ ਮੰਗ ਮੈਮੋਰੰਡਮ ਡੀਸੀ ਨਰਭਿੰਦਰ ਸਿੰਘ ਗਰੇਵਾਲ ਨੂੰ ਸੌਂਪਿਆ ਗਿਆ। ਆਗੂਆਂ ਨੇ ਕਿਹਾ ਕਿ ਪੰਜਾਬ ਵਿਚ ਮੁਕਤਸਰ, ਬਠਿੰਡਾ, ਮਾਨਸਾ, ਸੰਗਰੂਰ ਅਤੇ ਫ਼ਿਰੋਜ਼ਪੁਰ ਜ਼ਿਲ੍ਹਿਆਂ ਵਿਚ ਮੀਂਹ ਨੇ ਨਰਮੇ ਦੀ ਫ਼ਸਲ ਦਾ ਭਾਰੀ ਨੁਕਸਾਨ ਕੀਤਾ ਹੈ। ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਚੋਣਾਂ ਦੌਰਾਨ ਵਾਅਦਾ ਕੀਤਾ ਸੀ ਕਿ ਕੁਦਰਤੀ ਬਿਪਤਾ ਨਾਲ ਫ਼ਸਲਾਂ ਦਾ ਨੁਕਸਾਨ ਹੋਣ ਦੀ ਸੂਰਤ ਵਿਚ ਪ੍ਰਭਾਵਿਤ ਕਿਸਾਨਾਂ ਨੂੰ 20,000 ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇਗਾ, ਪਰ ਸਰਕਾਰ ਵੱਲੋਂ ਅਜੇ ਤਕ ਕੋਈ ਵੀ ਵਿਸ਼ੇਸ਼ ਗਿਰਦਾਵਰੀ ਕਰਵਾਉਣ ਅਤੇ ਕਿਸਾਨਾਂ ਨੂੰ ਮੁਆਵਜ਼ਾ ਦੇਣ ਸਬੰਧੀ ਕੋਈ ਹੁਕਮ ਨਹੀਂ ਦਿੱਤੇ ਗਏ ਹਨ। ਜਿਸ ਨਾਲ ਕਿਸਾਨਾਂ ਵਿਚਭਾਰੀ ਰੋਸ ਪਾਇਆ ਜਾ ਰਿਹਾ ਹੈ। ਆਗੂਆਂ ਨੇ ਮੰਗ ਕੀਤੀ ਕਿ ਵਿਸ਼ੇਸ਼ ਗਿਰਦਾਵਰੀ ਕਰਵਾ ਕੇ ਕਿਸਾਨਾਂ ਨੂੰ ਤੁਰੰਤ ਮੁਆਵਜ਼ਾ ਦਿੱਤਾ ਜਾਵੇ।