ਪੱਤਰ ਪ੍ਰੇਰਕ
ਲਹਿਰਾਗਾਗਾ, 22 ਅਕਤੂਬਰ
ਪੰਜਾਬ ਨੰਬਰਦਾਰਾ ਯੂਨੀਅਨ ਨੇ ਸੰਗਰੂਰ ਵਿੱਚ ਮੁੱਖ ਮੰਤਰੀ ਦੀ ਰਿਹਾਇਸ਼ ਨੇੇੜੇ ਜਾਰੀ ਰੋਸ ਪ੍ਰਦਰਸ਼ਨਾਂ ਵਿੱਚ ਸ਼ਾਮਲ ਨੰਬਰਦਾਰਾਂ ਖਿਲਾਫ਼ ਦਰਜ ਕੇਸ ਰੱਦ ਕੀਤੇ ਜਾਣ ਦੀ ਮੰਗ ਕੀਤੀ ਹੈ। ਯੂਨੀਅਨ ਦੇ ਬਲਾਕ ਸੀਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਨੰਬਰਦਾਰ ਦੀ ਅਗਵਾਈ ਵਿੱਚ ਸਥਾਨਕ ਗੁਰਦੁਆਰਾ ਸਾਹਿਬ ਵਿਖੇ ਹੋਈ ਮੀਟਿੰਗ ਨੂੰ ਵੱਖ ਵੱਖ ਬੁਲਾਰਿਆਂ ਨੇ ਸੰਬੋਧਨ ਕੀਤਾ। ਬੁਲਾਰਿਆਂ ਨੇ ਸਰਕਾਰ ਕੋਲੋਂ ਮੰਗ ਕਰਦਿਆਂ ਕਿਹਾ ਕਿ ਦਰਜ ਕੀਤੇ ਕੇਸ ਰੱਦ ਕੀਤੇ ਜਾਣ ਅਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਯੂਨੀਅਨ ਪ੍ਰਧਾਨ ਗੁਰਪਾਲ ਸਿੰਘ ਸਮਰਾ ਨਾਲ ਮੀਟਿੰਗ ਦੌਰਾਨ ਜਿਹੜੀਆਂ ਮੰਗਾਂ ਮੰਨੀਆਂ ਸਨ, ਉਨ੍ਹਾਂ ਬਾਰੇ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇ। ਯੂਨੀਅਨ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਤੇ ਹੋਰਨਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਬੇਨਤੀ ਕਰਦਿਆਂ ਕਿਹਾ ਕਿ ਨੰਬਰਦਾਰਾਂ ਦੀਆਂ ਮੰਗਾਂ ਜਲਦੀ ਤੋਂ ਜਲਦੀ ਲਾਗੂ ਕੀਤੀਆਂ ਜਾਣ।