ਪੱਤਰ ਪ੍ਰੇਰਕ
ਭਵਾਨੀਗੜ੍ਹ, 28 ਅਗਸਤ
ਆਜ਼ਾਦ ਪੇਂਡੂ ਚੌਕੀਦਾਰ ਵੈੱਲਫੇਅਰ ਐਸੋਸੀਏਸ਼ਨ ਪੰਜਾਬ ਦੀ ਮੀਟਿੰਗ ਸੂਬਾ ਪ੍ਰਧਾਨ ਸਤਗੁਰ ਸਿੰਘ ਮਾਝੀ ਦੀ ਪ੍ਰਧਾਨਗੀ ਹੇਠ ਅੱਜ ਇੱਥੇ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਵਿਖੇ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਸਤਿਗੁਰ ਸਿੰਘ ਮਾਝੀ ਨੇ ਕਿਹਾ ਕਿ ਉਨ੍ਹਾਂ ਦੀ ਜਥੇਬੰਦੀ ਵੱਲੋਂ 2022 ਦੀਆਂ ਵਿਧਾਨ ਸਭਾ ਚੋਣਾਂ ਮੌਕੇ ਚੋਣਕਾਰ ਰਜਿਸਟ੍ਰੇਸ਼ਨ ਅਫਸਰ ਵਿਧਾਨ ਸਭਾ ਸੰਗਰੂਰ ਦੇ ਦਫ਼ਤਰ ਵਿਖੇ ਚੌਕੀਦਾਰਾਂ ਦੁਆਰਾ ਹਰੇਕ ਚੋਣ ਦੌਰਾਨ ਨਿਭਾਈ ਜਾਣ ਵਾਲੀ ਡਿਊਟੀ ਬਦਲੇ ਬਣਦਾ ਮਾਣ ਭੱਤਾ ਦੇਣ ਦੀ ਮੰਗ ਕੀਤੀ ਗਈ ਸੀ।
ਉਨ੍ਹਾਂ ਰੋਸ ਪ੍ਰਗਟ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਚੋਣ ਕਮਿਸ਼ਨਰ ਚੋਣ ਕਮਿਸ਼ਨਰ ਨੂੰ ਚੌਕੀਦਾਰਾਂ ਵੱਲੋਂ ਨਿਭਾਈਆਂ ਜਾ ਰਹੀਆਂ ਡਿਊਟੀਆਂ ਬਾਰੇ ਕੋਈ ਤਜਵੀਜ਼ ਬਣਾ ਕੇ ਹੀ ਨਹੀਂ ਭੇਜੀ ਗਈ, ਜਿਸ ਕਾਰਨ ਉਨ੍ਹਾਂ ਨੂੰ ਬਣਦਾ ਦਾ ਮਾਣ ਭੱਤਾ ਨਹੀਂ ਦਿੱਤਾ ਜਾ ਰਿਹਾ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਚੌਕੀਦਾਰਾਂ ਪ੍ਰਤੀ ਵਿਤਕਰੇ ਭਰੇ ਵਤੀਰੇ ਦੇ ਰੋਸ ਵਜੋਂ 6 ਸਤੰਬਰ 2024 ਨੂੰ ਡਿਪਟੀ ਕਮਿਸ਼ਨਰ ਸੰਗਰੂਰ ਦੇ ਦਫਤਰ ਅੱਗੇ ਧਰਨਾ ਲਗਾਇਆ ਜਾਵੇਗਾ। ਮੀਟਿੰਗ ਵਿੱਚ ਪਾਲ ਸਿੰਘ ਅਰਨੋ ਮੀਤ ਪ੍ਰਧਾਨ, ਜਰਨੈਲ ਸਿੰਘ, ਬਲਜੀਤ ਸਿੰਘ, ਅਮਰਜੀਤ ਸਿੰਘ ਰੋਪੜ, ਸਤਪਾਲ ਸਿੰਘ ਨੰਗਲ, ਸੇਵਕ ਸਿੰਘ, ਹਾਕਮ ਸਿੰਘ ਲਿੱਦੜਾਂ, ਸੁਖਪ੍ਰੀਤ ਸਿੰਘ, ਰਣਜੀਤ ਸਿੰਘ, ਕਾਨ ਸਿੰਘ, ਲਾਲ ਸਿੰਘ ਅਤੇ ਮਹਿੰਦਰ ਸਿੰਘ ਬਰਨਾਲਾ ਆਦਿ ਹਾਜ਼ਰ ਸਨ।