ਨਿਜੀ ਪੱਤਰ ਪ੍ਰੇਰਕ
ਸੰਗਰੂਰ, 6 ਅਪਰੈਲ
ਪਿੰਡ ਘਰਾਚੋਂ ਦੇ ਸਰਪੰਚ ਨੂੰ ਮੁਅੱਤਲ ਕਰਨ ਵਿਰੁੱਧ ਵਿੱਚ ਆਮ ਆਦਮੀ ਪਾਰਟੀ ਵਲੋਂ ਇੱਥੇ ਦਿੱਲੀ-ਲੁਧਿਆਣਾ ਹਾਈਵੇਅ ’ਤੇ ਸਥਿਤ ਭਗਵਾਨ ਮਹਾਂਵੀਰ ਚੌਕ ਵਿਚ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਖ਼ਿਲਾਫ਼ ਅਰਥੀ ਫ਼ੂਕ ਮੁਜ਼ਾਹਰਾ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਸਰਪੰਚ ਨੂੰ ਸਿਆਸੀ ਰੰਜਿਸ਼ ਤਹਿਤ ਮੁਅੱਤਲ ਕਰਵਾਉਣ ਦਾ ਦੋਸ਼ ਲਾਉਂਦਿਆਂ ਮੰਗ ਕੀਤੀ ਕਿ ਸਰਪੰਚ ਨੂੰ ਤੁਰੰਤ ਅਹੁਦੇ ’ਤੇ ਬਹਾਲ ਕੀਤਾ ਜਾਵੇ। ਆਮ ਆਦਮੀ ਪਾਰਟੀ ਦੇ ਵਲੰਟੀਅਰ ਇਥੇ ਭਗਵਾਨ ਮਹਾਂਵੀਰ ਚੌਂਕ ਵਿਚ ਜ਼ਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਬਦੇਸ਼ਾ ਦੀ ਅਗਵਾਈ ਹੇਠ ਇਕੱਠੇ ਹੋਏ ਅਤੇ ਕੈਬਨਿਟ ਮੰਤਰੀ ਖ਼ਿਲਾਫ਼ ਅਰਥੀ ਫ਼ੂਕ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ‘ਆਪ’ ਦੇ ਟਰੇਡ ਵਿੰਗ ਦੇ ਸਕੱਤਰ ਗੁਨਿੰਦਰਜੀਤ ਸਿੰਘ ਮਿੰਕੂ ਜਵੰਧਾ, ਨਰਿੰਦਰ ਕੌਰ ਭਰਾਜ ਅਤੇ ਅਵਤਾਰ ਸਿੰਘ ਈਲਵਾਲ ਨੇ ਕਿਹਾ ਕਿ ਪਿੰਡ ਘਰਾਚੋਂ ਦੇ ਸਰਪੰਚ ਗੁਰਮੇਲ ਸਿੰਘ ਨੂੰ ਸਿਰਫ਼ ਸਿਆਸੀ ਰੰਜਿਸ਼ ਤਹਿਤ ਅਹੁਦੇ ਤੋਂ ਮੁਅੱਤਲ ਕੀਤਾ ਗਿਆ ਜੋ ਕਿ ਲੋਕਤੰਤਰ ਦਾ ਘਾਣ ਹੈ। ਇਸ ਮੌਕੇ ‘ਆਪ’ ਵਲੰਟੀਅਰਾਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ ਅਤੇ ਗੁਰਮੇਲ ਸਿੰਘ ਸਰਪੰਚ ਘਰਾਚੋਂ ਦੀ ਤੁਰੰਤ ਬਹਾਲੀ ਦੀ ਮੰਗ ਕੀਤੀ ਗਈ ਕੀਤਾ ਜਾਵੇ। ਇਸ ਮੌਕੇ ਰਾਜਵੰਤ ਸਿੰਘ ਘੁੱਲੀ, ਅਨਵਰ ਧੂਰੀ, ਰਣਬੀਰ ਸਿੰਘ ਢੀਂਡਸਾ, ਰਾਜਿੰਦਰ ਸਿੰਘ ਗੋਗੀ, ਹਰਦੀਪ ਸਿੰਘ ਤੂਰ, ਚਰਨਜੀਤ ਚੰਨੀ ਹਾਜ਼ਰ ਸਨ।