ਗੁਰਨਾਮ ਸਿੰਘ ਚੌਹਾਨ
ਪਾਤੜਾਂ, 9 ਅਗਸਤ
ਪਿੰਡ ਭੂਤਗੜ੍ਹ ਦੇ ਨੌਜਵਾਨ ਦੀ ਪੁਲੀਸ ਹਿਰਾਸਤ ਚ ਹੋਈ ਮੌਤ ਮਗਰੋਂ ਪਰਿਵਾਰਕ ਮੈਂਬਰਾਂ ਵੱਲੋਂ ਜਨਤਕ ਜਥੇਬੰਦੀਆਂ ਦੇ ਸਹਿਯੋਗ ਨਾਲ ਸ਼ੁਰੂ ਕੀਤਾ ਗਿਆ ਸੰਘਰਸ਼ ਲਗਾਤਾਰ ਜਾਰੀ ਹੈ ਪਰ ਪ੍ਰਸ਼ਾਸਨ ਵੱਲੋਂ ਹਾਲੇ ਤੱਕ ਮਾਮਲੇ ਦੇ ਹੱਲ ਲਈ ਕੋਈ ਵੀ ਕੋਸ਼ਿਸ਼ ਨਾ ਕੀਤੇ ਜਾਣ ਤੋਂ ਖਫ਼ਾ ਸੰਘਰਸ਼ ਕਮੇਟੀ ਦੇ ਆਗੂਆਂ ਨੇ ਅੱਜ ਦੁਪਹਿਰ ਸਮੇਂ ਥਾਣੇ ਦਾ ਮੁੱਖ ਦਰਵਾਜ਼ਾ ਬੰਦ ਕਰ ਦਿੱਤਾ। ਪ੍ਰਸ਼ਾਸਨ ਵੱਲੋਂ ਮਾਮਲੇ ਦੇ ਹੱਲ ਲਈ ਕੋਈ ਸਾਰਥਕ ਯਤਨ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕਰ ਦਿੱਤਾ ਜਾਵੇਗਾ। ਇਸ ਦੌਰਾਨ ਸੰਘਰਸ਼ ਕਮੇਟੀ ਦੀ ਮੀਟਿੰਗ ’ਚ ਰੋਹ ਨੂੰ ਹੋਰ ਪ੍ਰਚੰਡ ਕਰਨ ਦੇ ਮਕਸਦ ਨਾਲ ਪਿੰਡਾਂ ਵਿੱਚ ਲੋਕਾਂ ਦੀ ਲਾਮਬੰਦੀ ਦੀ ਮੁਹਿੰਮ ਸ਼ੁਰੂ ਕਰਨ ਦਾ ਐਲਾਨ ਕਰਦਿਆਂ ਸੋਮਵਾਰ ਤੋਂ ਪਿੰਡਾਂ ’ਚ ਪ੍ਰਚਾਰ ਗੱਡੀ ਚਲਾਉਣ ਦਾ ਫੈਸਲਾ ਲਿਆ ਗਿਆ। ਜਨਤਕ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਹੈ ਕਿ ਭੂਤਗੜ੍ਹ ਵਾਸੀ ਬੀਰਬਲ ਸਿੰਘ ਅੱਤ ਦੇ ਗਰੀਬ ਪਰਿਵਾਰ ਨਾਲ ਸਬੰਧਤ ਹੋਣ ਕਰਕੇ ਜਥੇਬੰਦੀਆਂ ਉਸ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਮੈਦਾਨ ਵਿੱਚ ਨਿੱਤਰੀਆਂ ਹਨ ਤੇ ਉਦੋਂ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ ਜਦੋਂ ਤੱਕ ਬੀਰਬਲ ਦੇ ਪਰਿਵਾਰ ਨੂੰ ਇਨਸਾਫ ਨਹੀਂ ਮਿਲ ਜਾਂਦਾ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਪਰਿਵਾਰ ਨੂੰ 25 ਲੱਖ ਰੁਪਏ ਦੀ ਮਦਦ ਦੇਣ ਦੇ ਨਾਲ ਨਾਲ ਉਸ ਦੀ ਵਿਧਵਾ ਅਤੇ ਅਪਾਹਜ ਪਤਨੀ ਤੇ ਬੱਚਿਆਂ ਲਈ ਪੈਨਸ਼ਨ ਦਾ ਪ੍ਰਬੰਧ ਕਰੇ। ਆਗੂਆਂ ਨੇ ਕਿਹਾ ਕਿ ਪੋਸਟਮਾਰਟਮ ਹੋ ਜਾਣ ਦੇ ਬਾਵਜੂਦ ਪ੍ਰਸ਼ਾਸਨ ਬੀਰਬਲ ਸਿੰਘ ਦੀ ਲਾਸ਼ ਪਰਿਵਾਰ ਨੂੰ ਨਹੀਂ ਦੇ ਰਿਹਾ ਜੋ ਸਰਾਸਰ ਧੱਕਾ ਹੈ। ਆਗੂਆਂ ਨੇ ਐਲਾਨ ਕੀਤਾ ਕਿ ਅਣਮਿੱਥੇ ਸਮੇਂ ਦਾ ਧਰਨਾ ਲਗਾਤਾਰ ਜਾਰੀ ਰਹੇਗਾ।
ਇਸ ਮੌਕੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਹਰਭਜਨ ਸਿੰਘ ਬੁੱਟਰ ,ਕੁੱਲ ਹਿੰਦ ਕਿਸਾਨ ਸਭਾ ਦੇ ਸੂਬਾ ਮੀਤ ਪ੍ਰਧਾਨ ਕਾਮਰੇਡ ਕੁਲਵੰਤ ਸਿੰਘ ਮੌਲਵੀਵਾਲਾ, ਦਿਹਾਤੀ ਮਜ਼ਦੂਰ ਸਭਾ ਦੇ ਜ਼ਿਲ੍ਹਾ ਪ੍ਰਧਾਨ ਪੂਰਨ ਚੰਦ ਨਨਹੇੜਾ, ਬਲਾਕ ਪ੍ਰਧਾਨ ਪ੍ਰਲਾਦ ਸਿੰਘ ਨਿਆਲ ਆਦਿ ਹਾਜ਼ਰ ਸਨ।
ਜਾਂਚ ਹੋਣ ਮਗਰੋਂ ਸਚਾਈ ਸਾਹਮਣੇ ਆ ਜਾਵੇਗੀ: ਡੀਐੱਸਪੀ
ਦੂਜੇ ਪਾਸੇ ਡੀਐੱਸਪੀ ਪਾਤੜਾਂ ਭਰਭੂਰ ਸਿੰਘ ਨੇ ਧਰਨਾਕਾਰੀਆਂ ਨੂੰ ਸ਼ਾਂਤ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ ਅਦਾਲਤ ਨੇ ਮਾਮਲੇ ਦੀ ਜੁਡੀਸ਼ੀਅਲ ਜਾਂਚ ਸਿਵਲ ਜੱਜ ਸਮਾਣਾ ਰਮਨਦੀਪ ਕੌਰ ਨੂੰ ਸੌਂਪ ਦਿੱਤੀ ਹੈ। ਜਾਂਚ ਹੋਣ ਮਗਰੋਂ ਸਾਰੀ ਸਚਾਈ ਸਾਹਮਣੇ ਆ ਜਾਵੇਗੀ। ਜੇ ਕੋਈ ਪੁਲੀਸ ਕਰਮਚਾਰੀ ਦੋਸ਼ੀ ਪਾਇਆ ਗਿਆ ਤਾਂ ਉਸ ਖ਼ਿਲਾਫ਼ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।