ਪੱਤਰ ਪ੍ਰੇਰਕ
ਲਹਿਰਾਗਾਗਾ, 8 ਜੁਲਾਈ
ਇਥੇ ਬਿਜਲੀ ਮੁਲਾਜ਼ਮ ਏਕਤਾ ਮੰਚ ਲਹਿਰਾ ਗਾਗਾ ਤੇ ਪੈਨਸ਼ਨਰਜ਼ ਐਸੋਸੀਏਸ਼ਨ ਸੰਘਰਸ਼ ਕਮੇਟੀ ਵੱਲੋਂ ਕੀਤੇ ਫੈਸਲੇ ਅਨੁਸਾਰ ਅੱਜ ਲਹਿਰਾਗਾਗਾ ਮੰਡਲ ਅੱਗੇ ਮੁਲਾਜ਼ਮਾਂ ਤੇ ਪੈਨਸ਼ਰਜ਼ ਵੱਲੋਂ ਜਗਰੂਪ ਸਿੰਘ ਦੀ ਅਗਵਾਈ ਵਿੱਚ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ। ਇਸ ਇਕੱਠ ਵਿੱਚ ਪੂਰਨ ਸਿੰਘ ਖਾਈ, ਗੁਰਪਿਆਰ ਸਿੰਘ,ਜਗਦੇਵ ਸਿੰਘ,ਦਵਿੰਦਰ ਸਿੰਘ ਪਸੋਰ, ਮਹਿੰਦਰ ਸਿੰਘ,ਰਾਮ ਚੰਦਰ ਸਿੰਘ ਖਾਈ, ਸੁਖਚੈਨ ਸਿੰਘ,ਗੁਰਛੈਬਰ ਸਿੰਘ, ਮੰਗਤ ਰਾਮ ਨੇ ਪੰਜਾਬ ਸਰਕਾਰ ਦੇ ਪਾਵਰਕੌਮ ਦੀਆਂ ਮੁਲਾਜ਼ਮ ਤੇ ਪੈਨਸ਼ਨਰਜ਼ ਮਾਰੂ ਨੀਤੀਆਂ ਦਾ ਵਿਰੋਧ ਕੀਤਾ ਗਿਆ ਅਤੇ ਅਧਿਆਪਕਾਂ ਤੇ ਬਾਕੀ ਵਰਗਾਂ ਦੇ ਮੁਲਾਜ਼ਮਾਂ ਤੇ ਕੀਤੇ ਗਏ ਲਾਠੀਚਾਰਜ ਦੀ ਭਰਪੂਰ ਨਿਖੇਧੀ ਕੀਤੀ ਗਈ। ਧਰਨਾਕਾਰੀਆਂ ਨੇ ਮੰਗ ਕੀਤੀ ਕਿ ਇਨ੍ਹਾਂ ਦੇ ਬਣਦੇ ਹੱਕ ਦਿੱਤੇ ਜਾਣ।
ਇਸੇ ਤਰ੍ਹਾਂ ਸਿਵਲ ਹਸਪਤਾਲ ਵਿਚ ਸਿਹਤ ਵਿਭਾਗ ਦੇ ਸੁਪਰਵਾਈਜ਼ਰਾਂ ਅਤੇ ਵਰਕਰਾਂ ਨੇ ਛੇਵੇਂ ਤਨਖਾਹ ਕਮਿਸ਼ਨ ਸਬੰਧੀ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜੀਆਂ ਅਤੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਕਰਮਚਾਰੀਆਂ ਅਤੇ ਪੈਨਸ਼ਨਰਾਂ ਲਈ ਪੇਸ਼ ਕੀਤੀ ਛੇਵੇਂ ਤਨਖਾਹ ਕਮਿਸ਼ਨ ਦੀ ਰਿਪੋਰਟ ਸਮੁੱਚੇ ਮੁਲਾਜ਼ਮ ਵਰਗ ਨੇ ਨਕਾਰ ਦਿੱਤੀ ਹੈ।
ਧੂਰੀ (ਖੇਤਰੀ ਪ੍ਰਤੀਨਿਧ/ਨਿੱਜੀ ਪੱਤਰ ਪ੍ਰੇਰਕ): ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਸੰਘਰਸ਼ ਤਾਲਮੇਲ ਕਮੇਟੀ ਪਾਵਰਕੌਮ ਦੇ ਸੱਦੇ ’ਤੇ ਅੱਜ ਮੰਡਲ ਦਫਤਰ ਦੇ ਗੇਟ ਅੱਗੇ ਪੰਜਾਬ ਸਰਕਾਰ ਦੀ ਅਰਥੀ ਫੂਕ ਰੈਲੀ ਕੀਤੀ ਗਈ, ਜਿਸਦੀ ਪ੍ਰਧਾਨਗੀ ਸੁਖਦੇਵ ਸਿੰਘ, ਅਮਰਜੀਤ ਸਿੰਘ, ਦਲਵੀਰ ਸਿੰਘ ਘਨੌਰ, ਕੁਲਵੰਤ ਸਿੰਘ ਕੋਲਸੇੜੀ ਆਦਿ ਨੇ ਕੀਤੀ। ਬੁਲਾਰਿਆਂ ਨੇ ਛੇਂਵੇ ਪੇ ਕਮਿਸ਼ਨ ਦੀ ਰਿਪੋਰਟ ਨੂੰ ਮੁੱਢੋਂ ਰੱਦ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਕਈ ਭੱਤੇ ਕੱਟ ਕੇ ਮੁਲਾਜ਼ਮਾਂ ਵਿੱਚ ਆਪਸੀ ਪੁਆੜਾ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨਾ ਕਿਹਾ ਕਿ ਰੋਸ ਵਜੋਂ 8 ਅਤੇ 9 ਜੁਲਾਈ ਦੋ ਦਿਨਾਂ ਸੰਘਰਸ਼ ਕੀਤਾ ਜਾ ਰਿਹਾ ਹੈ ਅਤੇ ਇਸੇ ਲੜੀ ਤਹਿਤ 29 ਜੁਲਾਈ ਨੂੰ ਪਟਿਆਲਾ ਮੁੱਖ ਦਫਤਰ ਅੱਗੇ ਧਰਨਾ ਦਿੱਤਾ ਜਾਵੇਗਾ।
ਰਾਜਪੁਰਾ (ਪੱਤਰ ਪ੍ਰੇਰਕ): ਪੰਜਾਬ ਅਤੇ ਯੂ.ਟੀ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਦਿੱਤੇ ਗਏ ਸੱਦੇ ’ਤੇ ਸੈਕੜੇ ਮੁਲਾਜ਼ਮਾਂ ਵੱਲੋਂ ਆਪਣੀਆਂ ਭਖਦੀਆਂ ਮੰਗਾਂ ਨੂੰ ਲੈ ਕੇ ਮੁਲਾਜ਼ਮ ਆਗੂਆਂ ਲਖਵਿੰਦਰ ਸਿੰਘ ਖਾਨਪੁਰ, ਸੰਦੀਪ ਕੁਮਾਰ, ਬਲਵੀਰ ਸਿੰਘ ਮੰਡੌਲੀ, ਹਰਪ੍ਰੀਤ ਸਿੰਘ ਲੋਚਮਾ, ਵਿਕਰਮਜੀਤ ਸਿੰਘ ਅਤੇ ਹੋਰਨਾਂ ਦੀ ਅਗਵਾਈ ਵਿੱਚ ਇਥੋਂ ਦੇ ਫੁਆਰਾ ਚੌਕ ਵਿੱਚ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਕੇ 6ਵੇਂ ਪੇਅ ਕਮਿਸ਼ਨ ਦੀਆਂ ਕਾਪੀਆ ਸਾੜੀਆ ਗਈਆ।
ਨਾਭਾ (ਪੱਤਰ ਪ੍ਰੇਰਕ): ਅੱਜ ਪੰਜਾਬ ਯੂ.ਟੀ. ਮੁਲਾਜ਼ਮ ਅਤੇ ਪੈਂਨਸ਼ਨਰ ਸਾਂਝਾ ਫਰੰਟ ਪੰਜਾਬ ਦੇ ਸੱਦੇ ’ਤੇ ਮੁਲਾਜ਼ਮਾਂ ਵੱਲੋਂ 8 ਅਤੇ 9 ਜੁਲਾਈ ਦੀ ਹੜਤਾਲ ਜੰਗਲਾਤ ਕਮਿਆਂ ਦੇ ਨਾਭਾ ਵਿੱਚ ਚੱਲ ਰਹੇ ਪੱਕੇ ਮੋਰਚੇ ਵਿੱਚ ਰੈਲੀ ਕੀਤੀ ਗਈ। ਇਸ ਰੈਲੀ ਨੂੰ ਸੰਬੋਧਨ ਕਰਦਿਆਂ ਇਕਬਾਲ ਸਿੰਘ, ਜਸਵਿੰਦਰ ਸਿੰਘ ਸੌਜਾ, ਚਮਕੌਰ ਸਿੰਘ ਧਾਰੋਂਕੀ ਅਤੇ ਬਲਕਾਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਹੁਣ ਤੱਕ ਸਮੁੱਚੇ ਵਿਭਾਗਾਂ ਵਿੱਚ ਕੰਮ ਕਰਦੇ ਕੱਚੇ ਕਾਮੇ ਪੱਕੇ ਨਹੀਂ ਕੀਤੇ, 2019 ਤੋਂ ਘੱਟੋ ਘੱਟ ਉਜ਼ਰਤ ਵਿੱਚ ਵਾਧਾ ਨਹੀਂ ਕੀਤਾ ਗਿਆ, ਡੀ.ਏ. ਦੀਆਂ ਕਿਸ਼ਤਾਂ ਨਹੀਂ ਦਿੱਤੀਆਂ ਗਈਆਂ, ਪੁਰਾਣੀ ਪੈਂਨਸਨ ਸਕੀਮ ਬਹਾਲ ਕੀਤੀ ਜਾਵੇ।
ਮਾਲੇਰਕੋਟਲਾ (ਨਿੱਜੀ ਪੱਤਰ ਪ੍ਰੇਰਕ): ਪਾਵਰਕੌਮ ਪੈਨਸ਼ਨਰਜ਼ ਐਸੋਸੀਏਸ਼ਨ ਮੰਡਲ ਮਾਲੇਰਕੋਟਲਾ ਵੱਲੋਂ ਮਿਰਜ਼ਾ ਸਿੰਘ ਦੀ ਪ੍ਰਧਾਨਗੀ ਹੇਠ ਧਰਨਾ ਦਿੱਤਾ ਗਿਆ। ਇਸ ਮੌਕੇ ਮੁਲਾਜ਼ਮ ਆਗੂ ਪਿਆਰਾ ਲਾਲ ਵੱਲੋਂ ਛੇਵੇਂ ਪੇ-ਕਮਿਸ਼ਨ ਦੀ ਰਿਪੋਰਟ ਬਾਰੇ ਜਾਣਕਾਰੀ ਦਿੱਤੀ, ਜਿਸ ਨੂੰ ਐਸੋਸੀਏਸ਼ਨ ਵੱਲੋਂ ਸਿਰੇ ਤੋਂ ਰੱਦ ਕੀਤਾ ਗਿਆ। ਬੁਲਾਰਿਆਂ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਅਤੇ ਆਊਟ ਸੋਰਸਿੰਗ ਕਾਮਿਆਂ ਨੂੰ ਰੈਗੂਲਰ ਕਰਨ ਦੀ ਪੁਰਜ਼ੋਰ ਮੰਗ ਕੀਤੀ ਗਈ।
ਸੁਨਾਮ ਊਧਮ ਸਿੰਘ ਵਾਲਾ (ਪੱਤਰ ਪ੍ਰੇਰਕ): ਅੱਜ ਇਥੇ ਪੰਜਾਬ ਐਂਡ ਯੂਟੀ ਮੁਲਾਜ਼ਮ ਅਤੇ ਪੈਨਸ਼ਰ ਜੁਆਇੰਟ ਫਰੰਟ ਪੰਜਾਬ ਦੇ ਸੱਦੇ ’ਤੇ ਤਹਿਸੀਲ ਸੁਨਾਮ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਦੀ ਅਰਥੀ ਫੁਕਦਿਆਂ ਜਬਰਦਸਤ ਰੋਸ ਮੁਜ਼ਾਹਰਾ ਕੀਤਾ। ਮੁਲਾਜ਼ਮ ਆਗੂਆਂ ਭੁਪਿੰਦਰ ਸਿੰਘ ਛਾਜਲੀ, ਭਰਭੂਰ ਸਿੰਘ ਛਾਜਲੀ, ਉਜਾਗਰ ਸਿੰਘ ਜੱਗਾ ਤੇ ਗੁਰਬਖਸ਼ ਸਿੰਘ ਦੀ ਅਗਵਾਈ ਵਿਚ ਐੱਸਡੀਐੱਮ ਦਫਤਰ ਅੱਗੇ ਇਕਠੇ ਹੋਏ ਮੁਲਾਜ਼ਮਾਂ ਨੇ ਤਨਖਾਹ ਕਮਿਸ਼ਨ ਦੀ ਰਿਪੋਰਟ ਨੂੰ ਮੁਲਾਜ਼ਮ ਮਾਰੂ ਗਰਦਾਨਦਿਆਂ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ।
ਸਿਹਤ ਮੁਲਾਜ਼ਮਾਂ ਵਲੋਂ ਦੋ ਦਿਨਾ ਕਲਮ ਛੋੜ ਹੜਤਾਲ
ਦੇਵੀਗੜ੍ਹ (ਪੱਤਰ ਪ੍ਰੇਰਕ): ਪੰਜਾਬ ਸਰਕਾਰ ਵੱਲੋਂ ਹਾਲ ਹੀ ਵਿਚ ਪੇਸ਼ ਕੀਤੇ ਗਏ 6ਵੇਂ ਪੇ-ਕਮਿਸ਼ਨ ਦੀਆਂ ਸਿਫਾਰਸ਼ਾਂ ਨੂੰ ਮੁੱਢ ਤੋਂ ਹੀ ਰੱਦ ਕਰਦਿਆਂ ਪੰਜਾਬ ਦੇ ਮੁਲਾਜ਼ਮ ਵਰਗ ਵਲੋਂ 8 ਅਤੇ 9 ਜੁਲਾਈ ਨੂੰ ਕਲਮਛੋੜ ਹੜਤਾਲ ਕਰਨ ਦਾ ਫੈਸਲਾ ਕੀਤਾ ਗਿਆ। ਜਿਸ ਤਹਿਤ ਸਮੂਹਿਕ ਸਿਹਤ ਕੇਂਦਰ ਦੂਧਨਸਾਧਾਂ ਵਿੱਚ ਵਿਭਾਗ ਦੇ ਸਾਰੇ ਕੇਡਰ ਫਾਰਮਾਸਿਸਟ, ਮਲਟੀਪਰਪਜ਼ ਹੈਲਥ ਸੁਪਰਵਾਈਜ਼ਰ, ਏ.ਐਨ.ਐਮਜ਼., ਮਾਸ ਮੀਡੀਆ, ਲੈਬੋਰੇਟਰੀ ਟੈਕਨੀਸ਼ੀਅਰ, ਸਟਾਫ ਨਰਸ ਵਲੋਂ ਪੇ-ਕਮਿਸ਼ਨ ਦੇ ਵਿਰੋਧ ਵਿੱਚ ਦੋ ਦਿਨਾਂ ਕਲਮਛੋੜ ਹੜਤਾਲ ਦੀ ਸ਼ੁਰੂਆਤ ਕੀਤੀ।
ਛੇਵੇਂ ਤਨਖਾਹ ਕਮਿਸ਼ਨ ਦੀਆਂ ਕਾਪੀਆਂ ਸਾੜੀਆਂ
ਭਵਾਨੀਗੜ੍ਹ (ਪੱਤਰ ਪ੍ਰੇਰਕ): ਪੰਜਾਬ ਅਤੇ ਯੂਟੀ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਬਲਾਕ ਭਵਾਨੀਗੜ੍ਹ ਦੇ ਸੱਦੇ ’ਤੇ ਛੇਵੇਂ ਪੰਜਾਬ ਤਨਖਾਹ ਕਮਿਸ਼ਨ ਦੀਆਂ ਕਾਪੀਆਂ ਸਾੜਦਿਆਂ ਅਤੇ ਸਰਕਾਰ ਵੱਲੋਂ ਹੱਕੀ ਮੰਗਾਂ ਵਿਸਾਰਨ ਦੇ ਵਿਰੋਧ ਵਿੱਚ ਸੈਂਕੜੇ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਸਮੂਹ ਮੁਲਾਜ਼ਮਾਂ ਨੇ 9 ਜੁਲਾਈ ਨੂੰ ਮੁਲਾਜ਼ਮਾਂ ਦੇ ਸਾਂਝੇ ਵਿਸ਼ਾਲ ਰੋਸ ਪ੍ਰਦਰਸ਼ਨਾਂ ਤੇ ਚੱਕਾ ਜਾਮ ਦਾ ਹਿੱਸਾ ਬਣਨ ਦਾ ਅਹਿਦ ਕੀਤਾ ਅਤੇ 29 ਜੁਲਾਈ ਨੂੰ ਪੰਜਾਬ-ਯੂਟੀ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਦੇ ਬੈਨਰ ਹੇਠ ਪਟਿਆਲਾ ਸ਼ਹਿਰ ਵਿੱਚ ਸਮੁੱਚੀਆਂ ਮੁਲਾਜ਼ਮ ਮੰਗਾਂ ਨੂੰ ਲੈ ਕੇ ਹੋਣ ਜਾ ਰਹੀ ਇਤਿਹਾਸਕ ਮਹਾਂ ਰੈਲੀ ਵਿਚ ਭਰਵੀਂ ਸ਼ਮੂਲੀਅਤ ਕਰਨ ਦਾ ਫ਼ੈਸਲਾ ਵੀ ਕੀਤਾ।