ਰਮੇਸ਼ ਭਾਰਦਵਾਜ
ਲਹਿਰਾਗਾਗਾ, 6 ਜੂਨ
ਇੱਥੇ ਅੱਜ ਲੋਕ ਚੇਤਨਾ ਮੰਚ ਲਹਿਰਾਗਾਗਾ ਵੱਲੋਂ ਕਿਸਾਨੀ ਸੰਘਰਸ਼ ਦੇ ਹੱਕ ਵਿੱਚ ਦੂਜਾ ਹਫ਼ਤਾਵਾਰੀ ਪ੍ਰਦਰਸ਼ਨ ਕੀਤਾ ਗਿਆ। ਮੰਚ ਦੇ ਮੈਂਬਰਾਂ ਨੇ ਕਿਸਾਨਾਂ ਦੇ ਹੱਕ ਵਿਚ ਅਤੇ ਮੋਦੀ ਸਰਕਾਰ ਦੇ ਵਿਰੋਧ ਵਿੱਚ ਤਖ਼ਤੀਆਂ ਤੇ ਬੈਨਰ ਹੱਥਾਂ ਵਿਚ ਫੜੇ ਹੋਏ ਸਨ।
ਮੰਚ ਦੇ ਸਕੱਤਰ ਹਰਭਗਵਾਨ ਗੁਰਨੇ ਨੇ ਦੱਸਿਆ ਕਿ ਇਸ ਪ੍ਰਦਰਸ਼ਨ ਦਾ ਮਕਸਦ ਲੋਕਾਂ ਨੂੰ ਜਾਗ੍ਰਿਤ ਕਰ ਕੇ ਕਿਸਾਨੀ ਸੰਘਰਸ਼ ਨਾਲ ਜੋੜਨਾ ਹੈ। ਉਨ੍ਹਾਂ ਕਿਹਾ ਕਿ ਜਿੰਨਾ ਚਿਰ ਮੋਦੀ ਸਰਕਾਰ ਤਿੰਨੋਂ ਕਾਲੇ ਖੇਤੀ ਕਾਨੂੰਨ ਵਾਪਸ ਨਹੀਂ ਲੈਂਦੀ ਓਨਾ ਚਿਰ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਜਮਹੂਰੀ ਅਧਿਕਾਰ ਸਭਾ ਦੇ ਜ਼ਿਲ੍ਹਾ ਪ੍ਰਧਾਨ ਨਾਮਦੇਵ ਭੁਟਾਲ ਨੇ ਕਿਹਾ ਕਿ ਮੋਦੀ ਸਰਕਾਰ ਤਾਨਾਸ਼ਾਹ ਸਰਕਾਰ ਹੈ। ਉਸ ਨੇ ਹਰੇਕ ਵਰਗ ਪ੍ਰਤੀ ਤਾਨਾਸ਼ਾਹੀ ਰਵੱਈਆ ਅਪਣਾਇਆ ਹੋਇਆ ਹੈ ਤੇ ਇਸੇ ਤਹਿਤ ਵੱਡੀ ਗਿਣਤੀ ਬੁੱਧੀਜੀਵੀਆਂ ਨੂੰ ਬਿਨਾ ਮਤਲਬ ਤੋਂ ਜੇਲ੍ਹਾਂ ਵਿੱਚ ਡੱਕਿਆ ਹੋਇਆ ਹੈ। ਦੇਸ਼ ਵਿਚ ਅਣਐਲਾਨੀ ਐਮਰਜੈਂਸੀ ਵਰਗੇ ਹਾਲਾਤ ਬਣੇ ਹੋਏ ਹਨ। ਇਸ ਮੌਕੇ ਜਗਦੀਸ਼ ਪਾਪੜਾ ਨੇ ਕਿਹਾ ਕਿ ਦੇਸ਼ ਦੇ ਲੋਕ ਇਸ ਅਣਐਲਾਨੀ ਐਮਰਜੈਂਸੀ ਨੂੰ ਕਦੇ ਬਰਦਾਸ਼ਤ ਨਹੀਂ ਕਰਨਗੇ। ਇਸ ਪ੍ਰਦਰਸ਼ਨ ਵਿਚ ਗੁਰਚਰਨ ਸਿੰਘ, ਰਘਬੀਰ ਭੁਟਾਲ, ਭੀਮ ਸਿੰਘ, ਬਰਿੰਦਰ ਸਿੰਘ, ਮਾਸਟਰ ਕੁਲਦੀਪ ਸਿੰਘ ਤੇ ਮਾਸਟਰ ਜੱਜ ਰਾਮ ਵੀ ਹਾਜ਼ਰ ਸਨ।