ਹੁਸ਼ਿਆਰ ਸਿੰਘ ਰਾਣੂ
ਮਾਲੇਰਕੋਟਲਾ, 1 ਸਤੰਬਰ
ਕੈਬਨਿਟ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਿਕਾਸ ਕਾਰਜਾਂ ਨੂੰ ਅਗਲੇ 50 ਸਾਲਾਂ ਨੂੰ ਧਿਆਨ ਵਿੱਚ ਰੱਖ ਕੇ ਨੇਪਰੇ ਚਾੜਿ੍ਹਆ ਜਾ ਰਿਹਾ ਹੈ। ਉਨ੍ਹਾਂ ਡਿਪਟੀ ਕਮਿਸ਼ਨਰ ਦਫ਼ਤਰ ਵਿੱਚ ਵਿਕਾਸ ਕਾਰਜਾਂ ਦੀ ਸਮੀਖਿਆ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮਾਲੇਰਕੋਟਲਾ ਵਿੱਚ ਮੈਡੀਕਲ ਕਾਲਜ ਸਥਾਪਤ ਕਰਨ ਵਿੱਚ ਪੰਜਾਬ ਸਰਕਾਰ ਵੱਲੋਂ ਕੋਈ ਵੀ ਢਿੱਲ ਨਹੀਂ ਵਰਤੀ ਜਾ ਰਹੀ। ਇਸ ਸਬੰਧੀ ਹਾਈ ਕੋਰਟ ਵੱਲੋਂ ਸਟੇਟਸ-ਕੋ ਜਾਰੀ ਕੀਤਾ ਹੋਇਆ ਹੈ।
ਸਥਾਨਕ ਸਰਕਾਰੀ ਹਸਪਤਾਲ ਵਿੱਚ ਸਟਾਫ ਅਤੇ ਸਹੂਲਤਾਂ ਦੀ ਘਾਟ ਬਾਰੇ ਉਨ੍ਹਾਂ ਕਿਹਾ ਕਿ ਇਸ ਸਮੱਸਿਆ ਨੂੰ ਅਗਲੇ ਕੁਝ ਦਿਨਾਂ ਵਿੱਚ ਹੱਲ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹਸਪਤਾਲ ਨੂੰ ਅਪਗ੍ਰੇਡ ਕਰਨ ਲਈ ਪ੍ਰਸ਼ਾਸਨ ਨੂੰ ਪ੍ਰਸਤਾਵ ਭੇਜਣ ਲਈ ਕਿਹਾ ਗਿਆ ਹੈ ਤੇ ਹਸਪਤਾਲ ਵਿਚ ਮਾਨਸਿਕ ਰੋਗਾਂ ਦੇ ਮਾਹਿਰ ਡਾਕਟਰ ਦੀ ਪੱਕੀ ਡਿਊਟੀ ਲੱਗੇਗੀ। ਇਸ ਤੋਂ ਪਹਿਲਾਂ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਉਨ੍ਹਾਂ ਆਮ ਆਦਮੀ ਕਲੀਨਿਕ ਬਾਰੇ ਜਾਣਕਾਰੀ ਲਈ।
ਉਨ੍ਹਾਂ ਡਿਪਟੀ ਕਮਿਸ਼ਨਰ ਨੂੰ ਕਿਹਾ ਕਿ ਸਿਹਤ ਸਹੂਲਤਾਂ ਨੂੰ ਹੋਰ ਬਿਹਤਰ ਕਰਨ ਲਈ ਸੀਐੱਸਆਰ ਦੇ ਫੰਡ ਸਿਹਤ ਖੇਤਰ ਵਿੱਚ ਲਗਾਏ ਜਾਣ, ਸ਼ਹਿਰ ਦੀ ਸੀਵਰੇਜ ਸਮੱਸਿਆ ਨੂੰ ਜਲਦ ਹੀ ਹੱਲ ਕੀਤਾ ਜਾਵੇ, ਲੋੜਵੰਦ ਲੋਕਾਂ ਦੀਆਂ ਸਹੂਲਤਾਂ ਨਾ ਰੋਕੀਆਂ ਜਾਣ, ਲੋੜਵੰਦ ਲੋਕਾਂ ਨੂੰ ਰਾਸ਼ਨ ਦੀ ਸਹੀ ਅਤੇ ਸਮੇਂ ਸਿਰ ਵੰਡ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਬਿਜਲੀ ਵਿਭਾਗ ਨੂੰ ਆਪਣੀ ਕਾਰਗੁਜ਼ਾਰੀ ਸੁਧਾਰਨ ਦੀ ਹਦਾਇਤ ਕੀਤੀ ਅਤੇ ਪੰਜਾਬ ਨਿਰਮਾਣ ਪ੍ਰੋਗਰਾਮ ਦੇ ਕੰਮ 30 ਸਤੰਬਰ ਤੱਕ ਮੁਕੰਮਲ ਕਰਨ ਦੇ ਆਦੇਸ਼ ਦਿੱਤੇ।
ਵਿਧਾਇਕ ਨੇ ਜ਼ਿਲ੍ਹਾ ਮਾਲੇਰਕੋਟਲਾ ਦੀਆਂ ਸਮੱਸਿਆਵਾਂ ਬਾਰੇ ਜਾਣੂ ਕਰਵਾਇਆ
ਹਲਕਾ ਵਿਧਾਇਕ ਡਾਕਟਰ ਜਮੀਲ-ਉਰ-ਰਹਿਮਾਨ ਨੇ ਜ਼ਿਲ੍ਹਾ ਮਾਲੇਰਕੋਟਲਾ ਦੀਆਂ ਸਮੱਸਿਆਵਾਂ ਬਾਰੇ ਕੈਬਨਿਟ ਮੰਤਰੀ ਨੂੰ ਜਾਣੂ ਕਰਵਾਇਆ। ਇਸੇ ਦੌਰਾਨ ਕੈਬਨਿਟ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਨੇ ਕਿਹਾ ਕਿ ਖੇਤੀ ਮਸ਼ੀਨਾਂ ਉੱਤੇ ਸਬਸਿਡੀ ਦੇ ਮਾਮਲਿਆਂ ਦੀ ਘੋਖ ਕੀਤੀ ਜਾਵੇ, ਵਿਸ਼ੇਸ਼ ਕੈਂਪ ਲਗਾ ਕੇ ਲੌੜਵੰਦਾਂ ਦੇ ਨਵੇਂ ਪੈਨਸ਼ਨ ਕੇਸ ਪਾਸ ਕੀਤੇ ਜਾਣ। ਇਸੇ ਦੌਰਾਨ ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਨੇ ਭਰੋਸਾ ਦਿੱਤਾ ਕਿ ਵਿਕਾਸ ਕਾਰਜਾਂ ਅਤੇ ਆਮ ਲੋਕਾਂ ਨੂੰ ਵਿਕਾਸ ਯੋਜਨਾਵਾਂ ਦਾ ਲਾਭ ਦਿਵਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।