ਗੁਰਦੀਪ ਸਿੰਘ ਲਾਲੀ
ਸੰਗਰੂਰ, 9 ਮਾਰਚ
ਏਡਿਡ ਸਕੂਲਾਂ ਦੇ ਪੰਜਾਬ ਭਰ ਤੋਂ ਪੁੱਜੇ ਅਣਏਡਿਡ ਮੁਲਾਜ਼ਮਾਂ ਨੇ ਅੱਜ ਮੁੱਖ ਮੰਤਰੀ ਦੀ ਕੋਠੀ ਅੱਗੇ ਰੋਸ ਧਰਨਾ ਦਿੱਤਾ ਅਤੇ ਮੰਗਾਂ ਪੂਰੀਆਂ ਨਾ ਕੀਤੇ ਜਾਣ ਦੇ ਰੋਸ ਵਜੋਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਪ੍ਰਦਰਸ਼ਨਕਾਰੀਆਂ ਤੇ ਪੁਲੀਸ ਵਿਚਾਲੇ ਖਿੱਚ-ਧੂਹ ਵੀ ਹੋਈ ਪਰ ਪੁਲੀਸ ਨੇ ਉਨ੍ਹਾਂ ਨੂੰ ਅੱਗੇ ਨਾ ਵਧਣ ਦਿੱਤਾ। ਜਾਣਕਾਰੀ ਅਨੁਸਾਰ ਅੱਜ ਵੱਖ-ਵੱਖ ਜ਼ਿਲ੍ਹਿਆਂ ਤੋਂ ਪੁੱਜੇ ਏਡਿਡ ਸਕੂਲਾਂ ਦੇ ਅਣਏਡਿਡ ਮੁਲਾਜ਼ਮ ਕੌਮੀ ਮਾਰਗ-7 ਦੇ ਪਟਿਆਲਾ ਬਾਈਪਾਸ ਓਵਰਬ੍ਰਿੱਜ ਨੇੜੇ ਇਕੱਠੇ ਹੋਏ, ਜਿਥੇ ਉਨ੍ਹਾਂ ਰੋਸ ਰੈਲੀ ਕੀਤੀ। ਇਸ ਮਗਰੋਂ ਰੋਸ ਮਾਰਚ ਕਰਦੇ ਹੋਏ ਮੁੱਖ ਮੰਤਰੀ ਦੀ ਰਿਹਾਇਸ਼ੀ ਕਲੋਨੀ ਦੇ ਗੇਟ ਕੋਲ ਪੁੱਜੇ ਜਿਥੇ ਪਹਿਲਾਂ ਤੋਂ
ਤਾਇਨਾਤ ਪੁਲੀਸ ਨੇ ਉਨ੍ਹਾਂ ਨੂੰ ਅੱਗੇ ਵਧਣ ਤੋਂ ਰੋਕਿਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਤੇ ਪੁਲੀਸ ਵਿਚਕਾਰ ਖਿੱਚ-ਧੂਹ ਹੋਈ। ਅੱਗੇ ਨਾ ਵਧਣ ਦੇਣ ’ਤੇ ਪ੍ਰਦਰਸ਼ਨਕਾਰੀਆਂ ਨੇ ਉਥੇ ਹੀ ਧਰਨਾ ਆਰੰਭ ਦਿੱਤਾ।
ਧਰਨੇ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਨਿਰਭੈ ਸਿੰਘ, ਮੀਤ ਪ੍ਰਧਾਨ ਸੁਖਚੈਨ ਸਿੰਘ ਗੁਰਦਾਸਪੁਰ ਅਤੇ ਸੂਬਾ ਪ੍ਰੈੱਸ ਸਕੱਤਰ ਵਰਿੰਦਰ ਸਿੰਘ ਸੰਗਰੂਰ ਨੇ ਕਿਹਾ ਕਿ 31 ਜਨਵਰੀ ਨੂੰ ਯੂਨੀਅਨ ਦੀ ਕੈਬਨਿਟ ਸਬ-ਕਮੇਟੀ ਨਾਲ ਮੀਟਿੰਗ ਹੋਈ ਸੀ ਜਿਸ ਦੌਰਾਨ ਸਿੱਖਿਆ ਵਿਭਾਗ ਨੂੰ ਅਣਏਡਿਡ ਸਟਾਫ਼ ਦਾ ਪੂਰਾ ਡਾਟਾ ਇਕੱਤਰ ਕਰਨ ਲਈ ਕਿਹਾ ਗਿਆ ਸੀ ਪਰ ਸਿੱਖਿਆ ਵਿਭਾਗ ਵੱਲੋਂ ਅਣਏਡਿਡ ਸਟਾਫ਼ ਦੀ ਸਿਰਫ਼ ਗਿਣਤੀ ਹੀ ਮੰਗੀ ਗਈ ਤੇ ਮੰਗਾਂ ਨੂੰ ਗੰਭੀਰਤਾ ਨਾਲ ਲੈ ਕੇ ਹੱਲ ਨਹੀਂ ਕੀਤਾ ਗਿਆ ਜਿਸ ਕਾਰਨ ਰੋਹ ਵਿੱਚ ਆਏ ਅਣਏਡਿਡ ਮੁਲਾਜ਼ਮਾਂ ਨੂੰ ਸੰਘਰਸ਼ ਲਈ ਮਜਬੂਰ ਹੋਣਾ ਪੈ ਰਿਹਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਏਡਿਡ ਸਕੂਲਾਂ ਦੀ ਗਿਣਤੀ 484 ਸੀ, ਜੋ ਹੁਣ ਘੱਟ ਕੇ 437 ਰਹਿ ਗਈ ਹੈ। ਇਨ੍ਹਾਂ ਸਕੂਲਾਂ ਵਿੱਚ ਢਾਈ ਲੱਖ ਦੇ ਕਰੀਬ ਵਿਦਿਆਰਥੀ ਪੜ੍ਹਦੇ ਹਨ। ਇਨ੍ਹਾਂ ਸਕੂਲਾਂ ਵਿੱਚ ਲੰਮੇ ਸਮੇਂ ਤੋਂ ਸਟਾਫ਼ ਸਿਰਫ਼ ਨਿਗੂਣੀਆਂ ਤਨਖਾਹਾਂ ’ਤੇ ਸੇਵਾਵਾਂ ਨਿਭਾਅ ਰਿਹਾ ਹੈ, ਪਰ ਵਾਰ-ਵਾਰ ਮੀਟਿੰਗਾਂ ਹੋਣ ਦੇ ਬਾਵਜੂਦ ਸਟਾਫ਼ ਨੂੰ ਰੈਗੂਲਰ ਨਹੀਂ ਕੀਤਾ ਜਾ ਰਿਹਾ। ਇਸ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਯੂਨੀਅਨ ਦੀ ਕੈਬਨਿਟ ਸਬ ਕਮੇਟੀ ਨਾਲ 14 ਮਾਰਚ ਦੀ ਮੀਟਿੰਗ ਤੈਅ ਕਰਵਾਈ ਗਈ ਜਿਸ ਤੋਂ ਬਾਅਦ ਪ੍ਰਦਰਸ਼ਨਕਾਰੀ ਸ਼ਾਂਤ ਹੋਏ।