ਗੁਰਦੀਪ ਸਿੰਘ ਲਾਲੀ
ਸੰਗਰੂਰ, 11 ਨਵੰਬਰ
ਕਰੀਬ ਤਿੰਨ ਮਹੀਨਿਆਂ ਤੋਂ ਤਨਖਾਹ ਨਾ ਮਿਲਣ ਤੋਂ ਖਫ਼ਾ ਖੇਤੀਬਾੜੀ ਵਿਭਾਗ ਦੀ ਆਤਮਾ ਸਕੀਮ ਅਧੀਨ ਕੰਮ ਕਰ ਰਹੇ ਮੁਲਾਜ਼ਮਾਂ ਵੱਲੋਂ ਇਥੇ ਮੁੱਖ ਖੇਤੀਬਾੜੀ ਦਫ਼ਤਰ ਅੱਗੇ 15ਵੇਂ ਦਿਨ ਵੀ ਰੋਸ ਧਰਨਾ ਜਾਰੀ ਰਿਹਾ। ਧਰਨਾਕਾਰੀਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਜਲਦ ਤਨਖਾਹਾਂ ਜਾਰੀ ਨਾ ਕੀਤੀਆਂ ਗਈਆਂ ਤਾਂ ਸੰਘਰਸ਼ ਤੇਜ਼ ਕੀਤਾ ਜਾਵੇਗਾ।
ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਆਤਮਾ ਯੂਨੀਅਨ ਦੇ ਪ੍ਰਧਾਨ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਯੂਨੀਅਨ ਦੇ ਨੁਮਾਇੰਦਿਆਂ ਵੱਲੋਂ ਜ਼ਿਲ੍ਹਾ ਪੱਧਰ ’ਤੇ 25 ਅਕਤੂਬਰ ਨੂੰ ਡਿਪਟੀ ਕਮਿਸ਼ਨਰ ਸੰਗਰੂਰ ਅਤੇ 29 ਅਕਤੂਬਰ ਨੂੰ ਡਿਪਟੀ ਕਮਿਸ਼ਨਰ ਮਾਲੇਰਕੋਟਲਾ ਨੂੰ ਮੰਗ ਪੱਤਰ ਦਿੱਤੇ ਗਏ ਹਨ ਅਤੇ ਤਨਖਾਹਾਂ ਨਾ ਮਿਲਣ ਕਾਰਨ ਰੋਸ ਪ੍ਰਗਟ ਕੀਤਾ ਗਿਆ ਸੀ। ਮੁਲਾਜ਼ਮਾਂ ਵੱਲੋਂ ਤੁਰੰਤ ਤਨਖਾਹਾਂ ਜਾਰੀ ਕਰਾਉਣ ਦੀ ਮੰਗ ਕੀਤੀ ਗਈ ਸੀ। ਇਸਦੇ ਬਾਵਜੂਦ ਤਨਖਾਹਾਂ ਨਹੀਂ ਮਿਲੀਆਂ। ਯੂਨੀਅਨ ਵੱਲੋਂ ਅਲਟੀਮੇਟਮ ਦਿੱਤਾ ਗਿਆ ਸੀ ਕਿ ਜੇਕਰ ਤਨਖਾਹਾਂ ਨਾ ਮਿਲੀਆਂ ਤਾਂ ਮੁੱਖ ਖੇਤੀਬਾੜੀ ਦਫ਼ਤਰ ਅੱਗੇ ਅਣਮਿਥੇ ਸਮੇਂ ਲਈ ਰੋਸ ਧਰਨਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸਦੇ ਬਾਵਜੂਦ ਤਨਖਾਹਾਂ ਜਾਰੀ ਨਹੀਂ ਹੋਈਆਂ ਜਿਸ ਕਾਰਨ ਸਟਾਫ਼ ਨੂੰ ਰੋਸ ਧਰਨਾ ਲਾਉਣ ਲਈ ਮਜਬੂਰ ਹੋਣਾ ਪਿਆ ਹੈ। ਉਨ੍ਹਾਂ ਕਿਹਾ ਕਿ ਪਿਛਲੇ ਤਿੰਨ ਮਹੀਨਿਆਂ ਤੋਂ ਤਨਖਾਹਾਂ ਨਾ ਮਿਲਣ ਕਾਰਨ ਮੁਲਾਜ਼ਮਾਂ ਨੂੰ ਭਾਰੀ ਆਰਥਿਕ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅੱਜ ਦੇ ਮਹਿੰਗਾਈ ਦੇ ਦੌਰ ਵਿਚ ਆਪਣੇ ਪਰਿਵਾਰਾਂ ਦਾ ਗੁਜ਼ਾਰਾ ਚਲਾਉਣਾ ਸੰਭਵ ਨਹੀਂ ਹੈ। ਉਨ੍ਹਾਂ ਕਿਹਾ ਕਿ ਤਨਖਾਹਾਂ ਦੀ ਅਦਾਇਗੀ ਕਰਨ ਸਬੰਧੀ ਡਾਇਰੈਕਟਰ ਖੇਤੀਬਾੜੀ ਵਿਭਾਗ ਪੰਜਾਬ ਨੂੰ ਵੀ ਮੰਗ ਪੱਤਰ ਭੇਜਿਆ ਗਿਆ ਹੈ।