ਹਰਦੀਪ ਸਿੰਘ ਸੋਢੀ
ਧੂਰੀ, 2 ਅਕਤੂਬਰ
ਭਗਵਾਨ ਵਾਲਮੀਕਿ ਦਲਿਤ ਚੇਤਨਾ ਮੰਚ ਵੱਲੋਂ ਅੱਜ ਮੰਚ ਦੇ ਪ੍ਰਧਾਨ ਵਿੱਕੀ ਪਰੋਚਾ ਦੀ ਅਗਵਾਈ ਹੇਠ ਵਾਰਡ ਨੰਬਰ 8 ਦੇ ਕੌਂਸਲਰ ਅਜੇ ਪਰੋਚਾ ਨੂੰ ਝਗੜੇ ਦੌਰਾਨ ਕਥਿਤ ਤੌਰ ’ਤੇ ਜਾਤੀ ਸੂਚਕ ਸ਼ਬਦ ਬੋਲਣ ਵਾਲੇ ਨਗਰ ਕੌਂਸਲ ਦੇ ਸੈਨੇਟਰੀ ਇੰਸਪੈਕਟਰ ਖ਼ਿਲਾਫ਼ ਪੁਲੀਸ ਕਾਰਵਾਈ ਨਾ ਕਰਨ ’ਤੇ ਸਿਟੀ ਥਾਣੇ ਅੱਗੇ ਧਰਨਾ ਦਿੱਤਾ ਗਿਆ। ਮੰਚ ਦੇ ਪ੍ਰਧਾਨ ਵਿੱਕੀ ਪਰੋਚਾ ਨੇ ਪੁਲੀਸ ’ਤੇ ਕਥਿਤ ਸਿਆਸੀ ਦਬਾਅ ਹੇਠ ਕਾਰਵਾਈ ਨਾ ਕਰਨ ਦਾ ਦੋਸ਼ ਲਾਇਆ। ਉਨ੍ਹਾਂ ਕਿਹਾ ਕਿ ਪੁਲੀਸ ਨੇ ਸੈਨੇਟਰੀ ਇੰਸਪੈਕਟਰ ਦੇ ਬਿਆਨ ’ਤੇ ਕੌਂਸਲਰ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਹੈ। ਜਦੋਂ ਕਿ ਉਨ੍ਹਾਂ ਵੱਲੋਂ ਇੰਸਪੈਕਟਰ ਖਿਲਾਫ਼ ਪਹਿਲਾਂ ਸ਼ਿਕਾਇਤ ਕੀਤੀ ਗਈ ਸੀ। ਇਸ ਮੌਕੇ ਸਾਬਕਾ ਸੰਸਦੀ ਸਕੱਤਰ ਪ੍ਰਕਾਸ਼ ਚੰਦ ਗਰਗ ਨੇ ਸਮਾਜ ਨਾਲ ਖੜਨ ਦਾ ਭਰੋਸਾ ਦਿੱਤਾ। ਸਾਬਕਾ ਵਿਧਾਇਕ ਧਨਵੰਤ ਸਿੰਘ ਨੇ ਮੰਗ ਕੀਤੀ ਪੁਲੀਸ ਆਪਣੀ ਕਾਰਵਾਈ ਕਰੇ। ਡੀਐੱਸਪੀ ਧੂਰੀ ਪਰਮਿੰਦਰ ਸਿੰਘ ਨੇ ਕਿਹਾ ਕਿ ਸੈਨੇਟਰੀ ਇੰਸਪੈਕਟਰ ਦੇ ਬਿਆਨ ’ਤੇ ਕੌਸਲਰ ਅਜੇ ਪਰੋਚਾ ਖ਼ਿਲਾਫ਼ ਸਰਕਾਰੀ ਡਿਊਟੀ ’ਚ ਵਿਘਨ ਪਾਉਣ ਦੇ ਦੋਸ਼ ਹੇਠ ਮੁਕੱਦਮਾ ਦਰਜ ਕੀਤਾ ਗਿਆ ਹੈ ਅਤੇ ਦੂਜੀ ਧਿਰ ਵੱਲੋਂ ਜਾਤੀ ਸੂਚਕ ਸ਼ਬਦ ਬੋਲਣ ਵਾਲੀ ਦਿੱਤੀ ਗਈ ਸ਼ਿਕਾਇਤ ਬਾਰੇ ਪੜਤਾਲ ਕੀਤੀ ਜਾਵੇਗੀ ਅਤੇ ਜੋ ਤੱਥ ਸਾਹਮਣੇ ਆਉਣਗੇ ਉਸ ਅਨੁਸਾਰ ਕਾਰਵਾਈ ਕੀਤੀ ਜਾਵੇਗੀ।