ਮੁਕੰਦ ਸਿੰਘ ਚੀਮਾ
ਸੰਦੌੜ, 23 ਅਗਸਤ
ਰਾੜਾ ਸਾਹਿਬ ਸੰਪਰਦਾਇ ਦੇ ਬਾਨੀ ਸੰਤ ਈਸ਼ਰ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸੰਤ ਆਸ਼ਰਮ ਈਸਰਸਰ ਫਤਹਿਗੜ੍ਹ ਪੰਜਗਰਾਈਆਂ ਵਿਖੇ ਕਰਵਾਏ ਗਏ ਧਾਰਮਿਕ ਸਮਾਗਮ ਦੌਰਾਨ ਵਾਤਾਵਰਨ ਦੀ ਸ਼ੁੱਧਤਾ ਲਈ ਸੰਗਤਾਂ ਨੂੰ ਬੂਟਿਆਂ ਦਾ ਪ੍ਰਸ਼ਾਦ ਵੰਡਿਆ ਗਿਆ। ਗੁਰੂ ਘਰ ਦੇ ਮੁੱਖ ਸੇਵਾਦਾਰ ਸੰਤ ਬਲਕਾਰ ਸਿੰਘ ਪੰਜਗਰਾਈਆਂ ਵਾਲਿਆਂ ਨੇ ਸੰਗਤਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਪ੍ਰਮਾਤਮਾ ਵੱਲੋਂ ਉਪਜੀ ਗਈ ਕੁਦਰਤ ਨੂੰ ਹਰਾ ਭਰਾ ਰੱਖਣਾ ਮਨੁੱਖ ਦਾ ਮੁੱਢਲਾ ਫਰਜ਼ ਹੈ। ਉਨ੍ਹਾਂ ਕਿਹਾ ਕਿ ਕੇਵਲ ਰੁੱਖ ਲਗਾਉਣਾ ਹੀ ਸਾਡਾ ਕਾਰਜ ਨਹੀਂ ਹੋਣਾ ਚਾਹੀਦਾ ਸਗੋਂ ਰੁੱਖ ਲਗਾ ਕੇ ਉਨ੍ਹਾਂ ਦੀ ਨਿਰੰਤਰ ਸਾਂਭ ਸੰਭਾਲ ਕਰਨੀ ਵੀ ਸਾਡੀ ਜ਼ਿੰਮੇਵਾਰੀ ਬਣਦੀ ਹੈ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਪਰਿਵਾਰ ਵਿੱਚ ਹਰ ਖੁਸ਼ੀ ਦੇ ਸਮਾਗਮ ਮੌਕੇ ਵੱਧ ਤੋਂ ਵੱਧ ਬੂਟੇ ਲਗਾ ਕੇ ਕੁਦਰਤ ਪ੍ਰਤੀ ਆਪਣੇ ਫਰਜ਼ ਨੂੰ ਨਿਭਾਉਣਾ ਚਾਹੀਦਾ ਹੈ।