ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 8 ਨਵੰਬਰ
ਇੱਥੋਂ ਨੇੜਲੇ ਪਿੰਡ ਨਦਾਮਪਰ ਵਿੱਚ ਖੁਦਕਸ਼ੀ ਕਰਨ ਵਾਲੇ ਕਿਸਾਨ ਜਸਵਿੰਦਰ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅੱਜ ਪੀੜਤ ਪਰਿਵਾਰ ਦੇ ਘਰ ਪਹੁੰਚੇ।
ਇਸ ਮੌਕੇ ਬਾਜਵਾ ਨੇ ਕਿਹਾ ਕਿ ਛੋਟੀ ਕਿਸਾਨੀ ਨਾਲ ਸਬੰਧਤ ਮ੍ਰਿਤਕ ਕਿਸਾਨ ਲਗਾਤਾਰ ਮੰਡੀ ਵਿੱਚ ਆਪਣਾ ਝੋਨਾ ਵੇਚਣ ਲਈ ਰੁਲਦਾ ਰਿਹਾ ਅਤੇ ਕਣਕ ਦੀ ਬਿਜਾਈ ਦਾ ਸਮਾਂ ਹੋਣ ਦੇ ਬਾਵਜੂਦ ਡੀਏਪੀ ਖਾਦ ਨਾ ਮਿਲਣ ਕਾਰਨ ਪ੍ਰੇਸ਼ਾਨ ਸੀ। ਬਾਜਵਾ ਨੇ ਕਿਹਾ ਕਿ ਮ੍ਰਿਤਕ ਕਿਸਾਨ ਕੈਂਸਰ ਦਾ ਵੀ ਮਰੀਜ਼ ਸੀ। ਇਸ ਕਾਰਨ ਦਵਾਈਆਂ ’ਤੇ ਲੱਖਾਂ ਰੁਪਏ ਲੱਗਣ ਕਾਰਨ ਪਰਿਵਾਰ ਆਰਥਿਕ ਤੰਗੀ ਦਾ ਵੀ ਸਾਹਮਣਾ ਕਰ ਰਿਹਾ ਸੀ। ਉਨ੍ਹਾਂ ਕਿਹਾ ਕਿ ਇਸੇ ਪ੍ਰੇਸ਼ਾਨੀ ਕਾਰਨ ਕਿਸਾਨ ਖੁਦਕੁਸ਼ੀ ਕਰ ਗਿਆ।
ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਦੀ ਮੋਦੀ ਸਰਕਾਰ ਅਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਅੱਜ ਕਿਸਾਨਾਂ ਨੂੰ ਮੰਡੀਆਂ ਵਿੱਚੋਂ ਰੁਲਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਅਤੇ ਵਪਾਰੀਆਂ ਦੀ ਮਿਲੀ ਭੁਗਤ ਨਾਲ ਕਿਸਾਨਾਂ ਨੂੰ ਵੱਡਾ ਘਾਟਾ ਪੈ ਰਿਹਾ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਪੀੜਤ ਪਰਿਵਾਰ ਨੂੰ ਤੁਰੰਤ ਆਰਥਿਕ ਸਹਾਇਤਾ ਦੇਣ ਦੀ ਮੰਗ ਕੀਤੀ। ਇਸ ਮੌਕੇ ਮਹਿੰਦਰ ਸਿੰਘ ਸਾਬਕਾ ਸਰਪੰਚ, ਜਗਤਵੀਰ ਸਿੰਘ ਆਦਿ ਹਾਜ਼ਰ ਸਨ।