ਪੱਤਰ ਪ੍ਰੇਰਕ
ਰਾਜਪੁਰਾ, 5 ਅਪਰੈਲ
ਇਥੋਂ ਦੇ ਮਿਨੀ ਸਕੱਤਰੇਤ ਦੇ ਬਾਹਰ ਸ਼੍ਰੋਮਣੀ ਅਕਾਲੀ ਦਲ ਵੱਲੋਂ ਸੁਰਜੀਤ ਸਿੰਘ ਗੜ੍ਹੀ, ਸਰਕਲ ਪ੍ਰਧਾਨ ਰਣਜੀਤ ਸਿੰਘ ਰਾਣਾ ਦੀ ਸਾਂਝੀ ਅਗਵਾਈ ਵਿੱਚ ਪੰਜਾਬ ਕਾਂਗਰਸ, ਕੇਂਦਰ ਦੀ ਭਾਜਪਾ ਸਰਕਾਰ ਅਤੇ ਆਮ ਆਦਮੀ ਪਾਰਟੀ ਖ਼ਿਲਾਫ਼ ਧਰਨਾ ਦਿੱਤਾ ਗਿਆ।
ਧਰਨੇ ਦੌਰਾਨ ਪਾਰਟੀ ਆਗੂਆਂ ਨੇ ਕੈਪਟਨ ਸਰਕਾਰ ’ਤੇ ਵਾਅਦਾਖ਼ਿਲਾਫ਼ੀ ਦਾ ਦੋਸ਼ ਲਗਾਉਂਦਿਆਂ ਆਖਿਆ ਕਿ ਵਿਧਾਨ ਸਭਾ ਚੋਣਾਂ ਦੌਰਾਨ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਦੇ ਲੋਕਾਂ ਨਾਲ ਕੀਤੇ ਗਏ ਕਿਸੇ ਵੀ ਵਾਅਦੇ ਨੂੰ ਪੂਰਾ ਨਹੀਂ ਕੀਤਾ ਗਿਆ। ਸੂਬੇ ਅੰਦਰ ਬੇਰੁਜ਼ਗਾਰੀ, ਭ੍ਰਿਸ਼ਟਾਚਾਰ, ਨਸ਼ਾ ਤਸਕਰੀ ਅਤੇ ਮਾਫੀਆ ਸਰਗਰਮੀਆਂ ਵਿੱਚ ਵਾਧਾ ਹੋਇਆ ਹੈ। ਉਨ੍ਹਾਂ ਆਮ ਆਦਮੀ ਪਾਰਟੀ ਨੂੰ ਭੰਡਦਿਆਂ ਆਖਿਆ ਕਿ ‘ਆਪ’ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਹੋਰ ਆਗੂ ਵਿਰੋਧੀ ਧਿਰਾਂ ਖ਼ਿਲਾਫ਼ ਕੂੜ ਪ੍ਰਚਾਰ ਕਰ ਰਹੇ ਹਨ। ਇਸ ਮੌਕੇ ਗਿਆਨੀ ਭੁਪਿੰਦਰ ਸਿੰਘ ਗੋਲੂ, ਜਸਵਿੰਦਰ ਸਿੰਘ ਜੈਲਦਾਰ, ਅਮਰਿੰਦਰ ਸਿੰਘ ਹੈਪੀ ਹਾਸ਼ਮਪੁਰ, ਸੁਰਿੰਦਰ ਸਿੰਘ ਘੁੰਮਾਣਾ, ਬਲਵਿੰਦਰ ਸਿੰਘ ਨੇਪਰਾਂ ਸਮੇਤ ਹੋਰ ਮੌਜੂਦ ਸਨ।
ਮਾਲੇਰਕੋਟਲਾ (ਨਿੱਜੀ ਪੱਤਰ ਪ੍ਰੇਰਕ): ਸ਼੍ਰੋਮਣੀ ਅਕਾਲੀ ਦਲ ਵੱਲੋਂ ਕਾਂਗਰਸ ਸਰਕਾਰ ਤੇ ਭਗਵੰਤ ਮਾਨ ਨੂੰ ਘੇਰਨ ਲਈ ਸਥਾਨਕ ਟਰੱਕ ਯੂਨੀਅਨ ਨੇੜੇ ਰੋਸ ਧਰਨਾ ਦਿੱਤਾ ਗਿਆ। ਸ਼੍ਰੋਮਣੀ ਅਕਾਲੀ (ਬ) ਦੇ ਸ਼ਹਿਰੀ ਪ੍ਰਧਾਨ ਸ਼ਫੀਕ ਚੌਹਾਨ ਅਤੇ ਐਮਸੀ ਸਾਕਬਿ ਅਲੀ ਰਾਜਾ ਨੇ ਕਿਹਾ ਕਿ ਇਹ ਧਰਨਾ ਪੰਜਾਬ ਵਿੱਚ ਲੋਕਾਂ ਦੀ ਆਵਾਜ਼ ਨੂੰ ਸੁੱਤੀ ਪਈ ਕਾਂਗਰਸ ਸਰਕਾਰ ਨੂੰ ਜਗਾਉਣ ਅਤੇ ਕਾਂਗਰਸ ਸਰਕਾਰ ਦੇ ਝੂਠੇ ਲਾਰਿਆਂ ਤੋਂ ਨਿਜਾਤ ਦਿਵਾਉਣ ਲਈ ਦਿੱਤਾ ਗਿਆ ਹੈ। ਆਗੂਆਂ ਕਿਹਾ ਕਿ ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਵਿਗੜ ਰਹੀ ਹੈ। ਰਿਸ਼ਵਤਖੋਰੀ ਦਾ ਬੋਲਬਾਲਾ ਹੈ।
ਧੂਰੀ (ਨਿੱਜੀ ਪੱਤਰ ਪ੍ਰੇਰਕ): ਸ਼੍ਰੋਮਣੀ ਅਕਾਲੀ ਦਲ (ਬ), ਹਲਕਾ ਧੂਰੀ ਦੇ ਇੰਚਾਰਜ ਹਰੀ ਸਿੰਘ ਪ੍ਰੀਤ ਦੀ ਅਗਵਾਈ ਹੇਠ ਹਲਕੇ ਦੇ ਸਮੂਹ ਅਕਾਲੀ ਵਰਕਰਾਂ ਵੱਲੋਂ ਖੇਤੀ ਕਾਨੂੰਨ ਰੱਦ ਕਰਵਾਉਣ ਤੇ ਸੂਬਾ ਸਰਕਾਰ ਦੀਆਂ ਵਾਅਦਾਖ਼ਿਲਾਫ਼ੀਆਂ ਵਿਰੁੱਧ ਅੱਜ ਸਥਾਨਕ ਕ੍ਰਾਂਤੀ ਚੌਕ ਵਿਚ ਧਰਨਾ ਦਿੱਤਾ ਗਿਆ। ਇਸ ਮੌਕੇ ਹਰੀ ਸਿੰਘ ਨੇ ਵਪਾਰੀਆਂ ’ਤੇ ਲਗਾਏ ਗਏ 2400 ਰੁਪਏ ਸਾਲਾਨਾ ਟੈਕਸ ਦਾ ਵਿਰੋਧ ਕੀਤਾ। ਉਨ੍ਹਾਂ ਕਿਹਾ ਕਿ ਸੂਬੇ ਦੇ ਮੁੱਦਿਆਂ ’ਤੇ ਮੁੱਖ ਮੰਤਰੀ ਨੂੰ ਦਿੱਲੀ ਜਾ ਕੇ ਪ੍ਰਧਾਨ ਮੰਤਰੀ ਨਾਲ਼ ਗੱਲਬਾਤ ਕਰਨੀ ਚਾਹੀਦੀ ਹੈ।
ਅਮਰਗੜ੍ਹ (ਪੱਤਰ ਪ੍ਰੇਰਕ): ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਹਲਕਾ ਇੰਚਾਰਜ ਤੇ ਜ਼ਿਲ੍ਹਾ ਪ੍ਰਧਾਨ ਇਕਬਾਲ ਸਿੰਘ ਝੂੰਦਾਂ ਦੀ ਅਗਵਾਈ ਹੇਠ ਬਸ ਸਟੈਂਡ ’ਤੇ ਧਰਨਾ ਲਾਇਆ ਗਿਆ। ਇਸ ਮੌਕੇ ਸ੍ਰੀ ਝੂੰਦਾਂ, ਸਾਬਕਾ ਚੇਅਰਮੈਨ ਜਸਵੀਰ ਸਿੰਘ ਦਿਓਲ, ਸਾਬਕਾ ਚੇਅਰਮੈਨ ਮੇਘ ਸਿੰਘ ਗੁਆਰਾ, ਮਨਜਿੰਦਰ ਸਿੰਘ ਮਨੀ, ਰਾਜਿੰਦਰ ਸਿੰਘ ਟੀਨਾ ਨੰਗਲ ਆਦਿ ਨੇ ਸੰਬੋਧਨ ਕੀਤਾ।
ਘਨੌਰ (ਪੱਤਰ ਪ੍ਰੇਰਕ): ਕਸਬਾ ਘਨੌਰ ਦੇ ਬੱਸ ਸਟੈਂਡ ਨੇੜੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਦੁਆਰਾ ਚੋਣ ਵਾਅਦੇ ਪੂਰੇ ਨਾ ਕੀਤੇ ਜਾਣ ਖ਼ਿਲਾਫ਼ ਪਾਰਟੀ ਆਗੂਆਂ ਸ਼੍ਰੋਮਣੀ ਕਮੇਟੀ ਮੈਂਬਰ ਜਸਮੇਰ ਸਿੰਘ ਲਾਛੜੂ, ਸਰਕਲ ਪ੍ਰਧਾਨ ਕੁਲਦੀਪ ਸਿੰਘ ਘਨੌਰ ਦੀ ਸਾਂਝੀ ਅਗਵਾਈ ਵਿੱਚ ਰੋਸ ਧਰਨਾ ਦਿੱਤਾ ਗਿਆ।
ਸਮਾਣਾ (ਪੱਤਰ ਪ੍ਰੇਰਕ): ਸ਼੍ਰੋਮਣੀ ਅਕਾਲੀ ਦਲ ਵੱਲੋਂ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਰੱਖੜਾ ਦੀ ਅਗਵਾਈ ਵਿਚ ਤਹਿਸੀਲ ਨੇੜੇ ਮੁਜ਼ਾਹਰਾ ਕੀਤਾ ਗਿਆ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਵੱਲੋਂ ਝੂਠੀ ਇਸ਼ਤਿਹਾਰਬਾਜ਼ੀ ਰਾਹੀਂ ਦੋਹਰੇ ਮਾਪਦੰਡ ਆਪਨਾਉਣ ਬਾਰੇ ਚੌਕਸ ਕੀਤਾ।