ਨਿੱਜੀ ਪੱਤਰ ਪ੍ਰੇਰਕ
ਮਾਲੇਰਕੋਟਲਾ, 4 ਜਨਵਰੀ
ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੀ ਜ਼ਿਲ੍ਹਾ ਮਾਲੇਰਕੋਟਲਾ ਇਕਾਈ ਦੀ ਚੋਣ ਮੌਕੇ ਇਕੱਤਰ ਹੋਏ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਕੌਮੀ ਪ੍ਰਧਾਨ ਬੂਟਾ ਸਿੰਘ ਬੁਰਜ ਗਿੱਲ ਨੇ ਕਿਹਾ ਕਿ ਪੰਜਾਬ ਸਰਕਾਰ ਮੌਸਮ ਦੀ ਖ਼ਰਾਬੀ ਕਾਰਨ ਬਰਬਾਦ ਹੋਈ ਝੋਨੇ ਤੇ ਨਰਮੇ ਦੀ ਫ਼ਸਲ ਦਾ ਮੁਆਵਜ਼ਾ ਪ੍ਰਭਾਵਿਤ ਕਿਸਾਨਾਂ ਨੂੰ ਜਲਦੀ ਵੰਡੇ। ਉਨ੍ਹਾਂ ਕਿਹਾ ਕਿ ਸਮੇਂ ਦੀਆਂ ਕੇਂਦਰੀ ਤੇ ਸੂਬਾ ਸਰਕਾਰਾਂ ਦੀਆਂ ਗ਼ਲਤ ਨੀਤੀਆਂ ਕਾਰਨ ਕਿਸਾਨ ਕਰਜ਼ਾਈ ਹੋਏ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਖ਼ੁਦਕੁਸ਼ੀਆਂ ਕਰਨ ਦੀ ਬਜਾਏ ਜੱਥੇਬੰਦ ਹੋ ਕੇ ਕਰਜ਼ਾ ਮੁਕਤੀ ਤੇ ਹੋਰ ਕਿਸਾਨੀ ਮਸਲਿਆਂ ਦੇ ਹੱਲ ਲਈ ਸੰਘਰਸ਼ ਕਰਨਾ ਚਾਹੀਦਾ ਹੈ। ਯੂਨੀਅਨ ਦੇ ਮੀਤ ਪ੍ਰਧਾਨ ਮਨਜੀਤ ਧਨੇਰ ਨੇ ਅਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੇ ਸਬੰਧ ’ਚ ਸਪਸ਼ਟ ਕੀਤਾ ਉਨ੍ਹਾਂ ਦੀ ਜਥੇਬੰਦੀ ਦਾ ਚੋਣਾਂ ਨਾਲ ਕੋਈ ਸਬੰਧ ਨਹੀਂ। ਇਸ ਮੌਕੇ ਯੂਨੀਅਨ ਦੀ ਜ਼ਿਲ੍ਹਾ ਮਾਲੇਰਕੋਟਲਾ ਇਕਾਈ ਦੀ ਹੋਈ ਚੋਣ ਦੌਰਾਨ ਬੂਟਾ ਖਾਂ ਸੰਘੈਣ ਨੂੰ ਪ੍ਰਧਾਨ, ਨਰਿੰਦਰਜੀਤ ਸਿੰਘ ਸਲਾਰ ਅਤੇ ਜਰਨੈਲ ਸਿੰਘ ਝਨੇਰ ਮੀਤ ਪ੍ਰਧਾਨ, ਗੁਰਮੇਲ ਸਿੰਘ ਜਲਵਾਣਾ ਜਨਰਲ ਸਕੱਤਰ, ਮਹਾਂ ਸਿੰਘ ਨਾਰੋਮਾਜਰਾ ਅਤੇ ਦਰਬਾਰਾ ਸਿੰਘ ਬਾਗੜੀਆਂ ਪ੍ਰੈਸ ਸਕੱਤਰ, ਅਵਤਾਰ ਸਿੰਘ ਤੋਲੇਵਾਲ ਤੇ ਆਤਮਾ ਸਿੰਘ ਨਾਰੋਮਾਜਰਾ ਕਮੇਟੀ ਮੈਂਬਰ ਚੁਣੇ ਗਏ।