ਪੱਤਰ ਪ੍ਰੇਰਕ
ਲਹਿਰਾਗਾਗਾ, 8 ਦਸੰਬਰ
ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਵੱਲੋਂ ਦਿੱਤੇ ਗਏ ਪ੍ਰੋਗਰਾਮ ਤਹਿਤ ਅੱਜ ਤਹਿਸੀਲ ਲਹਿਰਾਗਾਗ ਦੇ ਐਲੀਮੈਂਟਰੀ ਅਧਿਆਪਕਾਂ ਵੱਲੋਂ ਸਿੱਖਿਆ ਮੰਤਰੀ ਦਾ ਪੁਤਲਾ ਸਾੜਿਆ ਗਿਆ। ਪਿਛਲੇ ਲੰਮੇ ਅਰਸੇ ਤੋਂ ਪ੍ਰਾਇਮਰੀ ਕਾਡਰ ਵਿੱਚ ਹੈੱਡ ਟੀਚਰ ਅਤੇ ਸੈਂਟਰ ਹੈੱਡ ਟੀਚਰਾਂ ਦੀਆਂ ਤਰੱਕੀਆਂ ਦਾ ਕੰਮ ਠੱਪ ਪਿਆ ਹੋਣ ਕਾਰਨ ਅਧਿਆਪਕਾਂ ਨੇ ਰੋਸ ਜ਼ਾਹਰ ਕਰਨ ਲਈ ਇਸ ਪ੍ਰੋਗਰਾਮ ਨੂੰ ਅੰਜ਼ਾਮ ਦਿੱਤਾ। ਅਧਿਆਪਕ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਾਣ ਬੁੱਝ ਕੇ ਅਧਿਆਪਕ ਮਸਲਿਆਂ ਨੂੰ ਲਟਕਾਇਆ ਜਾ ਰਿਹਾ ਹੈ। ਪ੍ਰਾਇਮਰੀ ਕਾਡਰ ਦੀਆਂ ਤਰੱਕੀਆਂ ਦੀ ਨਿਰੋਲ ਜ਼ਿੰਮੇਵਾਰੀ ਜ਼ਿਲ੍ਹਾ ਸਿੱਖਿਆ ਅਫਸਰ ਦੀ ਹੁੰਦੀ ਹੈ, ਜਦੋਂਕਿ ਇਸ ਵਾਰ ਉੱਚ ਅਧਿਕਾਰੀਆਂ ਤੋਂ ਮਨਜੂਰੀ ਲੈਣ ਦੇ ਨਾਂ ’ਤੇ ਨਵੀਂ ਪਿਰਤ ਪਾ ਕੇ ਸ਼ਕਤੀਆਂ ਦਾ ਕੇਂਦਰੀਕਰਨ ਕਰਦੇ ਹੋਏ ਅਧਿਆਪਕਾਂ ਨੂੰ ਖੱਜਲ-ਖੁਆਰ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਸਿੱਖਿਆ ਅਫਸਰ ਵੱਲੋਂ ਤਰੱਕੀ ਦੀਆਂ ਲਿਸਟਾਂ ਉੱਚ ਅਧਿਕਾਰੀਆਂ ਨੂੰ ਭੇਜਿਆਂ ਲੰਮਾ ਸਮਾਂ ਲੰਘ ਜਾਣ ਦੇ ਬਾਵਜੂਦ ਮਨਜ਼ੂਰੀ ਦੇਣ ਵਿੱਚ ਦੇਰੀ ਕੀਤੀ ਜਾ ਰਹੀ ਹੈ। ਅਧਿਆਪਕਾਂ ਨੇ ਕਿਹਾ ਕਿ ਉਹ ਵਿਭਾਗ ਦੇ ਇਸ ਰਵੱਈਏ ਨੂੰ ਬਰਦਾਸ਼ਤ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਸੰਘਰਸ਼ ਦੇ ਅਗਲੇ ਪੜਾਅ ਤਹਿਤ 11 ਦਸੰਬਰ ਨੂੰ ਜਲੰਧਰ ਵਿੱਚ ਸਿੱਖਿਆ ਮੰਤਰੀ ਦੇ ਘਿਰਾਓ ਲਈ ਰੱਖੇ ਗਏ ਸੂਬਾ ਪੱਧਰੀ ਧਰਨੇ ਵਿੱਚ ਅਧਿਆਪਕ ਵੱਡੀ ਗਿਣਤੀ ਵਿੱਚ ਸ਼ਾਮਲ ਹੋਣਗੇ। ਜਿਸ ਸੰਬੰਧੀ ਸਾਰੀ ਰਣਨੀਤੀ ਬਣਾ ਲਈ ਗਈ ਹੈ। ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਪ੍ਰਾਇਮਰੀ ਅਧਿਆਪਕਾਂ ਦੀਆਂ ਹੈੱਡ ਟੀਚਰ ਤੇ ਸੈਂਟਰ ਹੈੱਡ ਟੀਚਰ ਦੀਆਂ ਤਿਆਰ ਪਈਆਂ ਤਰੱਕੀ ਦੀਆਂ ਲਿਸਟਾਂ ਤੁਰੰਤ ਜਾਰੀ ਕੀਤੀਆਂ ਜਾਣ।