ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 4 ਮਾਰਚ
ਭਾਖੜਾ ਬਿਆਸ ਐਂਪਲਾਈਜ਼ ਯੂਨੀਅਨ (ਏਟਕ) ਬ੍ਰਾਂਚ ਸੰਗਰੂਰ, ਪਟਿਆਲਾ, ਬਰਨਾਲਾ ਯੂਨੀਅਨ) ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੰਗਰੂਰ ਸਬ ਸਟੇਸ਼ਨ ਵਿੱਚ ਗੇਟ ਰੈਲੀ ਕਰਦਿਆਂ ਬੀਬੀਐੱਮਬੀ ਪ੍ਰਸ਼ਾਸ਼ਨ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀ ਆਪਣੀਆਂ ਰਹਿੰਦੀਆਂ ਮੰਗਾਂ ਜਲਦੀ ਪੂਰੀਆਂ ਕਰਨ ਦੀ ਮੰਗ ਕਰ ਰਹੇ ਸਨ।
ਯੂਨੀਅਨ ਦੇ ਪ੍ਰਧਾਨ ਪ੍ਰਿਤਪਾਲ ਅਤੇ ਸੁਰੇਸ਼ ਸੈਣੀ ਨੇ ਕਿਹਾ ਕਿ ਲੇਬੇ ਸਮੇਂ ਤੋਂ ਬਿਜਲੀ ਕਾਮੇ ਆਪਣੀਆਂ ਮੰਗਾਂ ਪੂਰੀਆਂ ਕਰਵਾਉਣ ਲਈ ਸੰਘਰਸ਼ ਕਰਦੇ ਆ ਰਹੇ ਹਨ ਪਰ ਉਨ੍ਹਾਂ ਦੀਆਂ ਮੰਗਾਂ ਨੂੰ ਹਾਲੇ ਬੂਰ ਨਹੀਂ ਪਿਆ। ਉਨ੍ਹਾਂ ਕਿਹਾ ਕਿ ਬੀਬੀਐੱਮਬੀ ਪ੍ਰਸ਼ਾਸਨ ਅਤੇ ਚੀਫ ਇੰਜਨੀਅਰ ਵੱਲੋਂ ਉਨ੍ਹਾਂ ਦੀਆਂ ਰਹਿੰਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਨਹੀਂ ਵਿਚਾਰਿਆ ਜਾ ਰਿਹਾ। ਪ੍ਰਦਰਸ਼ਨਕਾਰੀਆਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਲਾਗੂ ਕੀਤੀਆਂ ਗਈਆਂ ਤਾਂ ਯੂਨੀਅਨ ਸੰਘਰਸ਼ ਲਈ ਮਜਬੂਰ ਹੋਵੇਗੀ। ਯੂਨੀਅਨ ਦੇ ਸਕਤੱਰ ਸੁਰੇਸ਼ ਕੁਮਾਰ ਨੇ ਦੱਸਿਆ ਕਿ ਬੀਬੀਐੱਮਬੀ ਪ੍ਰਸ਼ਾਸਨ ਹੁਣ ਤਾਨਾਸ਼ਾਹੀ ਰਵੱਈਆ ਅਪਣਾ ਰਿਹਾ ਹੈ। ਮੁਲਾਜ਼ਮਾਂ ਨਾਲ ਧੱਕੇਸ਼ਾਹੀ ਹੋਣਾ ਆਮ ਜਿਹੀ ਗੱਲ ਹੈ।
ਬੁਲਾਰਿਆਂ ਕਿਹਾ ਕਿ ਮੁਲਾਜ਼ਮਾਂ ਦੇ ਐਡਹੋਕ ਪ੍ਰਮੋਸ਼ਨ ਅਤੇ ਮੁਲਾਜ਼ਮਾਂ ਨੂੰ ਪੱਕਾ ਕਰਵਾਉਣ ਦੇ ਮਾਮਲੇ ਵਿਚਾਲੇ ਹੀ ਲਟਕ ਰਹੇ ਹਨ ਪਰ ਉਨ੍ਹਾਂ ਨੂੰ ਪੂਰਾ ਨਹੀਂ ਕੀਤਾ ਜਾ ਰਿਹਾ। ਬੁਲਾਰਿਆਂ ਕਿਹਾ ਕਿ ਜੇਕਰ ਬੀਬੀਐੱਮਬੀ ਪ੍ਰਸਾਸ਼ਨ ਆਪਣੀਆਂ ਹਰਕਤਾਂ ਤੋਂ ਬਾਜ਼ ਨਾ ਆਇਆ ਤਾਂ ਯੂਨੀਅਨ ਵੱਡੇ ਪੱਧਰ ’ਤੇ ਸੰਘਰਸ਼ ਕਰਨ ਲਈ ਮਜਬੂਰ ਹੋਵੇਗੀ। ਇਸ ਮੌਕੇ ਰਣਜੀਤ ਸਿੰਘ, ਉਪ ਪ੍ਰਧਾਨ ਸਰਬਜੀਤ ਸਿੰਘ, ਰਛਪਾਲ ਸਿੰਘ ਉਪ ਪ੍ਰਧਾਨ ਅਤੇ ਜਤਿੰਦਰ ਪਾਲ ਸਿੰਘ ਜੁਆਇੰਟ ਸਕੱਤਰ ਨੇ ਵੀ ਸੰਬੋਧਨ ਕੀਤਾ।
ਜਲ ਸਪਲਾਈ ਦਫ਼ਤਰ ਅੱਗੇ ਰੈਲੀਆਂ
ਪਟਿਆਲਾ (ਖੇਤਰੀ ਪ੍ਰਤੀਨਿਧ): ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਤੇ ਦਿ ਕਲਾਸ ਫੋਰਥ ਗੌਰਮਿੰਟ ਐਂਪਲਾਈਜ਼ ਯੂਨੀਅਨ ਪੰਜਾਬ ਦੇ ਸੱਦੇ ’ਤੇ ਪੰਜਾਬ ਵਿਚਲੇ ਜਲ ਸਰੋਤ (ਸਿੰਜਾਈ) ਵਿਭਾਗ ਦੇ ਦਫਤਰ ਅੱਗੇ ਕੇਂਦਰ ਸਰਕਾਰ ਵਿਰੁੱਧ ਰੈਲੀਆਂ ਕੀਤੀਆਂ ਗਈਆਂ। ਇਨ੍ਹਾਂ ਦੀ ਅਗਵਾਈ ਕਰਦਿਆਂ, ਮੁਲਾਜ਼ਮਾਂ ਦੇ ਪ੍ਰਮੁੱਖ ਆਗੂਆਂ ਦਰਸ਼ਨ ਸਿੰਘ ਲੁਬਾਣਾ ਸੁਖਦੇਵ ਸਿੰਘ ਸੁਰਤਾਪੁਰੀ, ਰਣਜੀਤ ਸਿੰਘ ਰਾਣਵਾ ਨੇ ਕਿਹਾ ਕਿ ਬੀਬੀਐਮਬੀ ਵਿੱਚੋਂ ਪੰਜਾਬ ਦੀ ਹਿੱਸੇਦਾਰੀ ਖਤਮ ਕਰਕੇ ਕੇਂਦਰ ਨੇ ਧਰੋਹ ਕਮਾਇਆ ਹੈ। ਸੂਬਿਆਂ ਦੇ ਹੱਕਾਂ ’ਤੇ ਡਾਕੇ ਮਾਰਨ ਦੀ ਇਹ ਪ੍ਰਵਿਰਤੀ ਕੇਂਦਰੀਹਕੂਮ ਨੂੰ ਬਹੁਤ ਹੀ ਮਹਿੰਗੀ ਪਵੇਗੀ।