ਰਮੇਸ਼ ਭਾਰਦਵਾਜ
ਲਹਿਰਾਗਾਗਾ, 22 ਫਰਵਰੀ
ਚੰਡੀਗੜ੍ਹ ਬਿਜਲੀ ਬੋਰਡ ਪ੍ਰਸ਼ਾਸਨ ਵੱਲੋਂ ਸਥਾਨਕ ਬਿਜਲੀ ਬੋਰਡ ਨੂੰ ਪ੍ਰਾਈਵੇਟ ਹੱਥਾਂ ਵਿੱਚ ਦੇਣ ਦੇ ਫੈਸਲੇ ਵਿਰੁੱਧ ਚੰਡੀਗੜ੍ਹ ਬਿਜਲੀ ਬੋਰਡ ਦੇ ਸਮੁੱਚੇ ਕਰਮਚਾਰੀ ਅੱਜ ਤੋਂ ਅਣਮਿੱਥੇ ਸਮੇਂ ਦੀ ਹੜਤਾਲ ’ਤੇ ਜਾ ਰਹੇ ਹਨ। ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਵੱਲੋਂ ਚੰਡੀਗੜ੍ਹ ਪ੍ਰਸ਼ਾਸਨ ਇਸ ਦੇ ਫੈਸਲੇ ਵਿਰੋਧ ਵਿੱਚ ਚੰਡੀਗੜ੍ਹ ਬਿਜਲੀ ਕਰਮਚਾਰੀਆਂ ਦੀ ਹੜਤਾਲ ਦਾ ਸਮਰਥਨ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸੇ ਕੜੀ ਤਹਿਤ, ਅੱਜ ਇਸ ਦੇ ਵਿਰੋਧ ਵਿੱਚ ਸਾਰੇ ਪੰਜਾਬ ਵਿੱਚ ਸਾਰੀਆਂ ਸਬ ਡਿਵੀਜ਼ਨਾਂ ਵਿਚ ਰੋਸ ਰੈਲੀਆਂ ਕੀਤੀਆਂ ਜਾ ਰਹੀਆਂ ਹਨ। ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਦੇ ਸੱਦੇ ਮੁਤਾਬਿਕ ਅੱਜ ਮੰਡਲ ਲਹਿਰਾ ਗਾਗਾ ਵਿੱਚ ਵੀ ਬਿਜਲੀ ਮੁਲਾਜ਼ਮ ਏਕਤਾ ਮੰਚ ਦੇ ਮੈਬਰਾਂ ਨੇ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਆਗੂਆਂ ਨੇ ਕਿਹਾ ਕਿ ਜੇ ਸਰਕਾਰ ਨੇ ਇਹ ਨਿੱਜੀਕਰਨ ਦਾ ਫੈਸਲਾ ਵਾਪਸ ਨਾ ਲਿਆ ਤਾਂ ਸਮੁੱਚੇ ਪੰਜਾਬ ਵਿੱਚ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਪਾਵਰਕੌਮ ਮੈਨੇਜਮੈਂਟ ਵੱਲੋਂ ਕੁੱਝ ਅਧਿਕਾਰੀਆਂ, ਕਰਮਚਾਰੀਆਂ ਦੀਆਂ ਡਿਊਟੀਆਂ ਚੰਡੀਗੜ੍ਹ ਵਿੱਚ ਲਾਈਆਂ ਗਈਆਂ ਹਨ। ਇਸ ਦੀ ਨਿਖੇਧੀ ਕਰਦਿਆਂ ਆਗੂਆਂ ਨੇ ਕਿਹਾ ਗਿਆ ਕਿ ਕੋਈ ਵੀ ਕਰਮਚਾਰੀ ਚੰਡੀਗੜ੍ਹ ਵਿੱਚ ਡਿਊਟੀ ਨਾ ਦੇਵੇ। ਇਸ ਸਬੰਧੀ ਪ੍ਰੈੱਸ ਨੋਟ ਜਾਰੀ ਕਰਦਿਆਂ ਆਗੂਆਂ ਨੇ ਦੱਸਿਆ ਕਿ ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਵੱਲੋਂ ਪਾਵਰਕੌਮ, ਟਰਾਂਸਕੋ ਮੈਨੇਜਮੈਂਟ ਨੂੰ ਪੱਤਰ ਗਿਆ ਹੈ ਕਿ ਚੰਡੀਗੜ੍ਹ ਵਿੱਚ ਪੰਜਾਬ ਦੇ ਬਿਜਲੀ ਮੁਲਾਜ਼ਮਾਂ ਦੀਆਂ ਲਗਾਈਆਂ ਡਿਊਟੀਆਂ ਤੁਰੰਤ ਰੱਦ ਕੀਤੀਆਂ ਜਾਣ ਅਤੇ ਚੰਡੀਗੜ੍ਹ ਬਿਜਲੀ ਬੋਰਡ ਦਾ ਨਿੱਜੀਕਰਨ ਬੰਦ ਕੀਤਾ ਜਾਵੇ। ਇਸ ਰੋਸ ਪ੍ਰਦਰਸ਼ਨ ਵਿੱਚ ਮਹਿੰਦਰ ਸਿੰਘ ਲਹਿਰਾ, ਰਾਮ ਚੰਦਰ ਸਿੰਘ ਖਾਈ, ਸੁਰਿੰਦਰ ਮੋਹਨ, ਰਾਮਫਲ ਸਿੰਘ, ਪਵਨ ਕੁਮਾਰ, ਗੁਰਛੈਬਰ ਸਿੰਘ, ਗਗਨ ਕੁਮਾਰ, ਅਮਨਦੀਪ ਸਿੰਘ ਢੀਂਡਸਾ ਸ਼ਾਮਲ ਹੋਏ।