ਜਸਵੰਤ ਸਿੰਘ ਗਰੇਵਾਲ
ਚੀਮਾ ਮੰਡੀ, 17 ਜੂਨ
ਸੰਗਰੂਰ ਲੋਕ ਸਭਾ ਹਲਕਾ ਦੀ ਜ਼ਿਮਨੀ ਚੋਣ ਲਈ ਵੱਖ ਵੱਖ ਸਿਆਸੀ ਪਾਰਟੀਆਂ ਦੇ ਵੱਡੇ ਆਗੂਆਂ ਨੇ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ,ਪਰ ਆਮ ਲੋਕਾਂ ਵਿੱਚ ਇਸ ਚੋਣ ਲਈ ਕੋਈ ਖਾਸ ਉਤਸ਼ਾਹ ਨਹੀਂ ਪਾਇਆ ਜਾ ਰਿਹਾ। ਉਮੀਦਵਾਰਾਂ ਦੇ ਪੱਖ ਵਿੱਚ ਕੀਤੀਆਂ ਜਾ ਰਹੀਆਂ ਚੋਣ ਰੈਲੀਆਂ ਵਿੱਚ ਆਮ ਲੋਕ ਘੱਟ ਨਜ਼ਰ ਆ ਰਹੇ ਹਨ। ਇਸ ਦਾ ਕਾਰਨ ਜ਼ਿਆਦਾ ਗਰਮੀ ਤੇ ਝੋਨੇ ਦੀ ਲਵਾਈ ਦਾ ਕੰਮ ਸ਼ੁਰੂ ਹੋਣਾ ਸਮਝਿਆ ਜਾ ਰਿਹਾ ਹੈ। ਦੂਜੇ ਪਾਸੇ ਵੱਖ ਵੱਖ ਪਾਰਟੀਆਂ ਦੇ ਵੱਡੇ ਵੱਡੇ ਲੀਡਰਾਂ ਵੱਲੋਂ ਆਪਣੇ ਆਪਣੇ ਉਮੀਦਵਾਰਾਂ ਨੂੰ ਜਿਤਾਉਣ ਲਈ ਪੂਰਾ ਜ਼ੋਰ ਲਗਾਇਆ ਜਾ ਰਿਹਾ ਹੈ। ਚੀਮਾ ਮੰਡੀ ਜਿਹੇ ਛੋਟੇ ਕਸਬੇ ਵਿੱਚ ਵੀ ਤਕਰੀਬਨ ਸਾਰੀਆਂ ਸਿਆਸੀ ਪਾਰਟੀਆਂ ਦੇ ਸੂਬਾਈ ਪ੍ਰਧਾਨ ਤੇ ਹੋਰ ਵੱਡੇ ਆਗੂ ਆਪਣੀ ਪਾਰਟੀ ਦੇ ਉਮੀਦਵਾਰਾਂ ਲਈ ਚੋਣ ਪ੍ਰਚਾਰ ਕਰਨ ਲਈ ਪਹੁੰਚ ਚੁੱਕੇ ਹਨ। ਕਾਂਗਰਸ ਦੇ ਉਮੀਦਵਾਰ ਦਲਵੀਰ ਸਿੰਘ ਗੋਲਡੀ ਲਈ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਅੱਜ ਕਸਬੇ ਦੀਆਂ ਦੁਕਾਨਾਂ ’ਤੇ ਜਾ ਕੇ ਵੋਟਾਂ ਮੰਗੀਆਂ ਗਈਆਂ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਦੀ ਉਮੀਦਵਾਰ ਕਮਲਦੀਪ ਕੌਰ ਦੇ ਪੱਖ ਵਿੱਚ ਕਸਬੇ ਵਿਖੇ ਚੋਣ ਰੈਲੀ ਨੂੰ ਸੰਬੋਧਨ ਕੀਤਾ ਗਿਆ। ਭਾਜਪਾ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਦੇ ਪੱਖ ਭਾਜਪਾ ਆਗੂ ਸੁਨੀਲ ਜਾਖੜ ਤੇ ਅਕਾਲੀ ਦਲ ਸੰਯੁਕਤ ਦੇ ਸੀਨੀਅਰ ਆਗੂ ਪਰਮਿੰਦਰ ਸਿੰਘ ਢੀਂਡਸਾ ਵੱਲੋਂ ਚੀਮਾ ਮੰਡੀ ਅਤੇ ਪਿੰਡ ਬੀਰ ਕਲਾਂ ਵਿੱਚ ਚੋਣ ਪ੍ਰਚਾਰ ਕੀਤਾ ਗਿਆ। ਅਕਾਲੀ ਦਲ ਅਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਵੱਲੋ ਵੀ ਇਲਾਕੇ ਦੇ ਪਿੰਡਾਂ ਵਿੱਚ ਚੋਣ ਪ੍ਰਚਾਰ ਕੀਤਾ ਜਾ ਚੁੱਕਾ ਹੈ। ਇਸ ਤੋਂ ਇਲਾਵਾ ਆਪ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਘਰਾਚੋਂ ਦੇ ਪੱਖ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਚੀਮਾ ਮੰਡੀ ਇਲਾਕੇ ਦੇ ਪਿੰਡਾਂ ਵਿੱਚ ਅੱਜ ਰੋਡ ਸ਼ੋਅ ਕੀਤਾ ਗਿਆ ਤੇ ਆਪ ਦੇ ਉਮੀਦਵਾਰ ਨੂੰ ਜਿਤਾਉਣ ਦੀ ਅਪੀਲ ਕੀਤੀ ਗਈ।