ਸਤਨਾਮ ਸਿੰਘ ਸੱਤੀ
ਮਸਤੂਆਣਾ ਸਾਹਿਬ, 24 ਅਗਸਤ
ਪੰਜਾਬ ਗਤਕਾ ਐਸੋਸੀਏਸ਼ਨ ਵੱਲੋਂ ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਦੇ ਸਹਿਯੋਗ ਨਾਲ਼ ਕਰਵਾਈ ਜਾ ਰਹੀ ਅੱਠਵੀਂ ਸਬ-ਜੂਨੀਅਰ, ਜੂਨੀਅਰ ਅਤੇ ਸੀਨੀਅਰ ਚਾਰ ਰੋਜ਼ਾ ਨੈਸ਼ਨਲ ਗਤਕਾ ਚੈਂਪੀਅਨਸ਼ਿਪ ਅੱਜ ਇੱਥੇ ਪੂਰੇ ਜ਼ੋਸ਼-ਓ-ਖਰੋਸ਼ ਨਾਲ ਸ਼ੁਰੂ ਹੋ ਗਈ ਹੈ। ਇਸ ਚੈਂਪੀਅਨਸ਼ਿਪ ਦਾ ਉਦਘਾਟਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 24 ਰਾਜਾਂ ਦੇ ਖਿਡਾਰੀਆਂ ਵੱਲੋਂ ਮਾਰਚ ਪਾਸਟ ਦੌਰਾਨ ਸਲਾਮੀ ਲੈਂਣ ਉਪਰੰਤ ਝੰਡਾ ਲਹਿਰਾ ਕੇ ਕੀਤਾ। ਇਸ ਮੌਕੇ ਗਤਕਾ ਫੈਡਰੇਸ਼ਨ ਆਫ ਇੰਡੀਆ ਦੇ ਪ੍ਰਧਾਨ ਹਰਚਰਨ ਸਿੰਘ ਭੁੱਲਰ ਡੀਆਈਜੀ, ਪ੍ਰਧਾਨ ਡਾ. ਰਜਿੰਦਰ ਸਿੰਘ ਸੋਹਲ ਸਾਬਕਾ ਏਆਈਜੀ, ਗਤਕਾ ਫੈਡਰੇਸ਼ਨ ਆਫ ਇੰਡੀਆ ਦੇ ਜਨਰਲ ਸਕੱਤਰ ਬਲਜਿੰਦਰ ਸਿੰਘ ਤੂਰ, ਅਕਾਲ ਕਾਲਜ ਕੌਂਸਲ ਸਕੱਤਰ ਜਸਵੰਤ ਸਿੰਘ ਖਹਿਰਾ, ਕੋਆਰਡੀਨੇਟਰ ਬਲਦੇਵ ਸਿੰਘ ਭੰਮਾਵੱਦੀ, ਗੁਰਜੰਟ ਸਿੰਘ ਦੁੱਗਾਂ, ਮਨਜੀਤ ਸਿੰਘ ਬਾਲੀਆਂ, ਡਾ. ਗੀਤਾ ਠਾਕਰ, ਡਾ. ਜਸਪਾਲ ਸਿੰਘ ਮੌਜੂਦ ਸਨ।
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿਸ਼ਵਾਸ ਦਿਵਾਇਆ ਕਿ ਵੱਖ-ਵੱਖ ਅਹੁਦੇਦਾਰਾਂ ਵੱਲੋਂ ਗਤਕੇ ਪ੍ਰਤੀ ਰੱਖੀਆਂ ਗਈਆਂ ਮੰਗਾਂ ਲਈ ਸਰਕਾਰ ਵੱਲੋਂ ਵੱਧ ਤੋਂ ਵੱਧ ਸਹਾਇਤਾ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਗਤਕੇ ਨੂੰ ਪ੍ਰਫੁੱਲਿਤ ਕਰਨਾ ਸਰਕਾਰ ਦੀ ਨੈਤਿਕ ਜ਼ਿਮੇਵਾਰੀ ਹੈ, ਜਿਸ ਨੂੰ ਸਰਕਾਰ ਹਰ ਹਾਲਤ ਵਿੱਚ ਪੂਰਾ ਕਰਨ ਲਈ ਵਚਨਬੱਧ ਹੈ। ਇਸ ਤੋਂ ਪਹਿਲਾਂ ਕੌਂਸਲ ਦੇ ਸਕੱਤਰ ਜਸਵੰਤ ਸਿੰਘ ਖਹਿਰਾ ਦੀ ਅਗਵਾਈ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਭਰਵਾਂ ਸਵਾਗਤ ਕੀਤਾ ਗਿਆ। ਬਲਜਿੰਦਰ ਸਿੰਘ ਤੂਰ ਨੇ ਪੰਜਾਬ ਸਰਕਾਰ ਤੋਂ ਗੱਤਕੇ ਲਈ ਗੱਤਕਾ ਭਵਨ (ਸਟੇਡੀਅਮ) ਉਸਾਰੇ ਜਾਣ ਦੀ ਮੰਗ ਕੀਤੀ। ਹਰਚਰਨ ਸਿੰਘ ਭੁੱਲਰ ਨੇ ਆਪਣੇ ਪ੍ਰਧਾਨਗੀ ਭਾਸ਼ਣ ਵਿੱਚ ਦੱਸਿਆ ਕਿ ਇਸ ਚੈਂਪੀਅਨਸ਼ਿਪ ਵਿੱਚ ਲਗਭਗ 1650 ਖਿਡਾਰੀ ਭਾਗ ਲੈ ਰਹੇ ਹਨ। ਉਨ੍ਹਾਂ ਪ੍ਰਾਪਤੀਆਂ ਅਤੇ ਦਰਪੇਸ਼ ਸਮੱਸਿਆਵਾਂ ਤੋਂ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਗਤਕੇ ਦੇ ਨਿਯਮਾਂ ਦੀ ਪੁਸਤਕ ਤਿੰਨ ਭਾਸ਼ਾਵਾਂ ਵਿੱਚ ਪ੍ਰਕਾਸ਼ਿਤ ਕੀਤੀ ਗਈ ਹੈ ਅਤੇ ਜਲਦੀ ਹੋਰ ਭਾਰਤੀ ਭਾਸ਼ਾਵਾਂ ਵਿੱਚ ਵੀ ਪ੍ਰਕਾਸ਼ਿਤ ਕੀਤੀ ਜਾਵੇਗੀ ਤਾਂ ਕਿ ਗਤਕੇ ਨੂੰ ਵਿਸ਼ਵ ਪੱਧਰ ’ਤੇ ਮਾਨਤਾ ਦਿਵਾਈ ਜਾ ਸਕੇ। ਪੰਜਾਬ ਗਤਕਾ ਐਸੋਸੀਏਸ਼ਨ ਦੇ ਪ੍ਰਧਾਨ ਡਾ. ਰਜਿੰਦਰ ਸਿੰਘ ਸੋਹਲ ਨੇ ਧੰਨਵਾਦ ਕੀਤਾ। ਇਸ ਸਮੇਂ ਗਤਕਾ ਫੈਡਰੇਸ਼ਨ ਦੇ ਸਮੂਹ ਆਹੁਦੇਦਾਰਾਂ ਅਤੇ ਮੁੱਖ ਮਹਿਮਾਨ ਨੂੰ ਸਨਮਾਨ੍ਹ ਚਿੰਨਾਂ ਨਾਲ ਸਨਮਾਨਿਤ ਕੀਤਾ ਗਿਆ। ਸਮਾਗਮ ਵਿੱਚ ਰਾਜਵੰਤ ਸਿੰਘ ਭੁੱਲਰ, ਮੱਖਣ ਲਾਲ ਗਰਗ, ਗੁਰਪ੍ਰਤਾਪ ਸਿੰਘ, ਦਵਿੰਦਰ ਸਿੰਘ ਜੁਗਨੀ, ਭੁਪਿੰਦਰ ਸਿੰਘ ਗਰੇਵਾਲ, ਡਾ. ਸੁਖਦੀਪ ਕੌਰ, ਡਾ. ਵਿਜੈ ਪਲਾਹਾ, ਡਾ. ਗੁਰਵੀਰ ਸਿੰਘ ਸੋਹੀ, ਡਾ. ਜਸਪ੍ਰੀਤ ਸਿੰਘ ਸਣੇ ਕਾਲਜਾਂ ਦੇ ਪ੍ਰਿੰਸੀਪਲ ਤੇ ਸਟਾਫ਼ ਮੈਂਬਰ ਮੌਜੂਦ ਸਨ।