ਗੁਰਦੀਪ ਸਿੰਘ ਲਾਲੀ
ਸੰਗਰੂਰ, 7 ਅਕਤਬੂਰ
ਈਟੀਟੀ ਟੈੱਟ ਪਾਸ ਬੇਰੁਜ਼ਗਾਰ 2364 ਸੰਘਰਸ਼ ਕਮੇਟੀ ਵੱਲੋਂ ਆਪਣੀਆਂ ਹੱਕੀ ਅਤੇ ਜਾਇਜ਼ ਮੰਗਾਂ ਲਈ ਵਿੱਢਿਆ ਮਰਨ ਵਰਤ ਜਿੱਥੇ ਅੱਜ ਛੇਵੇਂ ਦਿਨ ਵਿੱਚ ਦਾਖਲ ਹੋ ਗਿਆ, ਉਥੇ ਹੀ ਅੱਜ ਜਥੇਬੰਦੀ ਨੇ ਪੰਜਾਬ ਸਰਕਾਰ ਦੇ ਲਾਰਿਆਂ ਦੀ ਪੰਡ ਫੂਕ ਕੇ ਰੋਸ ਮੁਜ਼ਾਹਰਾ ਕੀਤਾ। ਸਥਾਨਕ ਡਿਪਟੀ ਕਮਿਸ਼ਨਰ ਦਫਤਰ ਦੇ ਬਾਹਰ ਸੁਰਿੰਦਰਪਾਲ ਗੁਰਦਾਸਪੁਰ ਅਤੇ ਸੁਖਚੈਨ ਸਿੰਘ ਮਾਨਸਾ ਵੱਲੋਂ ਵਿੱਢਿਆ ਮਰਨ ਵਰਤ ਅੱਜ ਛੇਵੇਂ ਦਿਨ ਵਿਚ ਦਾਖ਼ਲ ਕਰ ਚੁੱਕਿਆ ਹੈ। ਜਥੇਬੰਦੀ ਨੇ ਮੰਗ ਰੱਖੀ ਕਿ 2364 ਅਧਿਆਪਕਾਂ ਦੀ ਭਰਤੀ ਪੰਜਾਬ ਸਰਕਾਰ ਜਲਦ ਬਹਾਲ ਕੀਤੀ ਜਾਵੇ। ਇਸ ਮੌਕੇ ਈਟੀਟੀ ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ (5994) ਪੰਜਾਬ ਦੇ ਸੂਬਾ ਪ੍ਰਧਾਨ ਮਨਿੰਦਰ ਸਿੰਘ ਦੂਲੋਵਾਲ, ਜ਼ਿਲ੍ਹਾ ਪ੍ਰਧਾਨ ਸੁਖਪ੍ਰੀਤ ਸੈਦੇਵਾਲਾ , ਕਮਲਜੀਤ ਸਿੰਘ ਸਮਾਓ ਮਾਨਸਾ ਨੇ ਅੱਜ ਵਿਸੇਸ਼ ਤੌਰ ’ਤੇ ਆਪਣੀ ਹਾਜ਼ਰੀ ਲਗਵਾਈ। ਇਸ ਮੌਕੇ ਜਥੇਬੰਦੀ ਨੇ ਇਹ ਵੀ ਐਲਾਨ ਕੀਤਾ ਕਿ ਜੇ ਆਉਂਦੇ ਦਿਨਾਂ ਵਿੱਚ ਸੂਬਾ ਸਰਕਾਰ ਨੇ ਉਨ੍ਹਾਂ ਦੀ ਮੰਗ ਵੱਲ ਕੋਈ ਧਿਆਨ ਨਾ ਦਿੱਤਾ ਤਾਂ ਉਹ ਤਿੱਖੇ ਸੰਘਰਸ਼ਾਂ ਤੋਂ ਗੁਰੇਜ਼ ਨਹੀਂ ਕਰਨਗੇ। ਇਸ ਤੋਂ ਨਿਕਲਣ ਵਾਲੇ ਨਤੀਜਿਆਂ ਲਈ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਜ਼ਿੰਮੇਵਾਰ ਹੋਵੇਗਾ। ਇਸ ਮੌਕੇ ਪੰਜਾਬ ਦੇ ਸੂਬਾ ਪ੍ਰਧਾਨ ਸੁਰਿੰਦਰਪਾਲ ਗੁਰਦਾਸਪੁਰ ਕੁਲਦੀਪ ਚਹਿਲ ਸੰਗਰੂਰ, ਦਲਜੀਤ ਸਿੰਘ ਮੋਗਾ, ਹੈਰੀ ਫ਼ਿਰੋਜ਼ਪੁਰ, ਸੁਖਚੈਨ ਸਿੰਘ ਮਾਨਸਾ, ਅਮ੍ਰਿਤਪਾਲ ਸੰਗਰੂਰ, ਰਵੀ ਕੁਮਾਰ ਪਠਾਨਕੋਟ, ਮਨਪ੍ਰੀਤ ਮਾਨਸਾ, ਗਗਨ ਮਾਨਸਾ, ਗਗਨ ਧੂਰੀ, ਗੁਰਜੰਟ ਪਟਿਆਲਾ ਮੌਜੂਦ ਸਨ।