ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 16 ਨਵੰਬਰ
ਜ਼ਿਲ੍ਹਾ ਸੰਗਰੂਰ ਦੇ ਪਿੰਡ ਬਨਾਰਸੀ ਦਾ ਅਗਾਂਹਵਧੂ ਕਿਸਾਨ ਕੁਲਦੀਪ ਸ਼ਰਮਾ ਪਿਛਲੇ 7 ਸਾਲਾਂ ਤੋਂ ਫਸਲੀ ਰਹਿੰਦ-ਖੂੰਹਦ ਨੂੰ ਬਿਨਾਂ ਅੱਗ ਲਗਾਏ 16 ਏਕੜ ਰਕਬੇ ’ਚ ਫਸਲਾਂ ਦੀ ਬਿਜਾਈ ਕਰ ਰਿਹਾ ਹੈ। ਉਸ ਦੀ ਇਸ ਪਹਿਲਕਦਮੀ ਨੇ ਇਲਾਕੇ ਦੇ ਹੋਰ ਕਿਸਾਨਾਂ ਨੂੰ ਵੀ ਪਰਾਲੀ ਨੂੰ ਅੱਗ ਨਾ ਲਗਾਉਣ ਪ੍ਰਤੀ ਪ੍ਰੇਰਿਆ ਹੈ। ਕਿਸਾਨ ਕੁਲਦੀਪ ਸ਼ਰਮਾ ਨੇ ਦੱਸਿਆ ਕਿ ਇਸ ਸਾਲ ਵੀ ਉਸ ਨੇ ਬੇਲਰ/ ਰੋਕਰ ਨਾਲ ਪਰਾਲੀ ਦੀਆਂ ਗੱਠਾਂ ਬਣਾ ਕੇ ਝੋਨੇ ਦੀ ਫਸਲ ਦੀ ਰਹਿੰਦ-ਖੂੰਹਦ ਦੀ ਸੰਭਾਲ ਕੀਤੀ ਹੈ। ਕੁਲਦੀਪ ਸ਼ਰਮਾ ਨੇ ਆਪਣੇ ਕਿਸਾਨ ਸਾਥੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਫਸਲ ਦੀ ਰਹਿੰਦ-ਖੂੰਹਦ ਨੂੰ ਸਾੜਨਾ ਨਹੀਂ ਚਾਹੀਦਾ ਤੇ ਆਧੁਨਿਕ ਤਰੀਕੇ ਨਾਲ ਖੇਤੀ ਕਰਨੀ ਚਾਹੀਦੀ ਹੈ ਤੇ ਦਿਨੋਂ ਦਿਨ ਪਲੀਤ ਹੋ ਰਹੇ ਵਾਤਾਵਰਣ ਨੂੰ ਬਚਾਉਣ ਲਈ ਪਰਾਲੀ ਦੇ ਨਾੜ ਨੂੰ ਅੱਗ ਲਗਾਉਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਨਾੜ ਨੂੰ ਅੱਗ ਨਾ ਲਗਾਉਣ ’ਤੇ ਜਿਥੇ ਮਿੱਤਰ ਕੀੜੇ ਫਸਲ ਲਈ ਸਹਾਈ ਹੁੰਦੇ ਹਨ ਉਥੇ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਬਣੀ ਰਹਿੰਦੀ ਹੈ। ਪੰਜਾਬ ਸਰਕਾਰ ਅਤੇ ਖੇਤੀਬਾੜੀ ਵਿਭਾਗਾਂ ਦੀਆਂ ਕੋਸ਼ਿਸ਼ਾਂ ਰੰਗ ਲਿਆ ਰਹੀਆਂ ਹਨ ਅਤੇ ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਪਰਾਲੀ ਨੂੰ ਅੱਗ ਲਗਾਉਣ ਦੇ ਰੁਝਾਨ ਤੋਂ ਗੁਰੇਜ਼ ਕਰਨ ਲੱਗੇ ਹਨ।