ਰਮੇਸ਼ ਭਾਰਦਵਾਜ
ਲਹਿਰਾਗਾਗਾ, 9 ਫਰਵਰੀ
ਇਥੇ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਰਿਲਾਇੰਸ ਪੈਟਰੋਲ ਪੰਪ ਅੱਗੇ ਲਾਇਆ ਧਰਨਾ 132ਵੇਂ ਦਿਨ ’ਚ ਦਾਖਲ ਹੋ ਗਿਆ ਹੈ। ਧਰਨੇ ’ਚ ਕਿਸਾਨ, ਮਜ਼ਦੂਰ, ਔਰਤਾਂ ਤੇ ਨੌਜਵਾਨ ਸ਼ਾਮਲ ਹੋ ਕੇ ਏਕੇ ਦਾ ਸਬੂਤ ਦੇ ਰਹੇ ਹਨ। ਧਰਨੇ ’ਚ ਕਿਸਾਨ-ਮਜ਼ਦੂਰਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੇ ਲੋਕਾਂ ਨੂੰ ਅੰਦੋਲਣਜੀਵੀ ਕਰਾਰ ਦੇਣ ਖ਼ਿਲਾਫ਼ ਰੋਹਪੂਰਨ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਸੰਘਰਸ਼ ਕਰਨਾ ਕਿਸੇ ਦਾ ਸ਼ੌਕ ਨਹੀਂ ਹੈ ਤੇ ਲੋਕਤੰਤਰ ’ਚ ਆਪਣੀਆਂ ਮੰਗਾਂ ਲਈ ਸ਼ਾਂਤਮਈ ਸੰਘਰਸ਼ ਕਰਨ ਦਾ ਹਰ ਵਿਅਕਤੀ ਨੂੰ ਜਮਹੂਰੀ ਹੱਕ ਹੈ ਪਰ ਨਰਿੰਦਰ ਮੋਦੀ ਐਨੇ ਹੰਕਾਰ ਗਏ ਹਨ ਕਿ ਉਨ੍ਹਾਂ ਨੂੰ ਪਹਿਲੀ ਅਕਤੂਬਰ ਤੋਂ ਲਗਾਤਰ ਚੱਲ ਰਹੇ ਕਿਸਾਨ ਸੰਘਰਸ਼ ਦਿਖਾਈ ਨਹੀਂ ਦੇ ਰਹੇ। ਜਥੇਬੰਦੀ ਦੇ ਬਲਾਕ ਪ੍ਰਧਾਨ ਧਰਮਿੰਦਰ ਸਿੰਘ ਪਿਸ਼ੌਰ ਨੇ ਸਖ਼ਤ ਸ਼ਬਦਾਂ ਵਿੱਚ ਕਿਹਾ ਕਿ ਸ਼ਹਿਰੀ ਹਲਕੇ ਵਿੱਚ ਵੋਟਾਂ ਦੇ ਪ੍ਰਚਾਰ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਝੰਡੇ ਦੀ ਨਾਜਾਇਜ਼ ਵਰਤੋਂ ਸਿਆਸੀ ਪਾਰਟੀਆਂ ਵੱਲੋਂ ਆਪਣੀਆਂ ਗੱਡੀਆਂ ’ਤੇ ਲਾ ਕੀਤੀ ਜਾ ਰਹੀ ਹੈ, ਜੋ ਕਿ ਸਰਾਸਰ ਗਲਤ ਹੈ। ਉਨ੍ਹਾਂ ਕਿਹਾ ਕਿ ਜੇ ਕਿਸੇ ਵੀ ਸਿਆਸੀ ਪਾਰਟੀ ਦੇ ਵਰਕਰ ਜਾਂ ਲੀਡਰ ਦੀ ਗੱਡੀ ’ਤੇ ਯੂਨੀਅਨ ਦਾ ਝੰਡਾ ਵੇਖਿਆ ਗਿਆ ਤਾਂ ਜੱਥੇਬੰਦੀ ਵੱਲੋਂ ਤੁਰੰਤ ਐਕਸ਼ਨ ਕੀਤਾ ਜਾਵੇਗਾ ਤੇ ਉਹ ਬੰਦਾ ਆਪਣਾ ਆਪ ਜ਼ਿੰਮੇਵਾਰ ਹੋਏਗਾ।
ਇਸ ਮੌਕੇ ਸੂਬਾ ਮੀਤ ਪ੍ਰਧਾਨ ਜਨਕ ਸਿੰਘ ਭੁਟਾਲ ਕਲਾ, ਸੂਬਾ ਸਿੰਘ ਸੰਗਤਪੁਰਾ, ਹਰਜਿੰਦਰ ਸਿੰਘ ਨੰਗਲਾ, ਹਰਸੇਵਕ ਸਿੰਘ ਲਹਿਲ ਖੁਰਦ, ਰਾਮਚੰਦ ਸਿੰਘ ਚੋਟੀਆਂ, ਬਲਜੀਤ ਸਿੰਘ ਗੋਬਿੰਦਗੜ੍ਹ ਜੇਜੀਆ, ਬਿੰਦਰ ਸਿੰਘ ਖੋਖਰ, ਰਿੰਕੂ ਮੂਣਕ, ਜਗਦੀਪ ਸਿੰਘ ਲਹਿਲ ਖੁਰਦ, ਜਗਸੀਰ ਸਿੰਘ ਖੰਡੇਬਾਦ, ਜਸਵਿੰਦਰ ਕੌਰ ਗਾਗਾ, ਜਸ਼ਨਦੀਪ ਕੋਰ ਪਿਸ਼ੌਰ, ਰੁਪਿੰਦਰ ਕੌਰ ਭੁਟਾਲ ਕਲਾ, ਬਲਜੀਤ ਕੌਰ ਲਹਿਲ ਕਲਾ ਨੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਬਣਾਏ ਖੇਤੀ ਕਾਨੂੰਨ ਕਿਸਾਨਾਂ ਦੀ ਮੌਤ ਦੇ ਵਾਰੰਟ ਹਨ ਤੇ ਕਿਸਾਨ ਜਿਨ੍ਹਾਂ ਨੇ ਦੇਸ਼ ’ਚ ਖੇਤੀ ਇਨਕਲਾਬ ਲਿਆਂਦਾ ਹੈ ਉਹੀ ਕਿਸਾਨ ਹੁਣ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਆਪਣੀ ਜਾਨ ਦੀ ਬਾਜ਼ੀ ਲਾਉਣ ਲਈ ਤਿਆਰ ਹਨ ਤੇ ਕਿਸੇ ਵੀ ਸੂਰਤ ’ਚ ਭਾਜਪਾ ਦੇ ਜੁਮਲਿਆਂ ’ਚ ਨਹੀਂ ਫਸਣਗੇ।
ਧੂਰੀ (ਹਰਦੀਪ ਸਿੰਘ ਸੋਢੀ) ਕੇਂਦਰ ਸਰਕਾਰ ਵੱਲੋਂ ਬਣਾਏ ਖੇਤੀ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਧੂਰੀ ਦੇ ਪਿੰਡ ਲੱਡਾ ਦੇ ਟੌਲ ਪਲਾਜ਼ਾ ’ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਦਰਸ਼ਨ ਸਿੰਘ ਕਿਲ੍ਹਾ ਹਕੀਮਾਂ, ਚਮਕੌਰ ਸਿੰਘ ਹਥਨ ਦੀ ਅਗਵਾਈ ’ਚ ਲੱਗਾ ਧਰਨਾ ਅੱਜ 132ਵੇਂ ਦਿਨ ਵਿੱਚ ਦਾਖਲ ਹੋ ਗਿਆ। ਧਰਨੇ ’ਚ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ। ਧਰਨੇ ਦੌਰਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਭਵਿੱਖ ਵਿੱਚ ਫਸਲਾਂ ਉੱਪਰ ਐੱਮਐੱਸਪੀ ਜਾਰੀ ਰੱਖਣ ਦਾ ਫੈਸਲਾ ਕੀਤਾ ਹੈ, ਸਰਕਾਰ ਦਾ ਇਹ ਫੈਸਲਾ ਕਿਸਾਨਾਂ ਦੇ ਵਿਰੁੱਧ ਹੈ ਅਗਰ ਅਜਿਹਾ ਹੁੰਦਾ ਹੈ ਤਾਂ ਦਾ ਬਹੁਤ ਨੁਕਸਾਨ ਹੋਵੇਗਾ। ਉਨ੍ਹਾਂ ਕਿਹਾ ਕਿ ਜੇ ਪ੍ਰਾਈਵੇਟ ਮੰਡੀਆਂ ਸ਼ੁਰੂ ਹੋ ਜਾਂਦੀਆਂ ਹਨ ਤਾਂ ਸਰਕਾਰੀ ਮੰਡੀਆਂ ਦੀ ਹੋਂਦ ਖਤਮ ਹੋ ਜਾਵੇਗੀ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉੱਪਰ ਦੋਸ਼ ਲਾਇਆ ਕਿ ਉਹ ਦੇਸ਼ ਦੇ ਕਾਰਪੋਰੇਟ ਘਰਾਣਿਆਂ ਦੀ ਬੋਲੀ ਬੋਲ ਕੇ ਕਿਸਾਨਾਂ ਦੇ ਹੱਕਾਂ ਦੀ ਬਲੀ ਦਿੱਤੀ ਜਾ ਰਹੀ ਹਨ। ਉਨ੍ਹਾਂ ਸਪਸ਼ਟ ਕੀਤਾ ਕਿ ਦਿੱਲੀ ’ਚ ਲੱਗੇ ਕਿਸਾਨੀ ਧਰਨੇ ਉਸ ਸਮੇਂ ਤੱਕ ਜਾਰੀ ਰਹਿਣਗੇ ਜਦੋਂ ਤੱਕ ਕੇਂਦਰ ਸਰਕਾਰ ਤਿੰਨੇ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕਰਦੀ। ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕੇਂਦਰ ਸਰਕਾਰ ਉੱਪਰ ਅੰਨਦਾਤਿਆਂ ਨੂੰ ਸੜਕਾਂ ਉੱਪਰ ਰੋਲਣ ਦੇ ਦੋਸ਼ ਲਾਏ।
ਘਨੌਰ (ਪੱਤਰ ਪ੍ਰੇਰਕ) ਨਰਿੰਦਰ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਜਥੇਬੰਦੀਆਂ ਵੱਲੋਂ ਕਾਨੂੰਨ ਰੱਦ ਕਰਨ ਦੀ ਮੰਗ ਨੂੰ ਲੈ ਕੇ ਪਿੰਡ ਬਪਰੌਰ ਤੇ ਮਦਨਪੁਰ ਵਾਲੇ ਰਿਲਾਇੰਸ ਪੰਪਾਂ ’ਤੇ ਕਿਸਾਨ ਆਗੂਆਂ ਸੁੱਚਾ ਸਿੰਘ, ਰਘਵੀਰ ਸਿੰਘ ਤੇ ਭਗਵਾਨ ਸਿੰਘ ਖਾਲਸਾ ਹਰਪਾਲਪੁਰ ਦੀ ਅਗਵਾਈ ਹੇਠ ਕਿਸਾਨ ਧਰਨੇ ਜਾਰੀ ਰਹੇ। ਇਸ ਮੌਕੇ ਧਰਨਾਕਾਰੀ ਕਿਸਾਨਾਂ ਵੱਲੋਂ ਨਰਿੰਦਰ ਮੋਦੀ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਕਾਲੇ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ ਗਈ।