ਬੀਰ ਇੰਦਰ ਸਿੰਘ ਬਨਭੌਰੀ
ਸੁਨਾਮ ਉਧਮ ਸਿੰਘ ਵਾਲਾ, 1 ਅਪਰੈਲ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਇਕ ਹੰਗਾਮੀ ਮੀਟਿੰਗ ਬਲਾਕ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ ਦੀ ਅਗਵਾਈ ਹੇਠ ਪਿੰਡ ਉਗਰਾਹਾਂ ਵਿੱਚ ਡੇਰਾ ਟੀਕਮ ਦਾਸ ਵਿਖੇ ਹੋਈ। ਮੀਟਿੰਗ ਦੌਰਾਨ ਕਿਸਾਨਾਂ ਨੇ ਮੁਕਤਸਰ ਵਿੱਚ ਕਿਸਾਨਾਂ ’ਤੇ ਹੋਏ ਪੁਲੀਸ ਲਾਠੀਚਾਰਜ ਦੀ ਨਿਖੇਧੀ ਕਰਦਿਆਂ ਮੁਕਤਸਰ ਵੱਲ ਕੂਚ ਕਰਨ ਦਾ ਐਲਾਨ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਰਮਸਰਨ ਸਿੰਘ ਉਗਰਾਹਾਂ, ਗੋਬਿੰਦ ਸਿੰਘ ਚੱਠਾ, ਸੁਖਪਾਲ ਸਿੰਘ ਮਾਣਕ ਕਣਕਵਾਲੀਆ, ਮਿੰਦਰ ਸਿੰਘ ਨਮੋਲ, ਰਾਮਪਾਲ ਸ਼ਰਮਾ ਸੁਨਾਮ, ਜਸਵੀਰ ਕੌਰ ਉਗਰਾਹਾਂ ਅਤੇ ਮਨਜੀਤ ਕੌਰ ਨੇ ਕਿਹਾ ਕਿ ਮੁਕਤਸਰ ਵਿੱਚ ਰਾਤ ਦੇ 12 ਵਜੇ ਸੁੱਤੇ ਪਏ ਕਿਸਾਨਾਂ ਉਤੇ ਪੁਲੀਸ ਵੱਲੋਂ ਲਾਠੀਚਾਰਜ ਕਰਨ ਦੀ ਘਟਨਾ ਨਾਲ ਆਮ ਆਦਮੀ ਪਾਰਟੀ ਦੀ ਬਿੱਲੀ ਥੈਲਿਓਂ ਬਾਹਰ ਆ ਗਈ ਹੈ। ਬੁਲਾਰਿਆਂ ਨੇ ਕਿਹਾ ਕਿ ਜਿਸ ਸਰਕਾਰ ਤੋਂ ਲੋਕਾਂ ਨੂੰ ਵੱਡੀਆਂ ਆਸਾਂ ਸਨ ਉਸੇ ਸਰਕਾਰ ਨੇ ਕਿਸਾਨਾਂ ’ਤੇ ਲਾਠੀਚਾਰਜ ਕਰਵਾ ਦਿਤਾ। ਉਨ੍ਹਾਂ ਕਿਹਾ ਕਿ ਕਿ ਕਿਸਾਨ ਸੁੰਡੀ ਦੀ ਮਾਰ ਵਿਚ ਆਏ ਨਰਮੇ ਲਈ ਮੁਆਵਜ਼ੇ ਦੀ ਮੰਗ ਕਰ ਰਹੇ ਸਨ।