ਐੱਸ ਐੱਸ ਸੱਤੀ
ਮਸਤੂਆਣਾ ਸਾਹਿਬ, 27 ਅਪਰੈਲ
ਸ਼੍ਰੋਮਣੀ ਅਕਾਲੀ ਦਲ ਦੇ ਨੌਜਵਾਨ ਆਗੂ ਕਾਕਾ ਨਵਇੰਦਰ ਸਿੰਘ ਲੌਂਗੋਵਾਲ ਨੇ ਕਿਹਾ ਕਿ ਪੰਜਾਬ ਦੀ ਕੈਪਟਨ ਸਰਕਾਰ ਕਣਕ ਦੀ ਚੁਕਾਈ ਵਿੱਚ ਪੂਰੀ ਤਰ੍ਹਾਂ ਫ਼ੇਲ੍ਹ ਹੋ ਗਈ ਹੈ। ਮੰਡੀਆਂ ਵਿਚ ਬਾਰਦਾਨਾ ਨਾ ਮਿਲਣ ਕਰਕੇ ਕਿਸਾਨ ਮੰਡੀਆਂ ਵਿੱਚ ਰੁਲਣ ਲਈ ਮਜਬੂਰ ਹੋ ਗਿਆ ਹੈ। ਕਾਕਾ ਲੌਂਗੋਵਾਲ ਨੇ ਇਥੋਂ ਨੇੜਲੇ ਪਿੰਡ ਬਹਾਦਰਪੁਰ ਵਿੱਚ ਕਣਕ ਦੇ ਖ਼ਰੀਦ ਪ੍ਰਬੰਧਾਂ ਸਬੰਧੀ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦਾ ਕਿਸਾਨ ਜਿੱਥੇ ਕੇਂਦਰ ਵਲੋਂ ਪਾਸ ਕੀਤੇ ਗਏ ਕਾਲੇ ਖੇਤੀ ਕਾਨੂੰਨਾਂ ਦੀ ਮਾਰ ਝੱਲ ਰਿਹਾ ਹੈ, ਉਥੇ ਹੁਣ ਪੰਜਾਬ ਸਰਕਾਰ ਦੀ ਵੀ ਦੂਹਰੀ ਮਾਰ ਝੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਬਾਰਦਾਨਾ ਨਾ ਹੋਣ ਕਰਕੇ ਕਣਕ ਦੀ ਲਿਫ਼ਟਿੰਗ ’ਤੇ ਵੀ ਸਿੱਧਾ ਅਸਰ ਪੈ ਰਿਹਾ ਹੈ ਅਤੇ ਪਿਛਲੇ ਦਸ-ਪੰਦਰਾਂ ਦਿਨਾਂ ਤੋਂ ਕਿਸਾਨ ਮੰਡੀਆਂ ਵਿੱਚ ਹੀ ਰਾਤਾਂ ਕੱਟਣ ਲਈ ਮਜਬੂਰ ਹਨ। ਇਸ ਮੌਕੇ ਸਰਕਲ ਪ੍ਰਧਾਨ ਜਥੇਦਾਰ ਰਘਵੀਰ ਸਿੰਘ ਬਹਾਦਰਪੁਰ, ਦਰਸ਼ਨ ਸਿੰਘ ਸਾਬਕਾ ਮੈਂਬਰ, ਕਰਨੈਲ ਸਿੰਘ, ਦਰਸ਼ਨ ਸਿੰਘ ਨੰਬਰਦਾਰ, ਗੁਰਚਰਨ ਸਿੰਘ, ਜਗਰੂਪ ਸਿੰਘ, ਜਗਰਾਜ ਸਿੰਘ, ਜਗਦੇਵ ਸਿੰਘ ਅਤੇ ਹੋਰ ਕਿਸਾਨ ਮਜ਼ਦੂਰ ਮੌਜੂਦ ਸਨ।