ਗੁਰਦੀਪ ਸਿੰਘ ਲਾਲੀ
ਸੰਗਰੂਰ, 1 ਅਗਸਤ
ਸੰਯੁਕਤ ਕਿਸਾਨ ਮੋਰਚਾ ਗੈਰ-ਸਿਆਸੀ ਅਤੇ ਕਿਸਾਨ ਮਜ਼ਦੂਰ ਮੋਰਚੇ ਦੇ ਸੱਦੇ ’ਤੇ ਜ਼ਿਲ੍ਹੇ ਭਰ ਦੇ ਸੈਂਕੜੇ ਕਿਸਾਨਾਂ ਵੱਲੋਂ ਡੀਸੀ ਦਫ਼ਤਰ ਅੱਗੇ ਕੇਂਦਰ ਅਤੇ ਹਰਿਆਣਾ ਸਰਕਾਰ ਦੇ ਪੁਤਲੇ ਫੂਕ ਕੇ ਪ੍ਰਦਰਸ਼ਨ ਕੀਤਾ ਗਿਆ। ਇਸ ਤੋਂ ਪਹਿਲਾਂ ਮੋਦੀ, ਸ਼ਾਹ ਅਤੇ ਖੱਟਰ ਦੀਆਂ ਅਰਥੀਆਂ ਚੁੱਕ ਕੇ ਅਨਾਜ ਮੰਡੀ ਤੋਂ ਡੀਸੀ ਦਫ਼ਤਰ ਤੱਕ ਰੋਸ ਮਾਰਚ ਕੀਤਾ। ਪ੍ਰਦਰਸ਼ਨਕਾਰੀ ਕਿਸਾਨ ਸ਼ੰਭੂ ਅਤੇ ਖਨੌਰੀ ਬਾਰਡਰਾਂ ’ਤੇ ਕਿਸਾਨਾਂ ਉਪਰ ਗੋਲੀਆਂ ਚਲਾਉਣ ਅਤੇ ਡਰੋਨਾਂ ਰਾਹੀਂ ਬੰਬਾਰੀ ਕਰਕੇ ਜਬਰ ਢਾਹੁਣ ਵਾਲੇ ਅਫਸਰਾਂ ਨੂੰ ਹਰਿਆਣਾ ਸਰਕਾਰ ਵਲੋਂ ਸਨਮਾਨਿਤ ਕਰਨ ਦੇ ਫੈਸਲੇ ਤੋਂ ਖਫ਼ਾ ਹਨ। ਭਾਕਿਯੂ ਏਕਤਾ ਆਜ਼ਾਦ ਅਤੇ ਭਾਕਿਯੂ ਏਕਤਾ ਸਿੱਧੂਪੁਰ ਦੀ ਅਗਵਾਈ ਹੇਠ ਕਿਸਾਨ ਵੱਡੀ ਤਾਦਾਦ ’ਚ ਅਨਾਜ ਮੰਡੀ ਵਿਚ ਇਕੱਠੇ ਹੋਏ ਜਿਥੋਂ ਰੋਸ ਮਾਰਚ ਕਰਦੇ ਹੋਏ ਡੀਸੀ ਦਫ਼ਤਰ ਪੁੱਜੇ ਅਤੇ ਮੋਦੀ, ਸ਼ਾਹ ਅਤੇ ਖੱਟਰ ਦੇ ਪੁਤਲੇ ਫੂਕੇ। ਕਿਸਾਨ ਬੀਬੀਆਂ ਨੇ ਕੀਰਨੇ ਪਾਉਂਦਿਆਂ ਕੇਂਦਰ ਤੇ ਹਰਿਆਣਾ ਸਰਕਾਰਾਂ ’ਤੇ ਨਿਵੇਕਲੇ ਅੰਦਾਜ ’ਚ ਚੋਟ ਕੀਤੀ। ਇਸ ਮੌਕੇ ਭਾਕਿਯੂ ਏਕਤਾ ਆਜ਼ਾਦ ਦੇ ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਸੋਨੀ ਲੌਂਗੋਵਾਲ ਅਤੇ ਭਾਕਿਯੂ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਨੇ ਕਿਹਾ ਸੰਬੋਧਨ ਕੀਤਾ। ਜ਼ਿਲਾ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਖ਼ਿਲਾਫ਼ ਬਾਰਡਰਾਂ ਤੇ ਚੱਲ ਰਹੇ ਮੋਰਚੇ ਮੰਗਾਂ ਦੀ ਪੂਰਤੀ ਤੱਕ ਜਾਰੀ ਰਹਿਣਗੇ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੇ ਅਮਰ ਲੌਂਗੋਵਾਲ, ਹਰਦੇਵ ਕੁਲਾਰ, ਮਹਿੰਦਰ ਮੰਗਵਾਲ, ਮੁਖਤਿਆਰ ਖੁਰਾਣਾ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਸੁਖਦੇਵ ਸਿੰਘ ਲੇਹਲਕਲਾ ਆਦਿ ਹਾਜ਼ਰ ਸਨ।
ਪਾਤੜਾਂ (ਗੁਰਨਾਮ ਸਿੰਘ ਚੌਹਾਨ): ਦਿੱਲੀ ਸੰਗਰੂਰ ਕੌਮੀ ਮੁੱਖ ਮਾਰਗ ਦੇ ਢਾਬੀ ਗੁੱਜਰਾਂ ਬਾਰਡਰ ’ਤੇ ਚੱਲ ਰਹੇ ਅੰਦੋਲਨ ਦੌਰਾਨ ਕਿਸਾਨਾਂ ਉੱਤੇ ਜ਼ੁਲਮ ਕਰਨ ਵਾਲੇ ਅਧਿਕਾਰੀਆਂ ਨੂੰ ਸਨਮਾਨਿਤ ਕੀਤੇ ਜਾਣ ਦੇ ਵਿਰੁੱਧ ਕਿਸਾਨ ਜਥੇਬੰਦੀਆਂ ਨੇ ਅੱਜ ਢਾਬੀ ਗੁੱਜਰਾਂ ਬਾਰਡਰ ਅਤੇ ਐੱਸਡੀਐੱਮ ਪਾਤੜਾਂ ਦੇ ਦਫਤਰ ਅੱਗੇ ਕੇਂਦਰ ਅਤੇ ਹਰਿਆਣਾ ਸਰਕਾਰ ਦਾ ਪੁਤਲਾ ਫੂਕਿਆ। ਇਸ ਮੌਕੇ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੇ ਆਗੂ ਯਾਦਵਿੰਦਰ ਸਿੰਘ ਨੇ ਸੰਬੋਧਨ ਕੀਤਾ।
ਸੁਨਾਮ ਊਧਮ ਸਿੰਘ ਵਾਲਾ (ਬੀਰ ਇੰਦਰ ਸਿੰਘ ਬਨਭੌਰੀ): ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੇ ਝੰਡੇ ਹੇਠ ਇਕੱਠੇ ਹੋਏ ਸੈਂਕੜੇ ਕਿਸਾਨਾਂ ਨੇ ਅੱਜ ਸਥਾਨਕ ਐੱਸਡੀਐੱਮ ਦਫ਼ਤਰ ਅੱਗੇ ਆਪਣੀਆਂ ਮੰਗਾਂ ਲਈ ਰੋਸ ਪ੍ਰਦਰਸ਼ਨ ਕੀਤਾ। ਮੁਜ਼ਾਹਰਾਕਾਰੀਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ’ਤੇ ਕਿਸਾਨਾਂ ਨਾਲ ਕੀਤੇ ਵਾਅਦੇ ਨਾ ਪੁਗਾਉਣ ਦਾ ਦੋਸ਼ ਲਾਉਂਦਿਆਂ ਨਾਅਰੇਬਾਜ਼ੀ ਕੀਤੀ ਜਦੋਂ ਕਿ ਹਰਿਆਣਾ ਦੀ ਬੀਜੇਪੀ ਸਰਕਾਰ ਦਾ ਪੁਤਲਾ ਸਾੜਿਆ। ਇਸ ਮੌਕੇ ਜ਼ਿਲ੍ਹਾ ਕਾਰਜਕਾਰੀ ਆਗੂ ਸੰਤ ਰਾਮ ਛਾਜਲੀ, ਜਸਵੀਰ ਮੈਦੇਵਾਸ , ਹੈਪੀ ਨਮੋਲ, ਦਰਸ਼ਨ ਸਿੰਘ ਨੀਲੋਵਾਲ, ਸਤਿਗੁਰ ਸਿੰਘ ,ਗੁਰਚਰਨ ਸਿੰਘ ਬਿਗੜਬਾਲ , ਭੋਲਾ ਸਿੰਘ-, ਸੁਖਦੇਵ ਸਿੰਘ ਸ਼ਾਹਪੁਰ, ਬਿੱਕਰ ਸਿੰਘ ਚੀਮਾਂ ਆਦਿ ਹਾਜ਼ਰ ਸਨ।
ਕਿਸਾਨਾਂ ਵੱਲੋਂ ਖਨੌਰੀ ਬਾਰਡਰ ’ਤੇ ਰੋਸ ਮੁਜ਼ਾਹਰਾ
ਖਨੌਰੀ (ਹਰਜੀਤ ਸਿੰਘ): ਸੰਯੁਕਤ ਕਿਸਾਨ ਮੋਰਚਾ ਗੈਰ-ਸਿਆਸੀ ਦੇ ਸੱਦੇ ’ਤੇ ਕਿਸਾਨਾਂ ਨੇ ਖਨੌਰੀ ਬਾਰਡਰ ’ਤੇ ਕੇਂਦਰ ਅਤੇ ਹਰਿਆਣਾ ਸਰਕਾਰਾਂ ਖ਼ਿਲਾਫ਼ ਪੁਤਲਾ ਫੂਕ ਕੇ ਪ੍ਰਦਰਸ਼ਨ ਕੀਤਾ। ਇਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਸਾਨ ਆਗੂਆਂ ਜਗਜੀਤ ਸਿੰਘ ਡੱਲੇਵਾਲ ਅਤੇ ਲਖਵਿੰਦਰ ਸਿੰਘ ਔਲਖ ਨੇ ਕਿਹਾ ਕਿ ਕਿਸੇ ਵੀ ਦੇਸ਼ ਵਿੱਚ ਉਸ ਦੇਸ਼ ਦਾ ਸੰਵਿਧਾਨ ਲੋਕਾਂ ਨੂੰ ਆਪਣੇ ਹੱਕਾਂ ਲਈ ਸ਼ਾਂਤਮਈ ਪ੍ਰਦਰਸ਼ਨ ਕਰਨ ਦਾ ਅਧਿਕਾਰ ਦਿੰਦਾ ਹੈ ਪਰ ਕੇਂਦਰ ਸਰਕਾਰ ਦੇ ਇਸ਼ਾਰੇ ’ਤੇ ਹਰਿਆਣਾ ਦੀ ਭਾਜਪਾ ਸਰਕਾਰ ਵੱਲੋਂ ਦਿੱਲੀ ਨੂੰ ਜਾ ਰਹੇ ਆਪਣੇ ਹੀ ਦੇਸ਼ ਦੇ ਨਾਗਰਿਕਾਂ ’ਤੇ ਖਨੌਰੀ ਅਤੇ ਸ਼ੰਭੂ ਬਾਰਡਰ ’ਤੇ ਤਸ਼ਦੱਦ ਕੀਤਾ ਗਿਆ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਦੀ ਸ਼ਹਿ ’ਤੇ ਪੁਲੀਸ ਵਾਲਿਆਂ ਵੱਲੋਂ ਪ੍ਰੀਤਪਾਲ ਸਿੰਘ ਨੂੰ ਬੋਰੀ ਵਿੱਚ ਪਾ ਕੇ ਉਸ ਉੱਪਰ ਅਣਮਨੁੱਖੀ ਤਸ਼ੱਦਦ ਕਰਦੇ ਹੋਏ ਉਸ ਦੇ ਸਰੀਰ ਦੀ ਇੱਕ ਇੱਕ ਹੱਡੀ ਤੋੜ ਦਿੱਤੀ ਅਤੇ ਸ਼ੁਭਕਰਨ ਸਿੰਘ ਦੇ ਸਿਰ ਵਿੱਚ ਗੋਲੀ ਮਾਰ ਕੇ ਉਸ ਦਾ ਕਤਲ ਕਰ ਦਿੱਤਾ ਗਿਆ ਸੀ ਜਿਨ੍ਹਾਂ ਨੂੰ ਹਰਿਆਣਾ ਸਰਕਾਰ ਵੱਲੋਂ ਆਪਣੇ ਹੀ ਦੇਸ਼ ਦੇ ਨਾਗਰਿਕਾਂ ’ਤੇ ਜ਼ੁਲਮ ਕਰਨ ਬਦਲੇ ਸਨਮਾਨਿਤ ਕਰਨ ਦੀ ਸਿਫ਼ਾਰਿਸ਼ ਕੀਤੀ ਗਈ ਹੈ। ਕਿਸਾਨ ਆਗੂਆਂ ਨੇ ਰਾਸ਼ਟਰਪਤੀ ਅਤੇ ਸੁਪਰੀਮ ਕੋਰਟ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਨ੍ਹਾਂ ਖ਼ੁਦ ਇਸ ਮੁੱਦੇ ਦੀ ਜਾਂਚ ਕਰਵਾਈ ਜਾਵੇ।