ਨਿਜੀ ਪੱਤਰ ਪ੍ਰੇਰਕ
ਸੰਗਰੂਰ, 26 ਅਪਰੈਲ
ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਰੋਸ ਧਰਨਿਆਂ ’ਚ ਅੱਜ ਕਿਸਾਨ ਜਥੇਬੰਦੀਆਂ ਵਲੋਂ ਕੇਂਦਰ ਸਰਕਾਰ ਖ਼ਿਲਾਫ਼ ਗਰਜਦਿਆਂ ਦੋਸ਼ ਲਾਇਆ ਕਿ ਸੱਤਾ ’ਤੇ ਕਾਬਜ਼ ਭਾਜਪਾ ਸਰਕਾਰ ਕਰੋਨਾ ਆਪਣੇ ਸਿਆਸੀ ਹਿੱਤਾਂ ਲਈ ਕਰੋਨਾ ਨੂੰ ਵਰਤ ਰਹੀ ਹੈ। ਇੱਕ ਪਾਸੇ ਕੇਂਦਰ ਸਰਕਾਰ ਕਰੋਨਾ ਦੀ ਆੜ ਵਿਚ ਆਮ ਲੋਕਾਂ ਉਪਰ ਸਖਤ ਪਾਬੰਦੀਆਂ ਥੋਪ ਰਹੀ ਹੈ ਜਦੋਂ ਕਿ ਦੂਜੇ ਪਾਸੇ ਭਾਜਪਾ ਲਈ ਪੱਛਮੀ ਬੰਗਾਲ ਦੇ ਚੋਣ ਪ੍ਰਚਾਰ ’ਤੇ ਕੋਈ ਰੋਕ ਟੋਕ ਨਹੀਂ ਹੈ। ਕਿਸਾਨ ਆਗੂਆਂ ਨੇ ‘ਅਪਰੇਸ਼ਨ ਕਲੀਨ’ ਨੂੰ ਕੇਂਦਰ ਅਤੇ ਹਰਿਆਣਾ ਸਰਕਾਰ ਦਾ ਰਚਿਆ ਡਰਾਮਾ ਕਰਾਰ ਦਿੰਦਿਆਂ ਦਾਅਵਾ ਕੀਤਾ ਕਿ ਕਿਸਾਨਾਂ ਦੇ ਬੁਲੰਦ ਹੌਂਸਲਿਆਂ ਅੱਗੇ ‘ਅਪਰੇਸ਼ਨ ਕਲੀਨ’ ਠੁੱਸ ਹੋ ਗਿਆ ਹੈ।
ਇਥੇ ਰੇਲਵੇ ਸਟੇਸ਼ਨ ਨੇੜੇ 31 ਕਿਸਾਨ ਜਥੇਬੰਦੀਆਂ ਦਾ ਰੋਸ ਧਰਨਾ ਜਾਰੀ ਹੈ ਜਦੋਂ ਕਿ ਭਾਜਪਾ ਆਗੂ ਦੇ ਘਰ ਅੱਗੇ ਅਤੇ ਰਿਲਾਇੰਸ ਪੰਪ ਖੇੜੀ ਅੱਗੇ ਕਿਸਾਨ ਤੇ ਬੀਬੀਆਂ ਭਾਕਿਯੂ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਪੱਕੇ ਮੋਰਚੇ ’ਤੇ ਡਟੀਆਂ ਹੋਈਆਂ ਹਨ। ਕਿਸਾਨ ਜਥੇਬੰਦੀਆਂ ਰੋਸ ਧਰਨੇ ਨੂੰ ਹਰਮੇਲ ਸਿੰਘ ਮਹਿਰੋਕ, ਗੁਰਮੇਲ ਸਿੰਘ ਗੁੜਥਲੀ, ਨਿਰਮਲ ਸਿੰਘ ਬਟੜਿਆਣਾ, ਰੋਹੀ ਸਿੰਘ ਮੰਗਵਾਲ, ਜਸਵੰਤ ਸਿੰਘ ਬਿਗੜਵਾਲ, ਡਾ. ਹਰਪ੍ਰੀਤ ਕੌਰ ਖਾਲਸਾ, ਮੱਘਰ ਸਿੰਘ ਉਭਾਵਾਲ, ਗੱਜਣ ਸਿੰਘ ਲੱਡੀ, ਲੱਖਮੀ ਚੰਦ ਅਤੇ ਰਾਮ ਸਿੰਘ ਸੋਹੀਆਂ ਨੇ ਸੰਬੋਧਨ ਕੀਤਾ ਜਦੋਂ ਕਿ ਭਾਕਿਯੂ ਏਕਤਾ ਉਗਰਾਹਾਂ ਦੇ ਧਰਨਿਆਂ ਨੂੰ ਗੋਬਿੰਦਰ ਸਿੰਘ ਮੰਗਵਾਲ, ਗੋਬਿੰਦਰ ਸਿੰਘ ਬਡਰੁੱਖਾਂ, ਕਰਮਜੀਤ ਸਿੰਘ ਮੰਗਵਾਲ, ਲਾਭ ਸਿੰਘ ਖੁਰਾਣਾ, ਗੁਰਦੇਵ ਕੰਮੋਮਾਜਰਾ, ਹਰਦੇਵ ਕੁਲਾਰਾਂ, ਸਰੂਪ ਚੰੰਦ ਕਿਲਾਭਰੀਆਂ, ਗੁਰਮੇਲ ਕੌਰ, ਕਰਨੈਲ ਕੌਰ, ਕਰਮਜੀਤ ਕੌਰ ਆਦਿ ਨੇ ਸੰਬੋਧਨ ਕੀਤਾ। ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਸਰਕਾਰ ਕਰੋਨਾ ਦੀ ਆੜ ਵਿਚ ਦੋਗਲੀ ਨੀਤੀ ਅਪਣਾ ਰਹੀ ਹੈ। ਇੱਕ ਪਾਸੇ ਦੇਸ਼ ਵਿਚ ਆਮ ਲੋਕਾਂ ਉਪਰ ਸਖਤ ਪਾਬੰਦੀਆਂ ਲਗਾ ਦਿੱਤੀਆਂ ਹਨ ਜਦੋਂ ਕਿ ਪੱਛਮੀ ਬੰਗਾਲ ਚੋਣ ਪ੍ਰਚਾਰ ਲਈ ਭਾਜਪਾ ਨੂੰ ਪੂਰੀ ਖੁੱਲ੍ਹ ਦੇ ਰੱਖੀ ਹੈ। ਉਨ੍ਹਾਂ ਹਰ ਵਰਗ ਦੇ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਸੰਘਰਸ਼ ਵਿਚ ਵਧ ਚੜ੍ਹ ਕੇ ਸ਼ਮੂਲੀਅਤ ਕਰਨ।