ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 14 ਦਸੰਬਰ
ਖੇਤੀ ਕਾਨੂੰਨ ਰੱਦ ਹੋਣ ਅਤੇ ਕਿਸਾਨ ਸੰਘਰਸ਼ ਦੀ ਜਿੱਤ ਮਗਰੋਂ ਦਿੱਲੀ ਮੋਰਚਾ ਖਤਮ ਹੋਣ ਤੋਂ ਬਾਅਦ ਕਿਸਾਨ ਜਥੇਬੰਦੀਆਂ ਵਲੋਂ ਹੁਣ ਪੰਜਾਬ ਵਿੱਚ ਵੀ ਪੱਕੇ ਰੋਸ ਧਰਨੇ ਖਤਮ ਕੀਤੇ ਜਾ ਰਹੇ ਹਨ। ਭਾਕਿਯੂ (ਏਕਤਾ ਉਗਰਾਹਾਂ) ਵੱਲੋਂ ਖੇਤੀ ਕਾਨੂੰਨਾਂ ਖ਼ਿਲਾਫ਼ ਇਥੇ ਭਾਜਪਾ ਆਗੂ ਸਤਵੰਤ ਸਿੰਘ ਪੂਨੀਆ ਦੇ ਘਰ ਅੱਗੇ ਪਿਛਲੇ ਕਰੀਬ ਇੱਕ ਸਾਲ ਤੋਂ ਚੱਲ ਰਿਹਾ ਪੱਕਾ ਰੋਸ ਧਰਨਾ ਅੱਜ ਜੈਕਾਰਿਆਂ ਦੀ ਗੂੰਜ ਅਤੇ ਢੋਲ ਢਮੱਕੇ ਨਾਲ ਸਮਾਪਤ ਕਰ ਦਿੱਤਾ ਗਿਆ ਹੈ ਜਦੋਂ ਕਿ ਰਿਲਾਇੰਸ ਪੰਪ ਖੇੜੀ ਅੱਗੇ ਚੱਲ ਰਿਹਾ ਪੱਕਾ ਰੋਸ ਧਰਨਾ 15 ਦਸੰਬਰ ਨੂੰ ਸਮਾਪਤ ਕੀਤਾ ਜਾਵੇਗਾ।
ਇਸ ਮੌਕੇ ਭਾਕਿਯੂ ਏਕਤਾ ਉਗਰਾਹਾਂ ਦੇ ਬਲਾਕ ਪ੍ਰਧਾਨ ਗੋਬਿੰਦਰ ਸਿੰਘ ਮੰਗਵਾਲ ਨੇ ਕਿਹਾ ਕਿ ਦਿੱਲੀ ਕਿਸਾਨ ਅੰਦੋਲਨ ਦੀ ਜਿੱਤ ਲੋਕਤੰਤਰ ਦੀ ਜਿੱਤ ਹੈ। ਬੁਲੰਦ ਹੌਸਲੇ, ਅਮਨ ਸ਼ਾਂਤੀ ਅਤੇ ਸਬਰ ਨਾਲ ਲੜੇ ਕਿਸਾਨ ਸੰਘਰਸ਼ ਅੱਗੇ ਕੇਂਦਰ ਸਰਕਾਰ ਨੂੰ ਝੁਕਣਾ ਪਿਆ ਹੈ। ਉਨ੍ਹਾਂ ਕਿਹਾ ਕਿ ਕਿਸਾਨ ਸੰਘਰਸ਼ ਦੀ ਜਿੱਤ ਨੇ ਸਾਬਤ ਕਰ ਦਿੱਤਾ ਹੈ ਕਿ ਲੋਕ-ਸ਼ਕਤੀ ਨਾਲ ਸਰਕਾਰੀ ਨੀਤੀਆਂ ਨੂੰ ਮੋੜਾ ਦਿੱਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਅਤੇ ਮਜ਼ਦੂਰਾਂ ਦੀ ਏਕਤਾ ਅੱਗੇ ਹੀ ਸਰਕਾਰ ਖੇਤੀ ਕਾਨੂੰਨ ਰੱਦ ਕਰਨ ਲਈ ਮਜ਼ਬੂਰ ਹੋਈ ਹੈ। ਉਨ੍ਹਾਂ ਦੱਸਿਆ ਕਿ 13 ਅਕਤੂਬਰ 2020 ਤੋਂ ਇਥੇ ਗੁਰਦਾਸਪੁਰਾ ਵਿਖੇ ਭਾਜਪਾ ਆਗੂ ਸਤਵੰਤ ਸਿੰਘ ਪੂਨੀਆਂ ਦੇ ਘਰ ਅੱਗੇ ਚੱਲ ਰਿਹਾ ਪੱਕਾ ਰੋਸ ਧਰਨਾ ਅੱਜ ਸਮਾਪਤ ਕਰ ਦਿੱਤਾ ਹੈ। ਇਸ ਮੌਕੇ ਅਨੇਕਾਂ ਕਿਸਾਨ ਬੀਬੀਆਂ ਅਤੇ ਕਿਸਾਨਾਂ ਨੂੰ ਸਨਮਾਨਿਤ ਵੀ ਕੀਤਾ ਗਿਆ।
ਟੌਲ ਪਲਾਜ਼ਿਆਂ ’ਤੇ ਧਰਨੇ ਜਾਰੀ ਰੱਖਣ ਦਾ ਐਲਾਨ
ਭਾਕਿਯੂ (ਏਕਤਾ ਉਗਰਾਹਾਂ) ਦੇ ਬਲਾਕ ਪ੍ਰਧਾਨ ਗੋਬਿੰਦਰ ਸਿੰਘ ਮੰਗਵਾਲ ਨੇ ਕਿਹਾ ਕਿ ਟਲ ਪਲਾਜ਼ਿਆਂ ਉਪਰ ਚੱਲ ਰਹੇ ਰੋਸ ਧਰਨੇ ਪਹਿਲਾਂ ਦੀ ਤਰ੍ਹਾਂ ਜਾਰੀ ਰਹਿਣਗੇ ਕਿਉਂਕਿ ਸਰਕਾਰ ਟੋਲ ਟੈਕਸ ਦੇ ਰੇਟਾਂ ਵਿੱਚ ਵਾਧਾ ਕਰਕੇ ਲੋਕਾਂ ਉਪਰ ਵਿੱਤੀ ਬੋਝ ਪਾਉਣਾ ਚਾਹੁੰਦੀ ਹੈ ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਣ ਵਾਲੇ ਕਿਸਾਨਾਂ ਦੇ ਪਰਿਵਾਰ ਜਿੰਨ੍ਹਾਂ ਨੂੰ ਮੁਆਵਜ਼ਾ ਨਹੀਂ ਮਿਲਿਆ, ਉਨ੍ਹਾਂ ਪਰਿਵਾਰਾਂ ਨੂੰ ਮੁਆਵਜ਼ਾ ਦਿਵਾਉਣ ਲਈ 20 ਦਸੰਬਰ ਨੂੰ ਡਿਪਟੀ ਕਮਿਸ਼ਨਰ ਦਫ਼ਤਰ ਸੰਗਰੂਰ ਅੱਗੇ ਰੋਸ ਧਰਨਾ ਦਿੱਤਾ ਜਾਵੇਗਾ।