ਰਮੇਸ਼ ਭਾਰਦਵਾਜ
ਲਹਿਰਾਗਾਗਾ, 11 ਦਸੰਬਰ
ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਲਹਿਰਾਗਾਗਾ ਦੇ ਮੀਤ ਪ੍ਰਧਾਨ ਸੂਬਾ ਸਿੰਘ ਸੰਗਤਪੁਰਾ ਦੀ ਅਗਵਾਈ ਹੇਠ ਲਹਿਲ ਖੁਰਦ ਪਿੰਡ ਦੇ ਨਾਲ ਲੱਗਦੇ ਰਿਲਾਇੰਸ ਦੇ ਪੈਟਰੋਲ ਪੰਪ ’ਤੇ ਧਰਨਾ 72ਵੇਂ ਦਿਨ ਵੀ ਜਾਰੀ ਰਿਹਾ। ਇਸ ਮੌਕੇ ਬਲਾਕ ਪ੍ਰਧਾਨ ਧਰਮਿੰਦਰ ਸਿੰਘ ਪਿਸ਼ੌਰ ਨੇ ਕਿਹਾ ਕਿ ਜਥੇਬੰਦੀ ਵੱਲੋਂ ਖੇਤੀ ਵਿਰੋਧੀ ਕਨੂੰਨਾਂ ਨੂੰ ਰੱਦ ਕਰਵਾਉਣ ਤੱਕ ਮੋਦੀ ਸਰਕਾਰ ਤੇ ਕਾਰਪੋਰੇਟਾਂ ਦੇ ਲੋਟੂ ਅਦਾਰਿਆਂ ਤੇ ਭਾਜਪਾ ਆਗੂਆਂ ਦੇ ਘਰਾਂ ਅੱਗੇ ਧਰਨੇ ਦੇ ਕੇ ਕਿਸਾਨ ਸੰਘਰਸ਼ ਕਰਕੇ ਮੋਦੀ ਸਰਕਾਰ ਨੂੰ ਖੇਤੀ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਗੋਡੇ ਟੇਕਣ ਲਈ ਮਜ਼ਬੂੂਰ ਕਰ ਦੇਣਗੇ। ਉਨ੍ਹਾਂ ਕਿਹਾ ਕਿ ਜਥੇਬੰਦੀ 12 ਦਸੰਬਰ ਤੇ 14 ਦਸੰਬਰ ਦੇ ਸੰਘਰਸ਼ ਨੂੰ ਪੂਰੀ ਤਰ੍ਹਾਂ ਸਫਲ ਬਣਾਉਣ ਲਈ ਪਿੰਡਾਂ ’ਚ ਚੇਤੰਨਤਾ ਰੈਲੀਆਂ ਕੀਤੀਆਂ ਜਾ ਰਹੀਆਂ ਹਨ। ਕਿਸਾਨ ਆਗੂ ਸੂਬਾ ਸਿੰਘ ਸੰਗਤਪੁਰਾ, ਹਰਜਿੰਦਰ ਸਿੰਘ ਨੰਗਲਾ, ਜਗਸੀਰ ਸਿੰਘ ਖੰਡੇਬਾਦ, ਬਿੰਦਰ ਸਿੰਘ ਖੋਖਰ, ਗੋਗੀ ਗੋਬਿੰਦ ਗੜ੍ਹ ਜੇਜੀਆ ਆਦਿ ਆਗੂਆਂ ਨੇ ਧਰਨੇ ’ਤੇ ਬੈਠੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਾਲੇ ਕਨੂੰਨਾਂ ਨੂੰ ਲੈ ਕੇ ਦਿੱਲੀ ’ਚ ਚੱਲ ਰਹੇ ਸ਼ਾਂਤਮਈ ਧਰਨੇ ਵਿੱਚ ਦੇਸ਼ ਦੇ ਹਰ ਇਕ ਕੋਨੇ ’ਚੋਂ ਲੋਕਾਂ ਨੇ ਆਪ ਮੁਹਾਰੇ ਆਪਣੇ ਨਿੱਜੀ ਸਾਧਨਾਂ ਰਾਹੀਂ ਸ਼ਾਮਲ ਹੋਣ ਲਈ ਦਿੱਲੀ ਵੱਲ ਨੂੰ ਕੂਚ ਕਰ ਦਿੱਤਾ ਹੈ। ਕਈ ਪੈਟਰੋਲ ਪੰਪਾਂ ਦੇ ਮਾਲਕਾਂ ਵੱਲੋਂ ਮੁਫਤ ਤੇਲ ਪਾਇਆ ਜਾ ਰਿਹਾ ਹੈ। ਮੈਡੀਕਲ ਸਹੂਲਤਾਂ ਤੋਂ ਲੈ ਕੇ ਜ਼ਰੂਰਤ ਦੀ ਹਰ ਚੀਜ਼ ਮੁਹੱਈਆ ਕਰਵਾਈ ਜਾ ਰਹੀ ਹੈ। ਮੋਦੀ ਸਰਕਾਰ ਦੇ ਕਨੂੰਨ ਨਾ ਵਾਪਸੀ ਦੇ ਬਿਆਨ ਤੋਂ ਬਾਅਦ ਪੰਜਾਬ ਵਿੱਚ ਲੋਕਾਂ ਦੇ ਮਨਾਂ ’ਚ ਭਾਜਪਾ ਸਰਕਾਰ ਵਿਰੁੱਧ ਲੋਕ ਰੋਹ ਵਧਦਾ ਜਾ ਰਿਹਾ ਹੈ ਤੇ ਪਿੰਡਾਂ ਤੇ ਸ਼ਹਿਰਾਂ ’ਚ ਲੋਕਾਂ ਨੂੰ ਇਸ ਘੋਲ ’ਚ ਸ਼ਾਮਲ ਕਰਨ ਲਈ ਦਿਨ ਰਾਤ ਲਾਮਬੰਦ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨਾਲ ਨਾਲ ਹੋਰ ਕਈ ਸੂਬਿਆਂ ’ਚ ਭਾਜਪਾ ਦਾ ਪੱਤਾ ਸਾਫ ਹੋਣ ਵਾਲਾ ਹੈ। ਜੇ ਮੋਦੀ ਸਰਕਾਰ ਨੇ ਆਪਣਾ ਅੜੀਅਲ ਵਤੀਰਾ ਨਾ ਛੱਡਿਆ ਤਾਂ ਸੰਘਰਸ਼ ਹੋਰ ਲੰਮਾ ਜਾਣ ਨਾਲ ਮੋਦੀ ਹਕੂਮਤ ਨੂੰ ਆਉਣ ਵਾਲੇ ਦਿਨਾਂ ’ਚ ਇਸਦਾ ਖਮਿਆਜ਼ਾ ਭੁਗਤਣਾ ਪਵੇਗਾ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਤਰਫੋਂ 14 ਦਸੰਬਰ ਨੂੰ ਪੰਜਾਬ ’ਚ ਸਾਰੇ ਹੈੱਡਕੁਆਰਟਰਾਂ ਅੱਗੇ ਧਰਨੇ ਦਿੱਤੇ ਜਾਣਗੇ।