ਰਮੇਸ਼ ਭਾਰਦਵਾਜ
ਲਹਿਰਾਗਾਗਾ,27 ਮਈ
ਇੱਥੇ ਰਿਲਾਇੰਸ ਪੈਟਰੋਲ ਪੰਪ ਉੱਤੇ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਬਲਾਕ ਲਹਿਰਾਗਾਗਾ ਦੇ ਪ੍ਰਧਾਨ ਧਰਮਿੰਦਰ ਸਿੰਘ ਪਿਸ਼ੌਰ ਦੀ ਅਗਵਾਈ ਹੇਠ ਚੱਲ ਰਿਹਾ ਧਰਨਾ 238ਵੇਂ ਦਿਨ ਵੀ ਜਾਰੀ ਰਿਹਾ। ਧਰਨੇ ਦੀ ਸ਼ੁਰੂਆਤ ਗੁਰਮੇਲ ਸਿੰਘ ਕੋਟੜਾ ਅਤੇ ਜਸ਼ਨਦੀਪ ਕੋਰ ਸੇਖੂਵਾਸ ਨੇ ਕ੍ਰਾਂਤੀਕਾਰੀ ਗੀਤ ਗਾ ਕੇ ਕੀਤੀ। ਇਸ ਮੌਕੇ ਬਲਾਕ ਮੀਤ ਪ੍ਰਧਾਨ ਸੂਬਾ ਸਿੰਘ ਸੰਗਤਪੁਰਾ, ਹਰਜਿੰਦਰ ਸਿੰਘ ਨੰਗਲਾ, ਜਗਸੀਰ ਸਿੰਘ ਖੰਡੇਬਾਦ, ਰਾਮਚੰਦ ਸਿੰਘ ਚੋਟੀਆਂ ਤੇ ਬਲਜੀਤ ਸਿੰਘ ਗੋਬਿੰਦਗੜ੍ਹ ਜੇਜੀਆ ਆਦਿ ਨੇ ਦੱਸਿਆ ਕਿ ਪਟਿਆਲਾ ਵਿੱਚ ਲੱਗਣ ਵਾਲੇ ਤਿੰਨ ਰੋਜ਼ਾ ਪੱਕੇ ਮੋਰਚੇ ਵਿੱਚ ਬਲਾਕ ਲਹਿਰਾਗਾਗਾ ਵੱਲੋਂ ਕੋਵਿਡ-19 ਦੀਆਂ ਹਦਾਇਤਾਂ ਦਾ ਪਾਲਣ ਕਰਦੇ ਹੋਏ ਕਿਸਾਨ ਤੇ ਮਜ਼ਦੂਰ ਔਰਤਾਂ ਦੀਆਂ ਤਿੰਨ ਬੱਸਾਂ ਭੇਜੀਆਂ ਜਾਣਗੀਆਂ ਜੋ ਕਿ ਦੋ ਦਿਨ ਲਗਾਤਾਰ ਜਾਣਗੀਆਂ। ਹਰ ਪਿੰਡ ਵਿੱਚੋਂ ਪੰਜ-ਪੰਜ ਔਰਤਾਂ ਨੂੰ ਹੀ ਭੇਜਿਆ ਜਾਵੇਗਾ।
ਧੂਰੀ (ਹਰਦੀਪ ਸਿੰਘ ਸੋਢੀ): ਕੇਂਦਰ ਸਰਕਾਰ ਦੇ ਨਵੇਂ ਖੇਤੀ ਕਾਨੂੰਨਾਂ ਤੇ ਹੋਰ ਮੰਗਾਂ ਮਨਵਾਉਣ ਲਈ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵੱਲੋਂ ਲੱਡਾ ਟੌਲ ਪਲਾਜ਼ਾ ਕੋਲ ਲੱਗਾ ਧਰਨਾ ਰਾਮ ਸਿੰਘ ਕੱਕੜਵਾਲ ਦੀ ਅਗਵਾਈ ਹੇਠ 238ਵੇਂ ਦਿਨ ਵੀ ਜਾਰੀ ਰਿਹਾ। ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੱਕ ਧਰਨੇ ਜਾਰੀ ਰੱਖਣ ਦਾ ਐਲਾਨ ਕੀਤਾ ਗਿਆ। ਆਗੂਆਂ ਨੇ ਕਿਹਾ ਕਿ 28 ਤੇ 29 ਮਈ ਨੂੰ ਪਟਿਆਲਾ ਵਿੱਚ ਦਿੱਤੇ ਜਾਣ ਵਾਲੇ ਧਰਨਿਆਂ ਨੂੰ ਕਾਮਯਾਬ ਕਰਨ ਲਈ ਜਥੇਬੰਦੀਆਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ।
ਸਮਾਣਾ (ਸੁਭਾਸ਼ ਚੰਦਰ): ਕੇਂਦਰੀ ਲੇਖਕ ਸਭਾ ਤੇ ਅਦਾਰਾ ਪਰਵਾਜ਼ ਦੇ ਅਹੁਦੇਦਾਰ ਡਾ. ਅਰਵਿੰਦਰ ਕੌਰ ਕਾਕੜਾ ਨੇ ਕਿਹਾ ਕਿ ਦਿੱਲੀ ਦੀਆਂ ਹੱਦਾਂ ’ਤੇ ਲੱਗੇ ਕਿਸਾਨ ਮੋਰਚੇ ਨੂੰ ਛੇ ਮਹੀਨੇ ਪੂਰੇ ਹੋ ਚੁੱਕੇ ਹਨ ਪਰ ਕੇਂਦਰ ਸਰਕਾਰ ਦਾ ਕੱਟੜ ਰਵੱਈਆ ਉਸੇ ਤਰ੍ਹਾਂ ਬਰਕਰਾਰ ਹੈ। ਦੂਜੇ ਪਾਸੇ ਕਿਸਾਨਾਂ ਤੇ ਕਿਰਤੀ ਲੋਕਾਂ ਦੇ ਹੌਸਲੇ ਪੂਰੀ ਤਰ੍ਹਾਂ ਬੁਲੰਦ ਹਨ। ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦੇ ਹਰ ਸੱਦੇ ਨੂੰ ਪ੍ਰਵਾਨ ਕਰਦਿਆਂ ਲੇਖਕ ਜੱਥੇਬੰਦੀਆਂ ਨੇ ਇਸ ਵਿੱਚ ਬਣਦਾ ਯੋਗਦਾਨ ਪਾਇਆ ਹੈ।