ਨਿੱਜੀ ਪੱਤਰ ਪੇ੍ਰਕ
ਸੰਗਰੂਰ, 25 ਅਪਰੈਲ
ਅੱਜ ਲੌਕਡਾਊਨ ਹੋਣ ਦੇ ਬਾਵਜੂਦ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਰੋਸ ਧਰਨਿਆਂ ’ਚ ਕਿਸਾਨ ਡਟੇ ਰਹੇ। ਲੌਕਡਾਊਨ ਦੌਰਾਨ ਭਾਵੇਂ ਸਭ ਪਾਸੇ ਚੁੱਪ ਪਸਰੀ ਹੋਈ ਸੀ ਪਰੰਤੂ ਰੋਸ ਧਰਨਿਆਂ ’ਚ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇ ਗੂੰਜਦੇ ਰਹੇ। ਕਿਸਾਨ ਜਥੇਬੰਦੀਆਂ ਨੇ ਦੋਸ਼ ਲਾਇਆ ਹੈ ਕਿ ਦੇਸ਼ ਦੇ ਲੋਕਾਂ ਨਾਲ ‘ਅੱਛੇ ਦਿਨਾਂ’ ਦੇ ਵਾਅਦੇ ਕਰਕੇ ਭਾਜਪਾ ਸਰਕਾਰ ਦੇਸ਼ ਨੂੰ ਗੁਲਾਮ ਬਣਾਉਣ ਲਈ ਬਜ਼ਿੱਦ ਹੈ। ਕਿਸਾਨਾਂ ਨੇ ਦੇਸ਼ ਨੂੰ ਬਚਾਉਣ ਲਈ ਹਰ ਵਰਗ ਦੇ ਲੋਕਾਂ ਨੂੰ ਇੱਕਜੁੱਟ ਹੋ ਕੇ ਮੋਦੀ ਸਰਕਾਰ ਖ਼ਿਲਾਫ਼ ਚੱਲ ਰਹੇ ਸੰਘਰਸ਼ ਵਿਚ ਕੁੱਦਣ ਦਾ ਸੱਦਾ ਦਿੱਤਾ ਹੈ।
ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਸਥਾਨਕ ਰੇਲਵੇ ਸਟੇਸ਼ਨ ਨੇੜੇ ਜਦੋਂ ਕਿ ਭਾਕਿਯੂ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਇਥੇ ਭਾਜਪਾ ਆਗੂ ਸਤਵੰਤ ਸਿੰਘ ਪੂਨੀਆਂ ਦੇ ਘਰ ਅੱਗੇ ਅਤੇ ਰਿਲਾਇੰਸ ਪੰਪ ਖੇੜੀ ਅੱਗੇ ਰੋਸ ਧਰਨੇ ਜਾਰੀ ਰਹੇ ਅਤੇ ਕਿਸਾਨ ਅਤੇ ਕਿਸਾਨ ਬੀਬੀਆਂ ਨੇ ਵੱਡੀ ਤਾਦਾਦ ’ਚ ਪੁੱਜ ਕੇ ਕੇਂਦਰ ਸਰਕਾਰ ਖ਼ਿਲਾਫ਼ ਆਵਾਜ਼ ਬੁਲੰਦ ਕੀਤੀ। ਸਟੇਸ਼ਨ ਨੇੜੇ ਕਿਸਾਨ ਜਥੇਬੰਦੀਆਂ ਦੇ ਧਰਨੇ ਨੂੰ ਹਰਮੇਲ ਸਿੰਘ ਮਹਿਰੋਕ, ਨਿਰਮਲ ਸਿੰਘ ਬਟੜਿਆਣਾ, ਇੰਦਰਪਾਲ ਸਿੰਘ ਪੁੰਨਾਂਵਾਲ, ਰੋਹੀ ਸਿੰਘ ਮੰਗਵਾਲ ਆਦਿ ਨੇ ਸੰਬੋਧਨ ਕੀਤਾ ਜਦੋਂ ਕਿ ਭਾਕਿਯੂ ਏਕਤਾ ਉਗਰਾਹਾਂ ਦੇ ਰੋਸ ਧਰਨਿਆਂ ਨੂੰ ਗੋਬਿੰਦਰ ਸਿੰਘ ਮੰਗਵਾਲ, ਗੋਬਿੰਦਰ ਸਿੰਘ ਬਡਰੁੱਖਾਂ, ਸ਼ਿੰਦਰ ਸਿੰਘ, ਸੋਮ ਨਾਥ ਸ਼ੇਰੋਂ, ਸਰੂਪ ਚੰਦ ਕਿਲਾਭਰੀਆਂ, ਗੁਰਦੀਪ ਸਿੰਘ ਕੰਮੋਮਾਜਰਾ ਅਤੇ ਹਰਦੇਵ ਸਿੰਘ ਕੁਲਾਰਾਂ ਨੇ ਸੰਬੋਧਨ ਕੀਤਾ। ਬੁਲਾਰਿਆਂ ਨੇ ਦੋਸ਼ ਲਾਇਆ ਕਿ ਕੇਂਦਰ ਸਰਕਾਰ ਨੇ ਦੇਸ਼ ਦੇ ਲੋਕਾਂ ਨਾਲ ਅੱਛੇ ਦਿਨ ਲਿਆਉਣ ਦਾ ਵਾਅਦਾ ਕੀਤਾ ਸੀ ਪਰੰਤੂ ਅੱਛੇ ਦਿਨਾਂ ਦੀ ਬਜਾਏ ਦੇਸ਼ ਦੇ ਲੋਕਾਂ ਦੇ ਮਾੜੇ ਦਿਨ ਆ ਗਏ ਹਨ। ਉਨ੍ਹਾਂ ਦੋਸ਼ ਲਾਇਆ ਕਿ ਜਿਥੇ ਮੋਦੀ ਸਰਕਾਰ ਨੇ ਕਾਲੇ ਕਾਨੂੰਨ ਬਣਾ ਕੇ ਦੇਸ਼ ਨੂੰ ਮੁੜ ਗੁਲਾਮੀ ਵੱਲ ਧੱਕਿਆ ਜਾ ਰਿਹਾ ਹੈ ਉਥੇ ਦੇਸ਼ ਨੂੰ ਫਿਰਕੂ ਰੰਗਤ ਦੇ ਕੇ ਜਾਤ ਪਾਤ ਦੇ ਵਖਰੇਵੇਂ ਖੜ੍ਹੇ ਕਰ ਦਿੱਤੇ ਹਨ। ਖਾਸ ਕਰਕੇ ਘੱਟ ਗਿਣਤੀਆਂ ਉਪਰ ਲਗਾਤਾਰ ਸਿੱਧੇ ਅਤੇ ਅਸਿੱਧੇ ਢੰਗ ਨਾਲ ਹਮਲੇ ਕੀਤੇ ਜਾ ਰਹੇ ਹਨ। ਦੇਸ਼ ਵਿਚ ਸਰਮਾਏਦਾਰੀ ਦੀ ਪਕੜ ਹੋਣ ਕਾਰਨ ਆਮ ਲੋਕਾਂ ਦੀ ਸੁਣਵਾਈ ਨਹੀਂ ਹੋ ਰਹੀ। ਇਨਸਾਫ ਆਮ ਲੋਕਾਂ ਦੀ ਪਹੁੰਚ ਤੋਂ ਦੂਰ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਨੂੰ ਅਜ਼ਾਦ ਕਰਾਉਣ ਲਈ ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ ਅਤੇ ਊਧਮ ਸਿੰਘ ਵਰਗੇ ਯੋਧਿਆਂ ਨੇ ਆਪਣੀਆਂ ਸ਼ਹਾਦਤਾਂ ਦਿੱਤੀਆਂ ਪਰੰਤੂ ਕੇਂਦਰ ਸਰਕਾਰ ਆਰਐਸਐਸ ਦੀ ਵਿਚਾਰਧਾਰਾ ਨੂੰ ਲਾਗੂ ਕਰਕੇ ਲੋਕਾਂ ਵਿਚ ਵੰਡੀਆਂ ਪਾ ਰਹੀ ਹੈ ਅਤੇ ਦੇਸ਼ ਨੂੰ ਧਰਮ ਦੇ ਨਾਂ ’ਤੇ ਵੰਡਿਆ ਜਾ ਰਿਹਾ ਹੈ। ਦੇਸ਼ ਵਿਚ ਹਰ ਪਾਸੇ ਹਾਹਾਕਾਰ ਮਚੀ ਹੋਈ ਹੈ ਪਰੰਤੂ ਸਰਕਾਰ ਟੱਸ ਤੋਂ ਮੱਸ ਨਹੀਂ ਹੋ ਰਹੀ। ਉਨ੍ਹਾਂ ਕਿਹਾ ਕਿ ਦੇਸ਼ ਨੂੰ ਬਚਾਉਣ ਲਈ ਹਰ ਵਰਗ ਦੇ ਲੋਕਾਂ ਨੂੰ ਇੱਕਜੁੱਟ ਹੋ ਕੇ ਆਵਾਜ਼ ਬੁਲੰਦ ਕਰਨ ਦੀ ਲੋੜ ਹੈ।
ਧੂਰੀ ਅਤੇ ਸੁਨਾਮ ਵਿੱਚ ਕਿਸਾਨਾਂ ਦੇ ਧਰਨੇ ਜਾਰੀ
ਧੂਰੀ (ਖੇਤਰੀ ਪ੍ਰਤੀਨਿਧ): ਕੇਂਦਰ ਸਰਕਾਰ ਵੱਲੋਂ ਲਿਆਂਦੇ ਖੇਤੀ ਕਾਨੂੰਨਾਂ ਤੇ ਹੋਰ ਮੰਗਾਂ ਨੂੰ ਮਨਾਉਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਲੱਡਾ ਟੌਲ ਪਲਾਜ਼ਾ ਕੋਲ ਲੱਗਾ ਧਰਨਾ ਦਰਸ਼ਨ ਸਿੰਘ ਕਿਲ੍ਹਾ ਹਕੀਮਾਂ ਦੀ ਅਗਵਾਈ ਵਿੱਚ 207ਵੇਂ ਦਿਨ ਵੀ ਜਾਰੀ ਰਿਹਾ। ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ, ਕਾਰਪੋਰੇਟ ਘਰਾਣਿਆਂ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ। ਆਗੂਆਂ ਨੇ ਕਿਹਾ ਕੇਂਦਰ ਤੇ ਕੈਪਟਨ ਸਰਕਾਰ ਦੀਆਂ ਗ਼ਲਤ ਨੀਤੀਆਂ ਕਾਰਨ ਕਿਸਾਨ ਮੰਡੀਆਂ ਵਿੱਚ ਰੁਲ ਰਹੇ ਹਨ ਤੇ ਨਾ ਮੰਡੀਆਂ ਵਿੱਚ ਬਾਰਦਾਨੇ ਦੀ ਘਾਟ ਨੂੰ ਪੂਰਾ ਕੀਤਾ ਜਾ ਰਿਹਾ ਤੇ ਨਾ ਹੀ ਲਿਫਟਿੰਗ ਦਾ ਸਹੀ ਪ੍ਰਬੰਧ ਹੈ। ਉਨ੍ਹਾਂ ਕਿਹਾ ਕਿ ਜੇ ਮੰਡੀਆਂ ਵਿੱਚ ਕਿਸਾਨਾਂ ਦੀਆਂ ਸਮੱਸਿਆ ਨੂੰ ਦੂਰ ਨਾ ਕੀਤਾ ਗਿਆ ਤਾਂ ਉਹ ਮੰਡੀਆਂ ਵਿੱਚ ਆਕੇ ਧਰਨੇ ਲਾਉਣਗੇ।
ਸੁਨਾਮ ਊਧਮ ਸਿੰਘ ਵਾਲਾ (ਪੱਤਰ ਪੇ੍ਰਕ): ਸੁਨਾਮ ਵਿਖੇ ਰਿਲਾਇੰਸ ਦੇ ਟਰੈਂਡਜ਼ ਮਾਲ ਅੱਗੇ ਚੱਲ ਰਿਹਾ ਪੱਕਾ ਕਿਸਾਨੀ ਧਰਨਾ ਅੱਜ 207ਵੇਂ ਦਿਨ ਵਿਚ ਪਹੁੰਚ ਗਿਆ। ਧਰਨੇ ਵਿਚ ਰੋਜਾਨਾ ਸ਼ਾਮਲ ਹੋਣ ਵਾਲੇ ਧਰਨਾਕਾਰੀਆਂ ਦਾ ਉਤਸ਼ਾਹ ਉਵੇਂ ਹੀ ਬਰਕਰਾਰ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਵਿਚ ਚੱਲ ਰਹੇ ਇਸ ਧਰਨੇ ਦੀ ਖਾਸੀਆਤ ਇਹ ਹੈ ਕਿ ਸੰਘਰਸ਼ ਵਿਚ ਮਰਦਾਂ ਦੇ ਨਾਲ ਨਾਲ ਅ”ਰਤਾਂ ਦੀ ਸ਼ਮੂਲੀਅਤ ਵੀ ਮੱਠੀ ਨਹੀਂ ਪੈ ਰਹੀ। ਧਰਨੇ ਦੇ ਸ਼ੁਰੂ ਵਿਚ ਕੱਲ੍ਹ ਵਿਛੜ ਗਏ ਕਿਸਾਨ ਸਾਥੀ ਛੋਟਾ ਸਿੰਘ ਤੋਲਾਵਾਲ ਨੂੰ 1 ਮਿੰਟ ਦਾ ਮੋਨ ਰੱਖ ਕੇ ਸ਼ਰਧਾਂਜਲੀ ਦਿਤੀ ਗਈ। ਅੱਜ ਦੇ ਧਰਨੇ ਨੂੰ ਸੰਬੋਧਨ ਕਰਦਿਆਂ ਜਸਵੀਰ ਕੌਰ ਉਗਰਾਹਾਂ, ਸੁਖਪਾਲ ਮਾਣਕ ਕਣਕਵਾਲੀਆ, ਗੋਬਿੰਦ ਸਿੰਘ ਚੱਠੇ, ਰਾਮਪਾਲ ਸ਼ਰਮਾ ਸੁਨਾਮ, ਸੁਖਦੇਵ ਸਿੰਘ ਖਡਿਆਲ, ਸਰਦੂਲ ਸਿੰਘ ਜਵੰਧਾ, ਗੁਰਚਰਨ ਸਿੰਘ ਗੰਢੂਆਂ, ਮੇਵਾ ਸਿੰਘ ਖਡਿਆਲ ਕੋਠੇ, ਮੱਖਣ ਸਿੰਘ ਮੈਦੇਵਾਸ, ਲਾਭ ਸਿੰਘ ਜਵੰਧਾ, ਮਲਕੀਤ ਸਿੰਘ ਉਗਰਾਹਾਂ ਅਤੇ ਗੋਰਾ ਸਿੰਘ ਚੱਠਾ ਨੰਨਹੇੜਾ ਨੇ ਸੰਬੋਧਨ ਕੀਤਾ।