ਗੁਰਦੀਪ ਸਿੰਘ ਲਾਲੀ
ਸੰਗਰੂਰ, 11 ਮਈ
ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਰੋਸ ਧਰਨਿਆਂ ਦੌਰਾਨ ਕਿਸਾਨ ਜਥੇਬੰਦੀਆਂ ਨੇ ਕੇਂਦਰ ਸਰਕਾਰ ਖ਼ਿਲਾਫ਼ ਗਰਜਦਿਆਂ ਕਿਹਾ ਕਿ ਕਾਰਪੋਰੇਟ ਘਰਾਣਿਆਂ ਦੀ ਸੇਵਾਦਾਰੀ ਛੱਡ ਕੇ ਮੋਦੀ ਸਰਕਾਰ ਜਿਥੇ ਤਿੰਨੋਂ ਖੇਤੀ ਮਾਰੂ ਕਾਲੇ ਕਾਨੂੰਨ ਤੁਰੰਤ ਰੱਦ ਕਰੇ, ਉਥੇ ਕਰੋਨਾ ਮਹਾਮਾਰੀ ਦੌਰਾਨ ਲੋਕਾਂ ਨੂੰ ਸਿਹਤ ਸਹੂਲਤਾਂ ਦੇਣ ਵਿਚ ਬੁਰੀ ਤਰਾਂ ਫੇਲ੍ਹ ਸਾਬਤ ਹੋਈ ਸਰਕਾਰ ਆਪਣੀ ਨਾਕਾਮੀ ਦੀ ਜ਼ਿੰਮੇਵਾਰੀ ਲੈਂਦਿਆਂ ਤੁਰੰਤ ਸੱਤਾ ਤੋਂ ਲਾਂਭੇ ਹੋਵੇ। ਕਿਸਾਨ ਜਥੇਬੰਦੀਆਂ ਨੇ ਦੇਸ਼ ਦੇ ਲੋਕਾਂ ਨੂੰ ਭਾਜਪਾ ਸਰਕਾਰ ਖ਼ਿਲਾਫ਼ ਚੱਲ ਰਹੇ ਸੰਘਰਸ਼ ਵਿਚ ਇੱਕਜੁੱਟ ਹੋ ਕੇ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ। ਕਿਸਾਨ ਜਥੇਬੰਦੀਆਂ ਵਲੋਂ ਸਥਾਨਕ ਰੇਲਵੇ ਸਟੇਸ਼ਨ ਨੇੜੇ, ਜਦਕਿ ਭਾਕਿਯੂ ਏਕਤਾ ਉਗਰਾਹਾਂ ਵਲੋਂ ਭਾਜਪਾ ਆਗੂ ਸਤਵੰਤ ਸਿੰਘ ਪੂਨੀਆਂ ਦੇ ਘਰ ਅੱਗੇ ਅਤੇ ਰਿਲਾਇੰਸ ਪੰਪ ਖੇੜੀ ਅੱਗੇ ਰੋਸ ਧਰਨੇ ਜਾਰੀ ਹਨ। ਜਥੇਬੰਦੀਆਂ ਦੇ ਧਰਨੇ ਨੂੰ ਡਾ. ਹਰਪ੍ਰੀਤ ਕੌਰ ਖਾਲਸਾ, ਸਰਬਜੀਤ ਸਿੰਘ ਵੜੈਚ, ਇੰਦਰਪਾਲ ਸਿੰਘ ਪੁੰਨਾਂਵਾਲ, ਮਹਿੰਦਰ ਸਿੰਘ ਭੱਠਲ, ਸੁਖਦੇਵ ਸਿੰਘ ਸੰਗਰੂਰ, ਗੁਰਨਾਮ ਸਿੰਘ ਗਿੱਲ, ਮੱਘਰ ਸਿੰਘ ਉਭਾਵਾਲ, ਲੱਖਮੀ ਚੰਦ ਆਦਿ ਨੇ ਸੰਬੋਧਨ ਕੀਤਾ ਤੇ ਏਕਤਾ ਉਗਰਾਹਾਂ ਦੇ ਧਰਨਿਆਂ ਨੂੰ ਗੋਬਿੰਦਰ ਸਿੰਘ ਮੰਗਵਾਲ, ਸੋਮ ਨਾਥ ਸ਼ੇਰੋਂ, ਮਿੱਠੂ ਸਿੰਘ ਕਿਲਾਭਰੀਆਂ, ਸਰੂਪ ਚੰਦ ਕਿਲਾਭਰੀਆਂ, ਨਿਰਭੈ ਸਿੰਘ ਸ਼ੇਰੋਂ, ਲਾਲ ਸਿੰਘ ਬਡਰੁੱਖਾਂ, ਗੁਰਦੀਪ ਸਿੰਘ ਕੰਮੋਮਾਜਰਾ, ਕਰਮਜੀਤ ਮੰਗਵਾਲ, ਸਾਧੂ ਸਿੰਘ ਸ਼ੇਰੋਂ, ਬਲਜੀਤ ਕੌਰ ਬਾਲੀਆਂ, ਪਰਮਜੀਤ ਕੌਰ, ਬਲਜੀਤ ਕੌਰ ਕਿਲਾਭਰੀਆਂ ਆਦਿ ਨੇ ਸੰਬੋਧਨ ਕੀਤਾ। ਬੁਲਾਰਿਆਂ ਨੇ ਕਿਹਾ ਕਿ ਮੋਦੀ ਸਰਕਾਰ ਨੂੰ ਆਪਣੀ ਨਾਕਾਮੀ ਦੀ ਜ਼ਿੰਮੇਵਾਰੀ ਲੈਂਦਿਆਂ ਤੁਰੰਤ ਸੱਤਾ ਤੋਂ ਲਾਂਭੇ ਹੋ ਜਾਣਾ ਚਾਹੀਦਾ ਹੈ।
ਕਿਸਾਨਾਂ ਦਾ ਜਥਾ ਸਿੰਘੂ ਰਵਾਨਾ
ਘਨੌਰ (ਗੁਰਪ੍ਰੀਤ ਸਿੰਘ): ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਨੂੰ ਲੈ ਕੇ ਅਰੰਭੇ ਗਏ ਮੋਦੀ ਸਰਕਾਰ ਖਿਲਾਫ ਦਿੱਲੀਆਂ ਦੀਆਂ ਸਰਹੱਦਾਂ ’ਤੇ ਚੱਲ ਰਹੇ ਕਿਸਾਨ ਅੰਦੋਲਨ ਵਿੱਚ ਸ਼ਾਮਿਲ ਹੋਣ ਲਈ ਪਿੰਡ ਹਰਪਾਲਪੁਰ ਵਾਸੀ ਵੱਡੀ ਗਿਣਤੀ ਕਿਸਾਨ ਹਾੜ੍ਹੀ ਦੀ ਫਸਲ ਸਾਂਭਣ ਉਪਰੰਤ ਕਿਸਾਨ ਆਗੂਆਂ ਕਰਮ ਸਿੰਘ, ਸਾਹਿਬ ਸਿੰਘ, ਹਰਦੀਪ ਸਿੰਘ, ਰਣਧੀਰ ਸਿੰਘ, ਪਾਲ ਸਿੰਘ, ਬਲਜੀਤ ਸਿੰਘ ਦੀ ਅਗਵਾਈ ਵਿੱਚ ਕਿਸਾਨਾਂ ਦਾ 27ਵਾਂ ਜਥਾ ਅੰਦੋਲਨ ਵਿੱਚ ਸ਼ਾਮਿਲ ਹੋਣ ਲਈ ਦਿੱਲੀ ਦੇ ਸਿੰਘੂ ਬਾਰਡਰ ਲਈ ਰਵਾਨਾ ਹੋਇਆ।ਇਸ ਮੌਕੇ ਕਿਸਾਨ ਆਗੂਆਂ ਨੇ ਆਖਿਆ ਕਿ ਉਨ੍ਹਾਂ ਨੇ ਆਪਣੀ ਹਾੜ੍ਹੀ ਦੀ ਫਸਲ ਸਾਂਭ ਲਈ ਹੈ। ਤੇ ਹੁਣ ਕਿਸਾਨ ਅੰਦੋਲਨ ਵਿੱਚ ਫਤਿਹ ਪਾਉਣ ਲਈ ਦਿੱਲੀ ਦੇ ਸਿੰਘੂ ਬਾਰਡਰ ਦੇ ਕਿਸਾਨ ਅੰਦੋਲਨ ਵਿੱਚ ਸ਼ਾਮਿਲ ਹੋਣ ਲਈ ਜਾ ਰਹੇ ਹਾਂ। ਉਨ੍ਹਾਂ ਕਿਹਾ ਕਿ ਜਦੋਂ ਤੱਕ ਮੋਦੀ ਸਰਕਾਰ ਕਾਲੇ ਖੇਤੀ ਕਾਨੂੰਨ ਰੱਦ ਕਰਕੇ ਐੱਮ.ਐੱਸ.ਪੀ ਦੀ ਕਾਨੂੰਨੀ ਗਰੰਟੀ ਨਹੀਂ ਦਿੰਦੀ ਉਦੋਂ ਤੱਕ ਕਿਸਾਨ ਸੰਘਰਸ਼ ਜਾਰੀ ਰਹੇਗਾ।