ਰਮੇਸ਼ ਭਾਰਦਵਾਜ
ਲਹਿਰਾਗਾਗਾ, 24 ਅਪਰੈਲ
ਇਥੇ ਲਹਿਲ ਖੁਰਦ ਕੈਂਚੀਆਂ ਨੇੜੇ ਰਿਲਾਇੰਸ ਦੇ ਪੈਟਰੋਲ ਪੰਪ ’ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਲਹਿਰਾਗਾਗਾ ਦੇ ਪ੍ਰਧਾਨ ਧਰਮਿੰਦਰ ਸਿੰਘ ਪਿਸ਼ੌਰ ਦੀ ਅਗਵਾਈ ਹੇਠ ਧਰਨਾ 206ਵੇਂ ਦਿਨ ਵੀ ਜਾਰੀ ਰਿਹਾ। ਇੱਥੇ ਲੱਗੇ ਪੱਕੇ ਮੋਰਚੇ ਉਤੇ ਕਿਸਾਨ ਮਜ਼ਦੂਰ ਔਰਤਾਂ ਨੇ ਸ਼ਮੂਲੀਅਤ ਕੀਤੀ ਅਤੇ ਸਟੇਜ ਸੰਭਾਲੀ। ਮਹਿਲਾ ਕਿਸਾਨ ਆਗੂ ਬਲਜੀਤ ਕੌਰ ਲਹਿਲ ਕਲਾਂ, ਜਸਵਿੰਦਰ ਕੌਰ ਗਾਗਾ, ਜਸ਼ਨਦੀਪ ਕੋਰ ਪਿਸ਼ੌਰ, ਕਰਮਜੀਤ ਕੌਰ ਭੁਟਾਲ, ਮਨਪ੍ਰੀਤ ਕੌਰ ਭੁਟਾਲ ਕਲਾਂ ਨੇ ਕਿਹਾ ਕਿ ਕਣਕ ਦੀ ਵਢਾਈ ਦਾ ਕੰਮ ਮੁਕੰਮਲ ਹੋ ਚੁੱਕਿਆ ਹੈ ਅਤੇ ਕਿਸਾਨਾਂ ਨੇ ਤੂੜੀ-ਤੱਪਾ ਸੰਭਾਲ ਕੇ ਦਿੱਲੀ ਦੇ ਬਾਰਡਰਾਂ ਵੱਲ ਨੂੰ ਵਹੀਰਾਂ ਘੱਤ ਦਿੱਤੀਆਂ ਹਨ। ਇਸ ਮੌਕੇ ਸੂਬਾ ਸਿੰਘ ਸੰਗਤਪੁਰਾ, ਬਲਜੀਤ ਸਿੰਘ ਗੋਬਿੰਦਗੜ੍ਹ ਜੇਜੀਆਂ, ਕੁਲਦੀਪ ਸਿੰਘ ਰਾਮਗੜ੍ਹ ਸੰਧੂਆਂ ਨੇ ਲੋਕਾਂ ਨੂੰ ਅੰਦੋਲਨ ਵਿਚ ਹਿੱਸਾ ਲੈਣ ਦੀ ਅਪੀਲ ਕੀਤੀ।
ਧੂਰੀ (ਹਰਦੀਪ ਸਿੰਘ ਸੋਢੀ): ਕੇਂਦਰ ਸਰਕਾਰ ਵੱਲੋਂ ਲਿਆਂਦੇ ਖੇਤੀ ਕਾਨੂੰਨਾਂ ਤੇ ਹੋਰ ਮੰਗਾਂ ਨੂੰ ਮਨਾਉਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਲੱਡਾ ਟੌਲ ਪਲਾਜ਼ਾ ਕੋਲ ਲੱਗਿਆ ਧਰਨਾ ਰਾਮ ਸਿੰਘ ਕੱਕੜਵਾਲ, ਹਰਬੰਸ ਸਿੰਘ ਲੱਡਾ, ਦੀ ਅਗਵਾਈ ਵਿੱਚ 206ਵੇਂ ਦਿਨ ਵੀ ਜਾਰੀ ਰਿਹਾ। ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ, ਕਾਰਪੋਰੇਟ ਘਰਾਣਿਆਂ, ਵਿਰੁੱਧ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਗੁਰਜੀਤ ਸਿੰਘ ਲੱਡਾ, ਦਰਸ਼ਨ ਸਿੰਘ ਕਿਲ੍ਹਾ ਹਕੀਮਾਂ, ਜਸਪਾਲ ਸਿੰਘ ਪੇਧਨੀ, ਗੁਰਜੰਟ ਸਿੰਘ, ਮਹਿੰਦਰ ਸਿੰਘ ਭਸੋੜ, ਹਮੀਰ ਸਿੰਘ, ਭਰਪੂਰ ਸਿੰਘ, ਮਨਜੀਤ ਸਿੰਘ ਹਾਜ਼ਰ ਸਨ।
ਭਵਾਨੀਗੜ੍ਹ (ਮੇਜਰ ਸਿੰਘ ਮੱਟਰਾਂ): ਤਿੰਨ ਖੇਤੀ ਵਿਰੋਧੀ ਕਾਨੂੰਨਾਂ ਖ਼ਿਲਾਫ਼ ਟੌਲ ਪਲਾਜ਼ਿਆਂ ਤੇ ਪੈਟਰੋਲ ਪੰਪ ’ਤੇ 206 ਵੇਂ ਦਿਨ ਵੀ ਧਰਨੇ ਜਾਰੀ ਰਹੇ। ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੀ ਅਗਵਾਈ ਹੇਠ ਟੌਲ ਪਲਾਜ਼ਾ ਕਾਲਾਝਾੜ ਅਤੇ ਪੈਟਰੌਲ ਪੰਪ ਬਾਲਦ ਕਲਾਂ ਵਿੱਚ ਧਰਨੇ ਵਿੱਚ ਹਰਪਾਲ ਕੌਰ ਬਡਬਰ ਦੇ ਢਾਡੀ ਤੇ ਜਗਦੇਵ ਸਿੰਘ ਬਲਵੇੜਾ ਦੇ ਕਵੀਸ਼ਰੀ ਜੱਥਿਆਂ ਨੇ ਵੀਰ ਰਸੀ ਵਾਰਾਂ ਰਾਹੀਂ ਧਰਨਾਕਾਰੀਆਂ ਨੂੰ ਧੱਕੇਸ਼ਾਹੀ ਖ਼ਿਲਾਫ਼ ਲੜਾਈ ਨੂੰ ਹੋਰ ਤਿੱਖਾ ਕਰਨ ਲਈ ਪ੍ਰੇਰਿਆ। ਇਸ ਮੌਕੇ ਯੂਨੀਅਨ ਦੇ ਆਗੂ ਸੁਖਦੇਵ ਸਿੰਘ ਘਰਾਚੋਂ, ਮਹਿੰਦਰ ਸਿੰਘ ਲੱਖੇਵਾਲ ਨੇ ਸੰਬੋਧਨ ਕੀਤਾ। ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੀ ਅਗਵਾਈ ਹੇਠ ਭਵਾਨੀਗੜ੍ਹ-ਨਾਭਾ ਮੁੱਖ ਮਾਰਗ ’ਤੇ ਟੌਲ ਪਲਾਜ਼ਾ ਮਾਝੀ ਵਿੱਚ ਧਰਨੇ ਨੂੰ ਯੂਨੀਅਨ ਦੇ ਬਲਾਕ ਜਨਰਲ ਸਕੱਤਰ ਸੁਖਦੇਵ ਸਿੰਘ ਬਾਲਦ ਕਲਾਂ ਅਤੇ ਅੰਗਰੇਜ਼ ਸਿੰਘ ਮਾਝੀ ਨੇ ਸੰਬੋਧਨ ਕੀਤਾ।
ਗੋਦੀ ਮੀਡੀਆ ਦੇ ਕੂੜ ਪ੍ਰਚਾਰ ਦੀ ਨਿੰਦਾ
ਸੁਨਾਮ ਊਧਮ ਸਿੰਘ ਵਾਲਾ (ਬੀਰ ਇੰਦਰ ਸਿੰਘ ਬਨਭੌਰੀ): ਵੈਸੇ ਤਾਂ ਹਾੜ੍ਹੀ ਦੇ ਸੀਜ਼ਨ ਦਾ ਕਿਸਾਨੀ ਮੋਰਚਿਆਂ ’ਤੇ ਬਹੁਤਾ ਅਸਰ ਨਹੀਂ ਪਿਆ ਪਰ ਹਾੜ੍ਹੀ ਦਾ ਸੀਜਣ ਮੁੱਕਣ ਤੋਂ ਬਾਅਦ ਹੁਣ ਕਿਸਾਨੀ ਮੋਰਚਿਆਂ ਵਿਚ ਰੌਣਕਾਂ ਮੁੜ ਵਧਣੀਆਂ ਸ਼ੁਰੂ ਹੋ ਗਈਆਂ ਹਨ। ਸੁਨਾਮ ਵਿੱਚ ਰਿਲਾਇੰਸ ਦੇ ਟਰੈਂਡਜ਼ ਮਾਲ ਅੱਗੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਲਾਏ ਧਰਨੇ ਨੂੰ ਬੁਲਾਰਿਆਂ ਨੇ ਕਿਹਾ ਕਿ ਗੋਦੀ ਮੀਡੀਆ ਅੱਜ ਆ ਕੇ ਵੇਖ ਲਵੇ ਕਿ ਕਿਸਾਨਾਂ ਦਾ ਜੋਸ਼ ਦੂਣਾ ਹੋਇਆ ਹੈ। ਉਨ੍ਹਾਂ ਕਿਹਾ ਕਿ ਗੋਦੀ ਮੀਡੀਆ ਵੱਲੋਂ ਸਮੇਂ ਸਮੇਂ ’ਤੇ ਕੂੜ ਪ੍ਰਚਾਰ ਕਰਕੇ ਕਿਸਾਨੀ ਮੋਰਚੇ ਨੂੰ ਢਾਹ ਲਾਉਣ ਦੀ ਕੋਸ਼ਿਸ ਕੀਤੀ ਹੈ। ਅੱਜ ਦੇ ਧਰਨੇ ਨੂੰ ਗੋਬਿੰਦ ਸਿੰਘ ਚੱਠੇ, ਮਹਿੰਦਰ ਸਿੰਘ ਨਮੋਲ, ਰਾਮਸ਼ਰਨ ਸਿੰਘ ਉਗਰਾਹਾਂ ਸਮੇਤ ਕਈ ਬੀਬੀਆਂ ਨੇ ਵੀ ਸੰਬੋਧਨ ਕੀਤਾ।
ਕਿਸਾਨ ਆਗੂਆਂ ਵੱਲੋਂ ਸਿਆਸੀ ਪਾਰਟੀਆਂ ਤੋਂ ਸੁਚੇਤ ਰਹਿਣ ਦਾ ਸੱਦਾ
ਸੰਗਰੂਰ (ਗੁਰਦੀਪ ਸਿੰਘ ਲਾਲੀ): ਇਥੇ ਭਾਜਪਾ ਆਗੂ ਸਤਵੰਤ ਸਿੰਘ ਪੂਨੀਆਂ ਦੇ ਘਰ ਅੱਗੇ ਅਤੇ ਰਿਲਾਇੰਸ ਪੰਪ ਖੇੜੀ ਅੱਗੇ ਰੋਸ ਧਰਨੇ ਅੱਜ ਵੀ ਜਾਰੀ ਰਹੇ। ਭਾਕਿਯੂ ਏਕਤਾ ਉਗਰਾਹਾਂ ਦੇ ਆਗੂਆਂ ਗੋਬਿੰਦਰ ਸਿੰਘ ਮੰਗਵਾਲ, ਗੋਬਿੰਦਰ ਸਿੰਘ ਬਡਰੁੱਖਾਂ, ਗੁਰਦੀਪ ਸਿੰਘ ਕੰਮੋਮਾਜਰਾ, ਕਰਮਜੀਤ ਸਿੰਘ ਮੰਗਵਾਲ ਅਤੇ ਸਰੂਪ ਚੰਦ ਕਿਲਾਭਰੀਆਂ ਨੇ ਕਿਹਾ ਕਿ ਰਾਜਨੀਤਕ ਪਾਰਟੀਆਂ ਨੂੰ ਆਪਣੇ ਪੈਰਾਂ ਹੇਠੋਂ ਸਿਆਸੀ ਜ਼ਮੀਨ ਖੁਸ ਰਹੀ ਜਾਪ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਰਾਜਨੀਤਕ ਪਾਰਟੀਆਂ ਦੇ ਨੁਮਾਇੰਦੇ ਬੁਖਲਾਹਟ ਵਿਚ ਆ ਕੇ ਕਿਸਾਨ ਜਥੇਬੰਦੀਆਂ ਵਿਚ ਘੁਸਪੈਠ ਕਰਕੇ ਕਿਸਾਨ ਜਥੇਬੰਦੀਆਂ ਦੀ ਮਜ਼ਬੂਤ ਏਕਤਾ ਨੂੰ ਢਾਹ ਲਗਾਉਣ ਦੀ ਤਾਕ ਵਿਚ ਹਨ। ਉਨ੍ਹਾਂ ਕਿਸਾਨ ਸੰਘਰਸ਼ ਨਾਲ ਜੁੜੇ ਹਰ ਵਰਗ ਦੇ ਲੋਕਾਂ ਨੂੰ ਜਿਥੇ ਮਜ਼ਬੂਤ ਏਕਤਾ ਬਣਾਈ ਰੱਖਣ ਲਈ ਪ੍ਰੇਰਿਤ ਕੀਤਾ ਉਥੇ ਕਿਸਾਨਾਂ ਨੂੰ ਸੁਚੇਤ ਰਹਿਣ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਦਾਅਵਾ ਕੀਤਾ ਕਿ ਸਿਆਸੀ ਆਗੂਆਂ ਦਾ ਪਿੰਡਾਂ ਅਤੇ ਸ਼ਹਿਰਾਂ ਦੇ ਗਲੀ ਮੁਹੱਲਿਆਂ ਵਿਚ ਲੋਕਾਂ ਵਲੋਂ ਵਿਰੋਧ ਹੋ ਰਿਹਾ ਹੈ। ਕਿਸਾਨ ਅਨਾਜ਼ ਮੰਡੀਆਂ ਵਿਚ ਬਾਰਦਾਨੇ ਦੀ ਘਾਟ ਆਦਿ ਮਾੜੇ ਪ੍ਰਬੰਧਾਂ ਕਾਰਨ ਖੱਜਲ ਖੁਆਰ ਹੋ ਰਿਹਾ ਹੈ ਪਰੰਤੂ ਕਿਸੇ ਵੀ ਸਿਆਸੀ ਨੁਮਾਇੰਦੇ ਨੇ ਆ ਕੇ ਸਾਰ ਨਹੀਂ ਲਈ। ਇਸ ਕਰਕੇ ਸਿਆਸੀ ਪਾਰਟੀਆਂ ਤੋਂ ਸੁਚੇਤ ਰਹਿ ਕੇ ਸਿਰਫ਼ ਕਿਸਾਨ ਅੰਦੋਲਨ ਨੂੰ ਜਿੱਤ ਤੱਕ ਲਿਜਾਣ ਲਈ ਹੀ ਧਿਆਨ ਕੇਂਦਰਿਤ ਕੀਤਾ ਜਾਵੇ।